ਘਰੇਲੂ ਕਲੇਸ਼ ਕਾਰਨ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
Sunday, Aug 02, 2026 - 08:48 PM (IST)
ਲੁਧਿਆਣਾ (ਅਨਿਲ)- ਥਾਣਾ ਮੇਹਰਬਾਨ ਅਧੀਨ ਆਉਂਦੇ ਪਿੰਡ ਸੀੜਾ ਵਿਚ ਇਕ ਵਿਅਕਤੀ ਵੱਲੋਂ ਆਪਣੇ ਘਰੇਲੂ ਕਲੇਸ਼ ਕਾਰਨ ਅੱਜ ਸਵੇਰ ਆਪਣੇ ਹੀ ਘਰ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਮੁਖੀ ਇੰਸਪੈਕਟਰ ਜਗਦੀਪ ਸਿੰਘ ਗਿੱਲ ਤੇ ਜਾਂਚ ਅਧਿਕਾਰੀ ਥਾਣੇਦਾਰ ਰਾਜੀਵ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਅੱਜ ਸਵੇਰ 8.30 ਵਜੇ ਸੂਚਨਾ ਮਿਲੀ ਕਿ ਪਿੰਡ ਸੀੜਾ ਵਿਚ ਇਕ ਵਿਅਕਤੀ ਵੱਲੋਂ ਆਪਣੇ ਹੀ ਘਰ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਤੁਰੰਤ ਮੌਕੇ ’ਤੇ ਪੁੱਜੀ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਮਲਕੀਤ ਸਿੰਘ ਵਜੋਂ ਕੀਤੀ ਗਈ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਗੁਰਜੀਤ ਸਿੰਘ ਦੀ ਮਾਤਾ ਸੁਖਜੀਤ ਕੌਰ ਤੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਉਂਦੇ ਦੱਸਿਆ ਕਿ ਉਸ ਦੇ ਬੇਟੇ ਗੁਰਜੀਤ ਸਿੰਘ ਦੀ ਪਤਨੀ ਪਰਮਿੰਦਰ ਕੌਰ, ਬੇਟਾ ਜਸ਼ਨਪ੍ਰੀਤ ਸਿੰਘ ਅਤੇ ਸਾਲੇ ਗੁਰਜਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਬੀਤੀ ਰਾਤ ਉਸ ਦੇ ਬੇਟੇ ਦੇ ਨਾਲ ਗਾਲੀ ਗਲੋਚ ਕਰਦੇ ਉਸ ਦੀ ਕੁੱਟਮਾਰ ਕੀਤੀ ਗਈ ਜਿਸ ਤੋਂ ਬਾਅਦ ਉਸ ਦੇ ਬੇਟੇ ਗੁਰਜੀਤ ਸਿੰਘ ਨੇ ਜ਼ਿੱਲਤ ਮਹਿਸੂਸ ਕਰਦੇ ਘਰ ਦੇ ਅੰਦਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਗੁਰਜੀਤ ਸਿੰਘ ਦੀ ਮਾਤਾ ਸੁਖਜੀਤ ਕੌਰ ਦੀ ਸ਼ਿਕਾਇਤ ’ਤੇ ਉਕਤ ਮੁਲਜ਼ਮਾਂ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਹਾਲ ਦੀ ਘੜੀ ਸਾਰੇ ਮੁਲਜ਼ਮ ਫਰਾਰ ਹਨ ਜਿਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
