ਫ਼ਰਾਰ ਗੈਂਗਸਟਰ ਦੀਪਕ ਟੀਨੂੰ ਖ਼ਿਲਾਫ਼ ਲੁੱਕ ਆਊਟ ਨੋਟਿਸ, CM ਮਾਨ ਬੋਲੇ-ਜਲਦ ਹੋਵੇਗਾ ਸਲਾਖ਼ਾਂ ਪਿੱਛੇ

10/04/2022 12:01:57 PM

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਪੰਜਾਬ ਵਿਧਾਨ ਸਭਾ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਸ ਹਿਰਾਸਤ 'ਚੋਂ ਫ਼ਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੈਂਗਸਟਰ ਨੂੰ ਫੜ੍ਹਨ ਲਈ ਆਪਰੇਸ਼ਨ ਜਾਰੀ ਹੈ। ਉਹ ਜਲਦੀ ਹੀ ਸਲਾਖ਼ਾਂ ਪਿੱਛੇ ਹੋਵੇਗਾ। ਉਸ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਅਤੇ ਨੇਪਾਲ ਬਾਰਡਰ ’ਤੇ ਸਖ਼ਤੀ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੈਂਗਸਟਰ ਦੇ ਫ਼ਰਾਰ ਹੋਣ ’ਤੇ ਸਰਕਾਰ ਨੂੰ ਘੇਰਦਿਆਂ ਵਿਗੜਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਸਵਾਲਾਂ ਦੇ ਜਵਾਬ ਦਿੱਤੇ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਉੱਠਿਆ ਗੈਂਗਸਟਰ ਦੀਪਕ ਟੀਨੂੰ ਦਾ ਮੁੱਦਾ, ਹੰਗਾਮੇ ਦੌਰਾਨ ਭਰੋਸਗੀ ਮਤੇ 'ਤੇ ਬਹਿਸ ਜਾਰੀ

ਦੂਜੇ ਪਾਸੇ ਲਾਪਰਵਾਹੀ ਵਰਤਣ ਵਾਲੇ ਪੁਲਸ ਅਧਿਕਾਰੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਪੁਲਸ ਅਧਿਕਾਰੀ ਪ੍ਰਿਤਪਾਲ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ ਅਤੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਅਦਾਲਤ ਰਾਹੀਂ 7 ਅਕਤੂਬਰ ਤੱਕ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਸੂਬੇ 'ਚ ਗੈਂਗਸਟਰਵਾਦ ਲਈ ਸਾਬਕਾ ਅਕਾਲੀ ਅਤੇ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਗੈਂਗਸਟਰ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਪੈਦਾ ਨਹੀਂ ਹੋਏ, ਇਹ ਪਿਛਲੀਆਂ ਸਰਕਾਰਾਂ ਵਲੋਂ ਦਿੱਤੀ ਸ਼ਰਨ ਕਾਰਨ ਸਮਾਜ ਲਈ ਖ਼ਤਰਾ ਬਣ ਗਏ ਹਨ।

ਇਹ ਵੀ ਪੜ੍ਹੋ : ਨੀਂਦ ਦੀਆਂ ਗੋਲੀਆਂ ਖੁਆ ਕੇ ਲੁੱਟ ਨੂੰ ਦਿੱਤਾ ਅੰਜਾਮ, ਓਵਰਡੋਜ਼ ਕਾਰਨ ਬਜ਼ੁਰਗ ਦੀ ਮੌਤ

ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਇਕ ਦੁਖਦਾਈ ਘਟਨਾ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੁਲਸ ਨੇ ਹੁਣ ਤੱਕ 36 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਿਸ 'ਚ 4 ਸ਼ਾਰਪ ਸ਼ੂਟਰਾਂ ਸਮੇਤ 28 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਵਚਨਬੱਧ ਹੈ। ਮਾਨ ਨੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਜਲਦੀ ਤੋਂ ਜਲਦੀ ਮੁਕੰਮਲ ਕਰਨ ਲਈ ਕਿਹਾ ਹੈ ਤਾਂ ਜੋ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita