ਪੰਜਾਬ ਰੋਡਵੇਜ਼ ਤੇ ਪਨਬੱਸ ਮੁਲਾਜ਼ਮਾਂ ਨੇ ਬੱਸ ਅੱਡਾ ਬੰਦ ਕਰਕੇ ਕੱਢੀ ਰੋਸ ਰੈਲੀ, ਖੱਜਲ-ਖੁਆਰ ਹੋਏ ਮੁਸਾਫ਼ਰ

07/26/2021 4:41:29 PM

ਲੁਧਿਆਣਾ (ਮੋਹਿਨੀ) : ਆਪਣੀਆਂ ਜਾਇਜ਼ ਮੰਗਾ ਨੂੰ ਲੈ ਕੇ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੀ. ਆਰ. ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੇ ਲੁਧਿਆਣਾ ਦਾ ਬੱਸ ਅੱਡਾ ਬੰਦ ਕਰਕੇ ਰੋਸ ਰੈਲੀ ਕੱਢੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਨੇਂ ਸਮੂਹ ਕੱਚੇ ਮੁਲਾਜ਼ਮਾਂ ਨੂੰ ਪਹਿਲੀ ਵਾਰ ਕੈਬਨਿਟ ਵਿੱਚ ਪੱਕਾ ਕਰਨ ਦਾ ਵਾਅਦਾ ਚੋਣਾਂ ਤੋਂ ਪਹਿਲਾਂ ਕੀਤਾ ਸੀ ਪਰ ਅੱਜ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਅਦ  ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ ਡਾਂਗਾਂ ਨਾਲ ਕੁੱਟਿਆ ਜਾ ਰਿਹਾ ਹੈ। ਢਿੱਲੋਂ ਨੇ ਕਿਹਾ ਕਿ ਬਠਿੰਡਾ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਸ਼ਾਂਤ ਰੋਸ ਪ੍ਰਦਰਸ਼ਨ ਕਰਦੇ ਮੁਲਾਜ਼ਮਾਂ 'ਤੇ ਲਾਠੀਚਾਰਜ ਕਰਕੇ ਇਹ ਸਾਬਿਤ ਕੀਤਾ ਗਿਆ ਹੈ ਕਿ ਸਰਕਾਰ ਸਾਰੇ ਵਾਅਦਿਆਂ ਤੋਂ ਭੱਜੀ ਹੈ ਅਤੇ ਪੰਜਾਬ ਦੇ ਲੋਕਾਂ ਦਾ ਮੌਜੂਦਾ ਸਰਕਾਰ ਕੋਲ ਕੋਈ ਹੱਲ ਨਹੀਂ ਹੈ, ਸਰਕਾਰ ਸਾਰੇ ਪਾਸਿਓਂ ਫੇਲ੍ਹਾ ਹੋ ਚੁੱਕੀ ਹੈ।ਇਸ ਮੌਕੇ ਚੈਅਰਮੈਨ ਗੁਰਵਿੰਦਰ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਬੜੈਚ ਨੇ ਮੰਗ ਕੀਤੀ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਵਿੱਚ ਘੱਟੋ-ਘੱਟ 10 ਹਜ਼ਾਰ ਬੱਸਾਂ ਪਾਈਆਂ ਜਾਣ। ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿੱਚ ਪੱਕੇ ਕੀਤਾ ਜਾਵੇ। ਮਾਣਯੋਗ ਸੁਪਰੀਮ ਕੋਰਟ ਦਾ ਫ਼ੈਸਲਾ ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕੀਤੀ  ਜਾਵੇ। ਰਿਪੋਰਟਾ ਦੀਆਂ ਕੰਡੀਸ਼ਨਾ ਰੱਦ ਕਰਕੇ ਮੁਲਾਜ਼ਮ ਬਹਾਲ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਹੜਤਾਲ ਦੇ ਸਬੰਧ ਵਿੱਚ 1 ਜੁਲਾਈ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ ਸੀ, ਜਿਸ ਵਿੱਚ ਮੰਤਰੀ ਵਲੋਂ ਯੂਨੀਅਨ ਤੋਂ ਪ੍ਰਪੋਜ਼ਲ ਮੰਗਿਆ ਗਿਆ ਸੀ ਅਤੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ 26 ਦਿਨ ਬੀਤ ਜਾਣ ਦੇ ਬਾਵਜੂਦ ਕੋਈ ਹੱਲ ਨਹੀਂ ਹੋਇਆ. ਜਿਸ ਕਾਰਨ ਅੱਜ ਯੂਨੀਅਨ ਨੇ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ ਕਰਕੇ ਧਰਨੇ ਦਿੱਤੇ। 

ਉਨ੍ਹਾਂ ਕਿਹਾ ਕਿ 3-4 ਅਗਸਤ ਨੂੰ ਸਮੂਹ ਬੱਸ ਅੱਡੇ ਬੰਦ ਕਰਕੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਜੇਕਰ ਸਰਕਾਰ ਨੇ ਫਿਰ ਵੀ ਕੋਈ ਹੱਲ ਨਾ ਕੱਢਿਆ ਤਾਂ 9-10-11 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਕੈਪਟਨ ਅਮਰਿੰਦਰ ਸਿੰਘ ਜਾਂ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਜੇਕਰ ਫਿਰ ਵੀ ਹੱਲ ਨਾ ਕੀਤਾ ਗਿਆ ਤਾਂ ਅਗਲਾ ਐਕਸ਼ਨ ਅਣਮਿੱਥੇ ਸਮੇਂ ਦੀ ਹੜਤਾਲ ਕਰਕੇ ਤਿੱਖਾ ਸੰਘਰਸ਼ ਹੋਵੇਗਾ। ਇਸ ਮੌਕੇ ਜਤਿੰਦਰ ਸਿੰਘ, ਗੁਰਮੇਲ ਸਿੰਘ, ਸਤੀਸ਼ ਕੁਮਾਰ ਮੌਜੂਦ ਸਨ।
 


Babita

Content Editor

Related News