ਲੁਧਿਆਣਾ ਦੇ ਕਾਰੋਬਾਰੀਆਂ ਦੀ ਪੁਲਸ ਕਮਿਸ਼ਨਰ ਨਾਲ ਮੁਲਾਕਾਤ, ਦਿੱਤੀ ਚਿਤਾਵਨੀ

01/20/2020 4:08:40 PM

ਲੁਧਿਆਣਾ (ਨਰਿੰਦਰ) : ਲੁਧਿਆਣਾ 'ਚ ਬੀਤੇ ਦਿਨੀਂ ਜੀ. ਐੱਸ. ਟੀ. ਅਧਿਕਾਰੀਆਂ ਦੀ ਸਿਫਾਰਿਸ਼ ਤੋਂ ਬਾਅਦ ਕੁਝ ਕਾਰੋਬਾਰੀਆਂ 'ਤੇ ਪਰਚਾ ਦਰਜ ਕਰਨ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਕਾਰੋਬਾਰੀਆਂ ਵੱਲੋਂ ਇਕੱਠੇ ਹੋ ਕੇ ਸੋਮਵਾਰ ਨੂੰ ਪੁਲਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪੁਲਸ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦੁਆਇਆ ਕਿ ਕਿਸੇ ਵੀ ਕਾਰੋਬਾਰੀ ਦੀ ਗ੍ਰਿਫਤਾਰੀ ਨਹੀਂ ਹੋਵੇਗੀ।

ਵਪਾਰ ਮੰਡਲ ਪੰਜਾਬ ਦੇ ਪ੍ਰਧਾਨ ਸੁਨੀਲ ਮਹਿਰਾ ਨੇ ਦੱਸਿਆ ਇਹ ਧੱਕੇਸ਼ਾਹੀ ਕਾਰੋਬਾਰੀ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਲੋੜ ਪਈ ਤਾਂ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 8 ਕਾਰੋਬਾਰੀਆਂ 'ਤੇ ਨਾਜਾਇਜ਼ ਪਰਚੇ ਦਰਜ ਕੀਤੇ ਗਏ ਹਨ। ਉੱਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਹੈ ਕਿ ਜੀ. ਐੱਸ. ਟੀ. ਅਧਿਕਾਰੀ ਬਿਨਾਂ ਕਾਰਨ ਕਾਰੋਬਾਰੀਆਂ ਨੂੰ ਤੰਗ-ਪਰੇਸ਼ਾਨ ਕਰ ਰਹੇ ਹਨ, ਜਦੋਂ ਕਿ ਕਾਰੋਬਾਰੀ ਹੀ ਸਰਕਾਰ ਦੇ ਖਜ਼ਾਨੇ 'ਚ ਵੱਡਾ ਯੋਗਦਾਨ ਪਾਉਂਦੇ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜੀ. ਐੱਸ. ਟੀ. ਅਧਿਕਾਰੀਆਂ ਵੱਲੋਂ ਗਾਰਮੈਂਟ ਫੈਕਟਰੀ 'ਤੇ ਛਾਪੇਮਾਰੀ ਕੀਤੀ ਗਈ ਸੀ ਅਤੇ ਫੈਕਟਰੀ ਦੇ ਮਾਲਕ ਰਾਜੇਸ਼ ਮਹਾਜਨ ਅਤੇ ਵਿਨੀਤ ਰਾਏ 'ਤੇ ਪਰਚਾ ਦਰਜ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਵਪਾਰ ਮੰਡਲ ਭੜਕ ਗਿਆ। ਇਸ ਦੇ ਮੱਦੇਨਜ਼ਰ ਕਾਰੋਬਾਰੀਆਂ ਵੱਲੋਂ ਇੱਕਜੁੱਟ ਹੋ ਕੇ ਦਰੇਸੀ ਥਾਣੇ ਦੇ ਬਾਹਰ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ ਸੀ। ਅੱਜ ਫਿਰ ਇਸ ਮਾਮਲੇ 'ਤੇ ਵਪਾਰੀ ਵਰਗ ਨੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ।


Babita

Content Editor

Related News