ਸਾਬਕਾ ਕਾਂਗਰਸੀ ਵਿਧਾਇਕ ਮਦਨ ਜਲਾਲਪੁਰ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ, ਜਾਣੋ ਕੀ ਹੈ ਮਾਮਲਾ

02/28/2023 5:46:53 PM

ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਬਲਾਕ ਸ਼ੰਭੂ ਵਿਚ ਹੋਏ ਕਰੋੜਾਂ ਰੁਪਏ ਦੇ ਚਰਚਿਤ ਪੰਚਾਇਤੀ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਨਾਮਜ਼ਦ ਕੀਤਾ ਹੈ। ਪੰਜਾਬ ਸਰਕਾਰ ਨੇ ਸਾਬਕਾ ਵਿਧਾਇਕ ਜਲਾਲਪੁਰ ਖ਼ਿਲਾਫ਼ ਲੁੱਕ ਆਊਟ ਸਰਕੁਲਰ ਵੀ ਜਾਰੀ ਕਰ ਦਿੱਤਾ ਹੈ ਤਾਂ ਜੋ ਸਾਬਕਾ ਵਿਧਾਇਕ ਨੂੰ ਵਿਦੇਸ਼ ਜਾਣ ਤੋਂ ਰੋਕਿਆ ਜਾ ਸਕੇ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਏ ਜਾਣ ਦੀ ਵੱਖਰੀ ਪੜਤਾਲ ਵਿੱਢੀ ਹੋਈ ਹੈ। ਜਲਾਲਪੁਰ ਥੋੜ੍ਹਾ ਸਮਾਂ ਪਹਿਲਾਂ ਹੀ ਆਸਟਰੇਲੀਆ ਤੋਂ ਪਰਤੇ ਸਨ ਅਤੇ ਹੁਣ ਉਹ ਮੁੜ ਵਿਦੇਸ਼ ਜਾਣ ਦੀ ਤਿਆਰੀ ਵਿਚ ਸਨ ਪਰ ਸਰਕਾਰ ਨੇ ਸਾਰੇ ਹਵਾਈ ਅੱਡਿਆਂ ਨੂੰ ਜਲਾਲਪੁਰ ਬਾਰੇ ਲੁੱਕ ਆਊਟ ਸਰਕੁਲਰ ਜ਼ਰੀਏ ਸੂਚਿਤ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ’ਚ 2 ਧਿਰਾਂ ਵਿਚਕਾਰ ਖੂਨੀ ਝੜਪ, ਇੰਜੀਨੀਅਰਿੰਗ ਦੇ ਵਿਦਿਆਰਥੀ ਦਾ ਕਤਲ

ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਸਾਲ 2019 ਤੋਂ 2022 ਦੌਰਾਨ ਪੁੱਡਾ ਵੱਲੋਂ ਅੰਮ੍ਰਿਤਸਰ-ਕੋਲਕਾਤਾ ਏਕੀਕ੍ਰਿਤ ਕੌਰੀਡੋਰ ਲਈ ਬਲਾਕ ਸ਼ੰਭੂ ਦੇ ਪੰਜ ਪਿੰਡਾਂ ਆਕੜੀ, ਸੇਹਰਾ, ਸੇਹਰੀ, ਤਖਤੂਮਾਜਰਾ ਅਤੇ ਪੱਬਰਾ ਦੀ 1103 ਏਕੜ ਜ਼ਮੀਨ ਐਕੁਆਇਰ ਕੀਤੀ ਗਈ ਸੀ, ਜਿਸ ਦਾ ਕਰੀਬ 285 ਕਰੋੜ ਰੁਪਏ ਮੁਆਵਜ਼ਾ ਦਿੱਤਾ ਗਿਆ ਸੀ ਅਤੇ ਇਨ੍ਹਾਂ ਪਿੰਡਾਂ ਦੇ ਚਕੌਤੇਦਾਰਾਂ ਨੂੰ 97.8 ਕਰੋੜ ਰੁਪਏ ਵੱਖਰੇ ਮਿਲੇ ਸਨ। ਪੇਂਡੂ ਵਿਕਾਸ ਤੇ ਪੰਚਾਇਤ ਮਹਿਕਮੇ ਤੋਂ ਇਲਾਵਾ ਵਿਜੀਲੈਂਸ ਬਿਊਰੋ ਪਟਿਆਲਾ ਨੇ ਇਸ ਮਾਮਲੇ ਦੀ ਪੜਤਾਲ ਕੀਤੀ ਸੀ। ਵਿਜੀਲੈਂਸ ਰੇਂਜ ਪਟਿਆਲਾ ਨੇ 26 ਮਈ, 2022 ਨੂੰ ਐੱਫ. ਆਈ. ਆਰ. ਨੰਬਰ 12 ਦਰਜ ਕੀਤੀ ਸੀ ਅਤੇ ਹੁਣ ਤੱਕ ਇਸ ਕੇਸ ਵਿਚ ਸਰਕਾਰੀ ਤੇ ਪ੍ਰਾਈਵੇਟ 34 ਵਿਅਕਤੀ ਨਾਮਜ਼ਦ ਕੀਤੇ ਹਨ ਅਤੇ ਇਨ੍ਹਾਂ ਵਿੱਚ 10 ਪ੍ਰਾਈਵੇਟ ਫ਼ਰਮਾਂ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ : ਗੋਇੰਦਵਾਲ ਸਾਹਿਬ ਜੇਲ੍ਹ ਗੈਂਗਵਾਰ ’ਤੇ ਡੀ. ਜੀ. ਪੀ. ਦੀ ਵੱਡੀ ਕਾਰਵਾਈ, ਚੁੱਕਿਆ ਇਹ ਸਖ਼ਤ ਹੁਕਮ

ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਕਰੋੜਾਂ ਰੁਪਏ ਦੀ ਮੁਆਵਜ਼ਾ ਰਾਸ਼ੀ ਨਾਲ ਜੋ ਵਿਕਾਸ ਕੰਮ ਕਰਾਏ ਗਏ ਹਨ, ਉਨ੍ਹਾਂ ਵਿਚ ਕਰੋੜਾਂ ਰੁਪਏ ਦਾ ਗ਼ਬਨ ਅਤੇ ਬੇਨਿਯਮੀਆਂ ਕੀਤੀਆਂ ਗਈਆਂ ਹਨ। ਹਾਲਾਂਕਿ ਹਾਈਕੋਰਟ ਵੱਲੋਂ ਮੁਆਵਜ਼ਾ ਰਾਸ਼ੀ ਵਰਤਣ ’ਤੇ ਰੋਕ ਲਗਾਏ ਜਾਣ ਦੀ ਵੀ ਖ਼ਬਰ ਹੈ। ਹਲਕਾ ਘਨੌਰ ਦੇ ਪਿੰਡਾਂ ਵਿਚ ਇਹ ਕਰੋੜਾਂ ਰੁਪਏ ਦਾ ਘੁਟਾਲਾ ਹੋਇਆ ਹੈ। ਅਹਿਮ ਸੂਤਰਾਂ ਅਨੁਸਾਰ ਇਕ ਪ੍ਰਾਈਵੇਟ ਫ਼ਰਮ ਦੇ ਠੇਕੇਦਾਰ ਨੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਹਿੱਸਾ ਦਿੱਤੇ ਜਾਣ ਦੀ ਗੱਲ ਕਬੂਲੀ ਹੈ।

ਇਹ ਵੀ ਪੜ੍ਹੋ : 3 ਮਾਰਚ ਨੂੰ ਹੋਵੇਗਾ ਪੰਜਾਬ ਬਜਟ ਇਜਲਾਸ, ਗਵਰਨਰ ਨੇ ਦਿੱਤੀ ਮਨਜ਼ੂਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh