ਹੁਣ ਗੋਬਿੰਦ ਸਿੰਘ ਲੌਂਗੋਵਾਲ ਵੀ ਢੀਂਡਸਾ ‘ਤੇ ਵਰ੍ਹੇ
Saturday, Jan 18, 2020 - 04:50 PM (IST)
ਲੌਂਗੋਵਾਲ (ਵਸ਼ਿਸ਼ਟ, ਵਿਜੇ) : ਸ਼੍ਰੋਮਣੀ ਅਕਾਲੀ ਦਲ ਕਦੇ ਵੀ ਸਿਧਾਂਤਾਂ ਤੋਂ ਨਹੀਂ ਥਿੜਕਿਆ ਪਰ ਅਜਿਹੇ ਬੇਤੁਕੇ ਦੋਸ਼ ਲਗਾਉਣ ਵਾਲੇ ਸੁਖਦੇਵ ਸਿੰਘ ਢੀਂਡਸਾ ਨੇ ਹਮੇਸ਼ਾ ਹੀ ਸਿਧਾਂਤਾਂ ਤੋਂ ਉਲਟ ਚੱਲ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਹਰਾਉਣ ਵਿਚ ਕੋਈ ਕਸਰ ਨਹੀਂ ਛੱਡੀ। ਇੱਥੋਂ ਤੱਕ ਕਿ ਕਾਂਗਰਸ ਨੂੰ ਸਮਰਥਨ ਕਰਨ ਵਾਲੇ ਵਰਕਰਾਂ ਨੂੰ ਢੀਂਡਸਾ ਸਾਬ੍ਹ ਵੱਡੇ-ਵੱਡੇ ਅਹੁਦੇ ਦਿੰਦੇ ਰਹੇ ਹਨ ਅਤੇ ਅੱਜ ਸ਼੍ਰੋਮਣੀ ਅਕਾਲੀ ਦਲ ਤੇ ਸਿਧਾਂਤਾਂ ਦੇ ਦੋਸ਼ ਕਿਸ ਮੂੰਹ ਨਾਲ ਲਗਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ 2 ਫਰਵਰੀ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਸਬੰਧੀ ਰੱਖੀ ਹਲਕਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਗੱਲਬਾਤ ਕਰਦਿਆਂ ਕੀਤਾ। ਜ਼ਿਕਰਯੋਗ ਹੈ ਕਿ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸੁਖਦੇਵ ਸਿੰਘ ਢੀਂਡਸਾ ਨੂੰ ਨਿਸ਼ਾਨੇ ’ਤੇ ਲਿਆ ਗਿਆ ਸੀ।
ਭਾਈ ਲੌਂਗੋਵਾਲ ਨੇ ਕਿਹਾ ਕਿ ਢੀਂਡਸਾ ਨੂੰ ਮੇਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਜਾਣਾ ਵੀ ਪਸੰਦ ਨਹੀਂ ਸੀ ਆਇਆ। ਭਾਈ ਲੌਂਗੋਵਾਲ ਨੇ ਫਿਰ ਦੁਹਰਾਉਂਦੇ ਹੋਏ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨੂੰ ਵਾਰ-ਵਾਰ ਹਾਰਨ ਦੇ ਬਾਵਜੂਦ ਰਾਜ ਸਭਾ ਮੈਂਬਰ ਦੇ ਤੌਰ ’ਤੇ ਪਾਰਟੀ ਨੇ ਨਿਵਾਜਿਆ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ-ਭਾਜਪਾ ਸਰਕਾਰ ਹੁੰਦਿਆਂ ਵਜ਼ੀਰੀਆਂ ਦਾ ਖੁੱਲਾ ਆਨੰਦ ਮਾਣਿਆ ਪਰ ਜਦੋਂ ਅੱਜ ਸ਼੍ਰੋਮਣੀ ਅਕਾਲੀ ਦਲ ਸੱਤਾ ਤੋਂ ਬਾਹਰ ਹੈ ਤਾਂ ਅੱਜ ਇਨ੍ਹਾਂ ਨੂੰ ਸਿਧਾਂਤ ਯਾਦ ਆ ਗਏ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਅਸੀਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੁਝਾਅ ਦਿੱਤਾ ਸੀ ਕਿ ਸੁਖਦੇਵ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਾ ਦਿੱਤਾ ਜਾਵੇ ਪਰ ਬਾਦਲ ਸਾਹਿਬ ਨੇ ਕਿਹਾ ਕਿ ਰੌਲਾ ਮੇਰੀ ਪ੍ਰਧਾਨਗੀ ਦਾ ਨਹੀਂ ਤੁਹਾਡੇ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ਤੋਂ ਢੀਂਡਸਾ ਪਰਿਵਾਰ ਔਖਾ ਹੈ ।
ਇਸ ਤੋਂ ਪਹਿਲਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ 2 ਫਰਵਰੀ ਨੂੰ ਸੰਗਰੂਰ ਦੀ ਅਨਾਜ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਸਾਰੇ ਦਿੱਗਜ ਲੀਡਰ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਲੱਖਾਂ ਦੀ ਗਿਣਤੀ ਵਿਚ ਪਾਰਟੀ ਵਰਕਰ ਵੀ ਇਸ ਰੈਲੀ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਸ ਰੈਲੀ ਦੌਰਾਨ ਅਕਾਲੀ ਦਲ ਵਲੋਂ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਦਾ ਐਲਾਨ ਵੀ ਕੀਤਾ ਜਾਵੇਗਾ । ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਕਾਕਾ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਉਦੈ ਸਿੰਘ ਤੋਂ ਇਲਾਵਾ ਜਥੇਦਾਰ ਗੁਰਲਾਲ ਸਿੰਘ ਫਤਿਹਗੜ੍ਹ, ਦਲਜੀਤ ਸਿੰਘ ਸਿੱਧੂ, ਬਾਬਾ ਬਲਵਿੰਦਰ ਸਿੰਘ ਲੌਂਗੋਵਾਲ ਆਦਿ ਅਕਾਲੀ ਆਗੂ ਤੇ ਵਰਕਰ ਮੌਜੂਦ ਸਨ।