ਭ੍ਰਿਸ਼ਟਾਚਾਰ ਨੂੰ ਰੋਕਣ ਲਈ ਲੋਕਪਾਲ ਵੱਲੋਂ ਉੱਚ ਅਧਿਕਾਰੀਆਂ ਤੇ ਡਵੀਜ਼ਨਲ ਕਮਿਸ਼ਨਰਾਂ ਨਾਲ ਮੀਟਿੰਗ

Thursday, Jul 28, 2022 - 04:18 PM (IST)

ਭ੍ਰਿਸ਼ਟਾਚਾਰ ਨੂੰ ਰੋਕਣ ਲਈ ਲੋਕਪਾਲ ਵੱਲੋਂ ਉੱਚ ਅਧਿਕਾਰੀਆਂ ਤੇ ਡਵੀਜ਼ਨਲ ਕਮਿਸ਼ਨਰਾਂ ਨਾਲ ਮੀਟਿੰਗ

ਚੰਡੀਗੜ੍ਹ : ਜਸਟਿਸ ਵਿਨੋਦ ਕੁਮਾਰ ਸ਼ਰਮਾ, ਲੋਕਪਾਲ ਪੰਜਾਬ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਰਾਜ ਦੇ ਸਮੂਹ ਡਵੀਜ਼ਨਲ ਕਮਿਸ਼ਨਰਾਂ, ਸਥਾਨਕ ਸਰਕਾਰ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਉੱਚ ਅਫ਼ਸਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ ਹੈ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਪੰਜਾਬ ਲੋਕਪਾਲ ਐਕਟ-1996 ਅਧੀਨ ਕਿਸੇ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਭੇਜੇ ਗਏ ਨਮੂਨੇ ਅਨੁਸਾਰ ਵੱਡੇ-ਵੱਡੇ ਫਲੈਕਸ ਬੋਰਡ ਸਮੂਹ ਦਫ਼ਤਰਾਂ ਅਤੇ ਜਨਤਕ ਥਾਵਾਂ 'ਤੇ 15 ਦਿਨਾਂ ਦੇ ਅੰਦਰ ਅੰਦਰ ਲਗਾਏ ਜਾਣ।

ਇਹ ਫਲੈਕਸ ਬੋਰਡ ਸਮੂਹ ਮੰਡਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਉਪ ਮੰਡਲ ਅਫ਼ਸਰ, ਤਹਿਸੀਲਾਂ, ਡੀ. ਡੀ. ਪੀ. ਓ., ਬੀ. ਡੀ. ਪੀ. ਓ., ਨਗਰ ਸੁਧਾਰ ਟਰੱਸਟਾਂ, ਨਗਰ ਨਿਗਮਾਂ, ਨਗਰ ਕੌਂਸਲਾਂ ਆਦਿ ਦੇ ਦਫ਼ਤਰਾਂ ਅਤੇ ਹੋਰ ਜਨਤਕ ਥਾਂਵਾਂ 'ਤੇ ਲਗਾਏ ਜਾਣ ਦੀਆਂ ਹਦਾਇਤਾਂ ਦਿਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ 'ਚ ਪੰਜਾਬ ਲੋਕਪਾਲ ਐਕਟ ਸਬੰਧੀ ਜਾਗਰੂਕਤਾ ਫੈਲੇ ਕਿ ਉਹ ਕਿਹੜੇ ਨੁਮਾਇੰਦੇ, ਚੇਅਰਮੈਨ, ਮੇਅਰ, ਡਿਪਟੀ ਮੇਅਰ, ਨਗਰ ਕੌਂਸਲ/ਨਗਰ ਪੰਚਾਇਤਾਂ  ਦੇ ਪ੍ਰਧਾਨ, ਉਪ ਪ੍ਰਧਾਨ ਅਤੇ ਇਨ੍ਹਾਂ ਅਦਾਰਿਆਂ ਵਿਚ ਕੰਮ ਕਰਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ਼ ਕਿਸ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਆਉਂਦੇ ਸੂਬੇ ਦੇ ਸਮੂਹ ਦਫ਼ਤਰਾਂ ਅਤੇ ਜਨਤਕ ਥਾਵਾਂ 'ਤੇ ਵੀ ਫਲੈਕਸ ਬੋਰਡ 15 ਦਿਨਾਂ ਦੇ ਅੰਦਰ-ਅੰਦਰ ਲਗਾਏ ਜਾਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ, ਵਾਇਸ ਚੇਅਰਮੈਨ ਅਤੇ ਸੰਮਤੀ ਮੈਂਬਰਾਂ ਅਤੇ ਉਨ੍ਹਾਂ ਦੇ ਅਧੀਨ ਆਉਂਦੇ ਅਧਿਕਾਰੀਆਂ/ਮੁਲਾਜ਼ਮਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਾਉਣ ਬਾਰੇ ਲੋਕ ਜਾਗਰੂਕ ਹੋ ਸਕਣ।

ਇਸ ਤੋਂ ਇਲਾਵਾ ਕਿਸੇ ਵੀ ਸਰਕਾਰੀ ਕੰਪਨੀ ਦੇ ਚੇਅਰਮੈਨ, ਸੂਬੇ ਜਾਂ ਕੇਂਦਰੀ ਐਕਟ ਅਧੀਨ ਗਠਿਤ ਬੋਰਡਾਂ ਦੇ ਚੇਅਰਮੈਨਾਂ ਤੇ ਮੈਂਬਰਾਂ ਖ਼ਿਲਾਫ਼ ਅਤੇ ਹੋਰ ਨੁਮਾਇੰਦਿਆਂ ਖਿਲਾਫ ਵੀ ਲੋਕ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਜਸਟਿਸ ਸ਼ਰਮਾ ਨੇ ਮੀਟਿੰਗ ਦੌਰਾਨ ਇਹ ਵੀ ਕਿਹਾ ਕਿ ਬਹੁਤ ਸਾਰੇ ਲੋਕਾਂ 'ਚ ਜਾਗਰੂਕਤਾ ਦੀ ਘਾਟ ਹੋਣ ਕਰਕੇ ਇਹ ਜਾਣਕਾਰੀ ਨਹੀਂ ਹੈ ਕਿ ਲੋਕ ਨੁਮਾਇੰਦਿਆਂ ਖ਼ਿਲਾਫ਼ ਸ਼ਿਕਾਇਤ ਕਿਵੇਂ ਅਤੇ ਕਿੱਥੇ ਕਰਨੀ ਹੈ। ਵੱਡੇ-ਵੱਡੇ ਫਲੈਕਸ ਬੋਰਡ ਲਗਾਉਣ ਨਾਲ ਲੋਕ ਜਾਗਰੂਕ ਹੋਣਗੇ। ਭ੍ਰਿਸ਼ਟਾਚਾਰ ਨੂੰ ਰੋਕਣ ਲਈ ਲੋਕਪਾਲ ਪੰਜਾਬ ਦਾ ਦਫ਼ਤਰ ਬਹੁਤ ਕਾਰਗਰ ਸਿੱਧ ਹੋ ਸਕਦਾ ਹੈ, ਇਸ ਲਈ ਪਹਿਲਾਂ ਲੋਕਾਂ ਨੂੰ ਜਾਗਰੂਕ ਕਰਨਾ ਪਵੇਗਾ।

ਇਸ ਮਕਸਦ ਲਈ ਸਮੂਹ ਦਫ਼ਤਰਾਂ ਅਤੇ ਜਨਤਕ ਥਾਂਵਾਂ ‘ਤੇ ਲੱਗੇ ਫਲੈਕਸ ਬੋਰਡਾਂ ਨੂੰ ਪੜ੍ਹ ਕੇ ਲੋਕ ਜਾਣਕਾਰੀ ਹਾਸਲ ਕਰਕੇ ਆਪਣੀ ਸਮੱਸਿਆ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਣਗੇ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਭ੍ਰਿਸ਼ਟਾਚਾਰ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾਉਣ ਲਈ lokpal.punjab.gov.in ਵੈੱਬਸਾਈਟ ਤੋਂ ਪੂਰੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸ਼ਿਕਾਇਤ ਪੰਜਾਬ ਸਿਵਲ ਸਕੱਤਰੇਤ-2 , ਚੰਡੀਗੜ੍ਹ, ਲੋਕਪਾਲ ਪੰਜਾਬ ਦੇ ਦਫਤਰੀ ਕਮਰਾ ਨੰਬਰ 426/4 ਵਿਖੇ ਨਿੱਜੀ ਤੌਰ 'ਤੇ ਜਾਂ ਰਜਿਸਟਰਡ ਡਾਕ ਰਾਹੀਂ ਵੀ ਭੇਜੀ ਜਾ ਸਕਦੀ ਹੈ।
 


author

Babita

Content Editor

Related News