ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਸ਼ੀ ਨਹੀਂ ਬਖਸ਼ੇ ਜਾਣਗੇ : ਰਵਨੀਤ ਬਿੱਟੂ
Monday, Feb 11, 2019 - 09:07 PM (IST)

ਮੁੱਲਾਂਪੁਰ ਦਾਖਾ, (ਕਾਲੀਆ)- ਲੁਧਿਆਣਾ ਵਿਖੇ ਵਾਪਰੀ ਸਮੂਹਿਕ ਜਬਰ-ਜ਼ਨਾਹ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਇਸ ਘਟਨਾ ਦੇ ਦੋਸ਼ੀ ਕਿਸੇ ਵੀ ਹੀਲੇ ਬਖ਼ਸ਼ੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਉਹ ਇਸ ਸੰਬੰਧੀ ਮਾਮਲੇ ਦੀ ਜਾਂਚ ਕਰ ਰਹੇ ਸੀਨੀਅਰ ਪੁਲਸ ਅਧਿਕਾਰੀਆਂ ਦੇ ਸੰਪਰਕ ਵਿਚ ਹਨ।
ਬਿੱਟੂ ਨੇ ਕਿਹਾ ਕਿ ਇਹ ਸਮੂਹਿਕ ਜਬਰ ਜਨਾਹ ਦੀ ਘਟਨਾ ਮਨੁੱਖਤਾ ਲਈ ਸਭ ਤੋਂ ਘਿਨਾਉਣੀ ਹਰਕਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਹ ਕੋਸ਼ਿਸ਼ ਕੀਤੀ ਜਾਵੇਗੀ ਕਿ ਦੋਸ਼ੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਸਲਾਖ਼ਾਂ ਪਿੱਛੇ ਭੇਜਿਆ ਜਾਵੇ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੀਡ਼ਤਾਂ ਅਤੇ ਉਸਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਮੁਡ਼ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰਕੇ ਜੇਲ੍ਹ ਭੇਜਿਆ ਜਾਵੇਗਾ।