ਲੌਂਗੋਵਾਲ ਹਾਦਸਾ : ਪੀੜਤਾਂ ਦੇ ਇਨਸਾਫ ਲਈ 21 ਨੂੰ ਇਨਸਾਫ ਮਾਰਚ ਤੇ 22 ਨੂੰ ਰੋਸ ਮੁਜ਼ਾਹਰਾ

02/20/2020 6:12:17 PM

ਲੌਂਗੋਵਾਲ (ਵਸ਼ਿਸ਼ਟ) - ਲੌਂਗੋਵਾਲ ਵਿਖੇ ਵਾਪਰੇ ਸਕੂਲ ਵੈਨ ਅਗਨੀ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਅਧਿਕਾਰੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਵੱਖ-ਵੱਖ ਜਥੇਬੰਦੀਆਂ ਨੇ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਕਿਰਤੀ ਕਿਸਾਨ ਯੂਨੀਅਨ, ਡੈਮੋਕ੍ਰੇਟਿਕ ਟੀਚਰ ਫ਼ਰੰਟ, ਦੇਸ਼ ਭਗਤ ਯਾਦਗਾਰ ਕਮੇਟੀ ,ਤਰਕਸ਼ੀਲ ਸੁਸਾਇਟੀ ਪੰਜਾਬ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ,ਅਤੇ ਐੱਮ.ਸੀ.ਪੀ.ਆਈ ਵਲੋਂ ਬਣਾਈ ਗਈ ਸਾਂਝੀ ਐਕਸ਼ਨ ਕਮੇਟੀ ਵਲੋਂ 22 ਫਰਵਰੀ ਨੂੰ ਰੋਸ ਮੁਜ਼ਾਹਰਾ ਕਰਨ ਦਾ ਫ਼ੈਸਲਾ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਐਕਸ਼ਨ ਕਮੇਟੀ ਦਾ ਅਗਲਾ ਕਦਮ ਰਸਤਾ ਰੋਕੂ ਅੰਦੋਲਨ ਹੋਵੇਗਾ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਆਗੂ ਜਸਵਿੰਦਰ ਸਿੰਘ ਸੋਮਾ, ਰਣਜੀਤ ਸਿੰਘ, ਡੈਮੋਕਰੇਟਿਕ ਟੀਚਰਜ ਫਰੰਟ ਦੇ ਬਲਵੀਰ ਚੰਦ ਲੌਂਗੋਵਾਲ, ਦੇਸ਼ ਭਗਤ ਯਾਦਗਾਰ ਵਲੋਂ ਕਮਲਜੀਤ ਵਿੱਕੀ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜੁਝਾਰ ਲੌਂਗੋਵਾਲ ਆਦਿ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਪੀੜਤ ਪਰਿਵਾਰਾਂ ’ਤੇ ਜਾਣ ਬੁੱਝ ਕੇ ਦਬਾਅ ਬਣਾਇਆ ਜਾ ਰਿਹਾ ਹੈ । ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਨਾਲ ਪੀੜਤ ਪਰਿਵਾਰ ਸਹਿਮਤ ਹੋਣ ਜਾਂ ਨਾ ਹੋਣ ਪਰ ਸਾਡਾ ਸੰਘਰਸ਼ ਜਾਰੀ ਰਹੇਗਾ। ਇਹ ਸੰਘਰਸ਼ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਤੋਂ ਇਲਾਵਾ ਸੁੱਤੀ ਹੋਈ ਸਰਕਾਰ ਦੀ ਨੀਂਦ ਤੋੜਨ ਲਈ ਕੀਤਾ ਜਾ ਰਿਹਾ ਹੈ, ਤਾਂ ਜੋ ਭਵਿੱਖ ’ਚ ਅਜਿਹੀਆਂ ਘਟਨਾਵਾਂ ਨਾ ਵਾਪਰ ਸਕਣ। 

ਉਨ੍ਹਾਂ ਦੱਸਿਆ ਕਿ ਇਸ ਦਿਲ ਕੰਬਾਊ ਘਟਨਾ ਲਈ ਇੱਕਲਾ ਸਕੂਲ ਪ੍ਰਸ਼ਾਸਨ ਜ਼ਿੰਮੇਵਾਰ ਨਹੀਂ ਸਗੋਂ ਸਿਵਲ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵੀ ਜ਼ਿੰਮੇਵਾਰ ਹੈ। ਆਗੂਆਂ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਤੋਂ ਬਾਅਦ ਸਰਕਾਰ ਦੇ ਹੁਕਮਾਂ ’ਤੇ ਸੈਂਕੜੇ ਗੱਡੀਆਂ ਦੇ ਚਲਾਨ ਕੱਟੇ ਜਾ ਚੁੱਕੇ ਹਨ ਅਤੇ ਅਨੇਕਾਂ ਗੱਡੀਆਂ ਥਾਣੇ ਬੰਦ ਕਰ ਦਿੱਤੀਆਂ ਹਨ। ਇਸ ਤੋਂ ਸਰਕਾਰ ਦੀ ਪਿਛਲੀ ਨਾਲਾਇਕੀ ਸ਼ਰੇਆਮ ਜ਼ਾਹਿਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਨੀਵਾਰ 22 ਫਰਵਰੀ ਨੂੰ ਕੀਤੇ ਜਾ ਰਹੇ ਰੋਸ ਮੁਜ਼ਾਹਰੇ ’ਚ ਪੀੜਤ ਪਰਿਵਾਰਾਂ ਨੂੰ 50-50 ਲੱਖ ਰੁਪਏ ਦੀ ਸਹਾਇਤਾ, ਸਰਕਾਰੀ ਨੌਕਰੀਆਂ ਅਤੇ ਜ਼ਖ਼ਮੀਆਂ ਨੂੰ ਦੋ-ਦੋ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਤੋਂ ਇਲਾਵਾ ਜ਼ਿੰਮੇਵਾਰ ਪ੍ਰਸ਼ਾਸਨਿਕ ਅਧਿਕਾਰੀਆਂ ’ਤੇ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ ਜਾਵੇਗੀ। 


rajwinder kaur

Content Editor

Related News