ਹੁਣ ਢੀਂਡਸਾ ਨੇ ਵੀ ਮੰਨਿਆ ਡੇਰਾ ਮੁਖੀ ਨੂੰ ਮੁਆਫੀ ਅਕਾਲੀ ਦਲ ਦੀ ਵੱਡੀ ਗਲਤੀ

Saturday, Mar 30, 2019 - 07:08 PM (IST)

ਹੁਣ ਢੀਂਡਸਾ ਨੇ ਵੀ ਮੰਨਿਆ ਡੇਰਾ ਮੁਖੀ ਨੂੰ ਮੁਆਫੀ ਅਕਾਲੀ ਦਲ ਦੀ ਵੱਡੀ ਗਲਤੀ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਸੰਭਾਵੀ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਮੰਨਿਆ ਹੈ ਕਿ ਡੇਰਾ ਮੁਖੀ ਨੂੰ ਮੁਆਫ਼ੀ ਦੇਣਾ ਵੱਡੀ ਗਲਤੀ ਸੀ। ਉਨ੍ਹਾਂ ਕਿਹਾ ਕਿ ਇਹ ਗੱਲ ਮੰਨਣ ਵਿਚ ਕੋਈ ਹਰਜ਼ ਨਹੀਂ ਕਿ ਸਰਕਾਰਾਂ ਕਈ ਵਾਰ ਗਲਤ ਫ਼ੈਸਲੇ ਵੀ ਲੈ ਲੈਂਦੀਆਂ ਹਨ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਹੁਣ ਇਸ ਮਸਲੇ 'ਤੇ ਬਹਿਸ ਦੀ ਲੋੜ ਨਹੀਂ ਹੈ। ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਬਹਿਬਲ ਕਲਾਂ ਤੇ ਬਰਗਾੜੀ ਕਾਂਡ ਬਾਰੇ ਸੱਚਾਈ ਹੌਲੀ-ਹੌਲੀ ਲੋਕਾਂ ਦੇ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਿੱਖ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਹੀਂ ਕਰ ਸਕਦਾ। 
ਉਨ੍ਹਾਂ ਕਿਹਾ ਕਿ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਨੇ ਅਕਾਲੀਆਂ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਐੱਸ. ਆਈ. ਟੀ. ਸਾਹਮਣੇ ਸੁਖਬੀਰ ਸਿੰਘ ਬਾਦਲ ਪੇਸ਼ ਹੋ ਕੇ ਆਪਣਾ ਪੱਖ ਰੱਖ ਚੁੱਕੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਨੇ ਇਹ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਉਹ ਕੋਈ ਮਾਨਤਾ ਨਹੀਂ ਦਿੰਦੇ। ਲੋਕ ਸਭਾ ਚੋਣ ਲੜਨ ਸਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਜੇ ਪਾਰਟੀ ਚੋਣ ਲੜਨ ਲਈ ਕਹੇਗੀ ਤਾਂ ਉਹ ਜ਼ਰੂਰ ਲੜਨਗੇ। ਢੀਂਡਸਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਉਹ ਹਰ ਧਰਮ ਨੂੰ ਮੰਨਣ ਵਾਲੇ ਵਿਅਕਤੀਆਂ ਕੋਲ ਵੋਟ ਮੰਗਣ ਜਾਣਗੇ ਪਰ ਕਿਸੇ ਡੇਰੇ 'ਤੇ ਬਿਲਕੁਲ ਨਹੀਂ।


author

Gurminder Singh

Content Editor

Related News