ਅਕਾਲੀ-ਭਾਜਪਾ ਸਰਕਾਰ ਸਮੇਂ ਦਿੱਤੀਆਂ ਗਈਆਂ ਸਹੂਲਤਾਂ ਕਾਂਗਰਸ ਨੇ ਕੀਤੀਆਂ ਬੰਦ : ਸੁਖਬੀਰ

Wednesday, Aug 21, 2019 - 11:29 AM (IST)

ਅਕਾਲੀ-ਭਾਜਪਾ ਸਰਕਾਰ ਸਮੇਂ ਦਿੱਤੀਆਂ ਗਈਆਂ ਸਹੂਲਤਾਂ ਕਾਂਗਰਸ ਨੇ ਕੀਤੀਆਂ ਬੰਦ : ਸੁਖਬੀਰ

ਲੌਂਗੋਵਾਲ(ਵਿਜੇ, ਵਸ਼ਿਸ਼ਟ) : ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ 34ਵੀਂ ਬਰਸੀ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਗਲਵਾਰ ਨੂੰ ਇੱਥੋਂ ਦੇ ਸ਼ਹੀਦ ਭਾਈ ਦਿਆਲ ਜੀ ਪਬਲਿਕ ਸਕੂਲ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਸਮਾਰੋਹ 'ਚ ਅਕਾਲੀ ਦਲ (ਬ) ਦੀ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ।

ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਅਤੇ ਪਵਿੱਤਰ ਗ੍ਰੰਥਾਂ ਦੀਆਂ ਝੂਠੀਆਂ ਸਹੁੰਆਂ ਖਾ ਕੇ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਈ ਹੈ। ਅਕਾਲੀ-ਭਾਜਪਾ ਸਰਕਾਰ ਸਮੇਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਮੰਚ ਤੋਂ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਸਿਰਫ ਇਕ ਆਗੂ ਹੀਂ ਨਹੀ ਸਨ ਸਗੋਂ ਉਨ੍ਹਾਂ ਨੇ ਗਰੀਬ ਅਤੇ ਮੱਧ ਵਰਗ ਦੇ 'ਚੋ ਵੱਡੇ-ਵੱਡੇ ਲੀਡਰ ਪੈਦਾ ਕੀਤੇ ਸਨ ਜੋ ਅੱਜ ਵੀ ਦੇਸ਼ ਦੇ ਹਿੱਤਾਂ ਲਈ ਸੰਘਰਸ਼ ਕਰ ਰਹੇ ਹਨ। ਅਕਾਲੀ ਵਿਧਾਇਕ ਦਲ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪੰਜਾਬ ਨਾਲ ਧੋਖਾ ਕੀਤਾ ਹੈ।

ਸੰਤ ਲੌਂਗੋਵਾਲ ਜੀ ਦੇ ਸ਼ਰਧਾਂਜਲੀ ਸਮਾਰੋਹ 'ਚ ਪਹਿਲੀ ਵਾਰ ਸ਼ਾਮਲ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੇ ਆਪਣੇ ਜੋਸ਼ਿਲੇ ਭਾਸ਼ਣ ਦੌਰਾਨ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਗੈਰ-ਜ਼ਿੰਮੇਵਾਰਾਨਾ ਨੀਤੀਆਂ ਕਾਰਣ ਹੀ ਪੰਜਾਬ ਵੀ ਹੜ੍ਹਾਂ ਦੇ ਵੱਡੇ ਸੰਕਟ 'ਚ ਆ ਗਿਆ ਹੈ। ਸੂਬੇ ਦਾ ਹੜ੍ਹਾਂ ਕਾਰਣ ਵੱਡੇ ਪੱਧਰ 'ਤੇ ਹੋ ਰਹੇ ਜਾਨੀ-ਮਾਲੀ ਨੁਕਸਾਨ ਦੇ ਬਾਵਜੂਦ ਕਾਂਗਰਸ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਇਸ ਮੌਕੇ ਸਾਬਕਾ ਮੰਤਰੀ ਮਹੇਸ਼ ਇੰਦਰ ਸਿੰਘ ਗਰੇਵਾਲ, ਹਰਿੰਦਰਪਾਲ ਸਿੰਘ ਚੰਦੂਮਾਜਰਾ ਐੱਮ. ਐੱਲ, ਏ. ਸਨੌਰ, ਜਥੇ. ਸੁਖਜੀਤ ਸਿੰਘ ਬਾਬਾ ਘਨੌਰਾ ਮੈਂਬਰ ਵਰਕਿੰਗ ਕਮੇਟੀ ਆਦਿ ਨੇ ਸੰਤ ਲੌਂਗੋਵਾਲ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਅਮਰਵੀਰ ਸਿੰਘ ਚੈਰੀ, ਰਾਜਿੰਦਰ ਦੀਪਾ, ਪਰਮਜੀਤ ਕੌਰ, ਹਾਕਮ ਸਿੰਘ ਗੰਡਾ ਸਿੰਘ ਵਾਲਾ, ਸਤਪਾਲ ਸਿੰਗਲਾ ਲਹਿਰਾ ਆਦਿ ਨੇ ਵੀ ਆਪਣੀ ਹਾਜ਼ਰੀ ਲਗਵਾਈ।


author

cherry

Content Editor

Related News