ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਬਾਦਲਾਂ ਤੋਂ ਆਜ਼ਾਦ ਕਰਵਾਏ ਜਾਣਗੇ : ਢੀਂਡਸਾ

01/25/2020 10:02:42 AM

ਲੁਧਿਆਣਾ (ਪਾਲੀ, ਮੁੱਲਾਂਪੁਰੀ) : ਲੁਧਿਆਣਾ ਦੇ ਮਾਡਲ ਟਾਊਨ ਜੰਞਘਰ ਵਿਚ ਸਫਰ-ਏ-ਅਕਾਲੀ ਲਹਿਰ ਦੀ ਆਰੰਭਤਾ ਤਹਿਤ ਹੋਏ ਇਕੱਠ 'ਚ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਹਰਸੁਖਵਿੰਦਰ ਸਿੰਘ ਬੱਬੀ ਬਾਦਲ ਨੇ ਅਕਾਲੀ ਦਲ (ਬਾਦਲ) 'ਤੇ ਤਿੱਖੇ ਸਿਆਸੀ ਹਮਲੇ ਬੋਲੇ ਹਨ। ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਸਮੇਤ ਸਿੱਖ ਵਿੱਦਿਅਕ ਅਦਾਰਿਆਂ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾਉਣ ਦਾ ਸਿੱਖ ਸੰਗਤਾਂ ਨੂੰ ਸੱਦਾ ਦਿੱਤਾ ਹੈ। ਇਸ ਮੀਟਿੰਗ ਦਾ ਆਯੋਜਨ ਇੰਟਰਨੈਸ਼ਨਲ ਸਿੱਖ ਫੈੱਡਰੇਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਖਾਲਸਾ, ਭਾਈ ਮੇਜਰ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਰੱਖਿਆ ਗਿਆ ਸੀ।

ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਅਤੇ ਸੇਖਵਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਪਾਰਟੀ 'ਚ ਰਹਿ ਕੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵਲੋਂ ਲਾਈ ਜਾ ਰਹੀ ਢਾਹ ਬਾਰੇ ਹਮੇਸ਼ਾ ਵਿਰੋਧ ਕੀਤਾ ਗਿਆ ਪਰ ਉਨ੍ਹਾਂ ਦੀ ਸੁਣੀ ਨਹੀਂ ਗਈ। ਉਨ੍ਹਾਂ ਬਾਦਲ ਪਰਿਵਾਰ 'ਤੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਰਾਜ ਵਿਚ ਚਿੱਟੇ ਅਤੇ ਰੇਤ-ਬੱਜਰੀ ਰਾਹੀਂ ਧਨ ਇਕੱਠਾ ਕੀਤਾ ਜਾਂਦਾ ਰਿਹਾ। ਉਨ੍ਹਾਂ ਕਿਹਾ ਕਿ ਸਿਰਸੇ ਵਾਲੇ ਨੂੰ ਬਿਨਾਂ ਮੰਗੇ ਮੁਆਫੀ ਦਿੱਤੀ ਗਈ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਕੁਝ ਨਹੀਂ ਕਿਹਾ ਗਿਆ। ਮਨਜੀਤ ਸਿੰਘ ਨੇ ਕਿਹਾ ਕਿ ਅੱਜ ਅਕਾਲੀ ਦਲ ਇੰਨੇ ਨਿਘਾਰ 'ਚ ਚਲਾ ਗਿਆ ਹੈ ਕਿ ਉਨ੍ਹਾਂ ਨੂੰ ਪਹਿਲਾਂ ਪੰਜਾਬ 'ਚ ਮੂੰਹ ਦੀ ਖਾਣੀ ਪਈ ਤੇ ਹੁਣ ਦਿੱਲੀ 'ਚ ਭਾਜਪਾ ਨੇ ਬਾਹਰ ਦਾ ਰਸਤਾ ਵਿਖਾ ਦਿੱਤਾ ਪਰ ਬਾਦਲ ਪਰਿਵਾਰ ਜ਼ਲੀਲ ਹੋ ਕੇ ਵੀ ਭਾਜਪਾ ਦਾ ਸਾਥ ਛੱਡਣ ਦੀ ਗੱਲ ਨਹੀਂ ਕਰ ਰਿਹਾ। ਇਸ ਮੌਕੇ ਸਾਰੇ ਆਗੂਆਂ ਨੂੰ ਫੈੱਡਰੇਸ਼ਨ ਵਲੋਂ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ।

ਇਸ ਮੌਕੇ ਜਸਪਾਲ ਸਿੰਘ, ਬਲਜੀਤ ਸਿੰਘ ਬੀਤਾ, ਗੁਰਦੇਵ ਸਿੰਘ, ਜਗਮੀਤ ਸਿੰਘ, ਹਰਜੀਤ ਸਿੰਘ, ਦਿਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਮਿੰਕੂ, ਮਨਜੀਤ ਸਿੰਘ ਬਾਜਵਾ, ਚਰਨਜੀਤ ਸਿੰਘ, ਅਵਤਾਰ ਸਿੰਘ ਅਤੇ ਮਨਿੰਦਰ ਸਿੰਘ ਵਿਰਦੀ ਹਾਜ਼ਰ ਸਨ।

cherry

This news is Content Editor cherry