ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ, ਜ਼ਿਲ੍ਹਾ ਮੋਗਾ ’ਚ ਮੈਜਿਸਟ੍ਰੇਟ ਵਲੋਂ ਹੁਕਮ ਜਾਰੀ

Sunday, Jun 13, 2021 - 06:33 PM (IST)

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ, ਜ਼ਿਲ੍ਹਾ ਮੋਗਾ ’ਚ ਮੈਜਿਸਟ੍ਰੇਟ ਵਲੋਂ ਹੁਕਮ ਜਾਰੀ

ਮੋਗਾ (ਗੋਪੀ ਰਾਊਕੇ, ਬਿੰਦਾ) : ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ’ਚ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ, ਇਹ ਆਦੇਸ਼ 31 ਜੁਲਾਈ 2021 ਤੱਕ ਲਾਗੂ ਰਹਿਣਗੇ। ਦਰਿਆ ਸਤਲੁਜ ਵਿਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ ’ਤੇ ਪਾਬੰਦੀ ਦੇ ਹੁਕਮ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਧਰਮਕੋਟ ਸਬ-ਡਿਵੀਜ਼ਨ ਅੰਦਰ ਦਰਿਆ ਸਤਲੁਜ ਅਤੇ ਨਾਲ ਲੱਗਦੇ ਪਿੰਡਾਂ ਵਿਚ ਨਿਯਮਾਂ ਵਿਰੁੱਧ ਨਾਜਾਇਜ਼ ਤੌਰ ’ਤੇ ਰੇਤੇ ਅਤੇ ਮਿੱਟੀ ਦੀ ਨਿਕਾਸੀ ਲਗਾਤਾਰ ਸਮਾਜ ਵਿਰੋਧੀ ਤੱਤਾਂ ਵੱਲੋਂ ਕੀਤੀ ਜਾ ਰਹੀ ਹੈ। ਅਜਿਹਾ ਕਰਨ ਨਾਲ ਜਿੱਥੇ ਦਰਿਆ ਦੇ ਬੰਧ ਅਤੇ ਪੁਲਾਂ ਨੂੰ ਖਦਸ਼ਾ ਪੈਦਾ ਹੁੰਦਾ ਹੈ, ਉੱਥੇ ਜਾਨੀ-ਮਾਲੀ ਨੁਕਸਾਨ ਵੀ ਹੋ ਸਕਦਾ ਹੈ, ਇਸ ਲਈ ਸਰਕਾਰ ਵੱਲੋਂ ਪ੍ਰਵਾਨਿਤ ਖੱਡਾਂ ਤੋਂ ਇਲਾਵਾ ਸਤਲੁਜ ਦਰਿਆ ਵਿਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿਚ ਰੇਤਾ ਅਤੇ ਮਿੱਟੀ ਦੀ ਨਿਕਾਸੀ ਕਰਨ ਲਈ ਵਰਤੀਆਂ ਜਾਣ ਵਾਲੀਆਂ ਜੇ. ਸੀ. ਬੀ. ਮਸ਼ੀਨਾਂ, ਪੌਪਲਾਈਨ ਮਸ਼ੀਨਾਂ, ਟਰੱਕ ਅਤੇ ਟਰਾਲੀਆਂ ਆਦਿ ਦਰਿਆ ਸਤਲੁਜ ਅੰਦਰ ਅਤੇ ਦਰਿਆ ਦੇ ਬੰਧ ਤੋਂ ਬਾਹਰ 500 ਮੀਟਰ ਘੇਰੇ ਦੇ ਅੰਦਰ ਲਿਆਉਣ ’ਤੇ ਪਾਬੰਦੀ ਲਗਾਈ ਗਈ ਹੈ।

ਇਹ ਵੀ ਪੜ੍ਹੋ : ਲੁਧਿਆਣਾ ਜ਼ਿਲ੍ਹੇ ਦਾ ਇਹ ਪਿੰਡ ਬਣਿਆ ਮਿਸਾਲ, 18 ਸਾਲ ਤੋਂ ਵੱਧ ਦੇ ਹਰ ਵਿਅਕਤੀ ਨੇ ਲਗਾਈ ਵੈਕਸੀਨ

ਵਾਹਨਾਂ ਨੂੰ ਰਿਫਲੈਕਟਰ ਤੋਂ ਬਿਨਾਂ ਚਲਾਉਣ ’ਤੇ ਰੋਕ
ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿਨ੍ਹਾਂ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਅਜਿਹੇ ਵਾਹਨਾਂ ਨੂੰ ਰਿਫਲੈਕਟਰ ਤੋਂ ਬਿਨਾਂ ਚਲਾਉਣ ’ਤੇ ਰੋਕ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਵਾਹਨ ਅਕਸਰ ਐਕਸੀਡੈਂਟ ਦਾ ਕਾਰਣ ਬਣਦੇ ਹਨ। ਇਸ ਨਾਲ ਜਿੱਥੇ ਮਾਲੀ ਅਤੇ ਜਾਨੀ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਆਮ ਜਨਤਾ ਵਿਚ ਅਸ਼ਾਂਤੀ ਅਤੇ ਅਮਨ ਭੰਗ ਹੋਣ ਦਾ ਖਤਰਾ ਪੈਦਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਇਨ੍ਹਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚਲਾਏਗਾ।

ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
ਜ਼ਿਲ੍ਹੇ’ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ, ਬਿਨਾਂ ਅਗੇਤਰੀ ਪ੍ਰਵਾਨਗੀ ਧਾਰਮਿਕ ਜਲੂਸ ਕੱਢਣ ਅਤੇ ਪ੍ਰਚਾਰ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਿਰਫ਼ ਵਿਸ਼ੇਸ਼ ਹਾਲਤ ਜਾਂ ਮੌਕਿਆਂ ’ਤੇ ਪ੍ਰਬੰਧਕਾਂ ਵੱਲੋਂ ਲਿਖਤੀ ਬੇਨਤੀ ਕਰਨ ’ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕੱਢੇ ਜਾ ਸਕਦੇ ਹਨ, ਇਹ ਹੁਕਮ ਪੁਲਸ/ਆਰਮੀ, ਮਿਲਟਰੀ ਅਮਲਾ, ਡਿਊਟੀ ’ਤੇ ਕੋਈ ਸਰਕਾਰੀ ਸੇਵਕ, ਮਾਤਮੀ ਜਲੂਸ ਵਿਆਹ ਵਗੈਰਾ ’ਤੇ ਲਾਗੂ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖਬਰ, ਹੁਣ ਇੰਨੇ ਦਿਨ ਬਾਅਦ ਲਗਵਾ ਸਕਦੇ ਹੋ ਦੂਜੀ ਡੋਜ਼

ਮਕਾਨ ਮਾਲਕਾਂ ਵੱਲੋਂ ਕਿਰਾਏਦਾਰਾਂ ਦੀ ਸੂਚਨਾ ਆਪਣੇ ਨਜ਼ਦੀਕੀ ਥਾਣੇ ’ਚ ਦਰਜ ਕਰਾਉਣ ਦੇ ਹੁਕਮ
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਮਕਾਨ ਮਾਲਕਾਂ ਵੱਲੋ ਆਪਣੇ ਘਰਾਂ ਵਿਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ ਅਤੇ ਨੌਕਰ ਰੱਖੇ ਜਾਂਦੇ ਹਨ, ਉਨ੍ਹਾਂ ਦੀ ਸੂਚਨਾ ਸਬੰਧਤ ਥਾਣੇ ਵਿਚ ਨਹੀਂ ਦਿੱਤੀ ਜਾਂਦੀ। ਇਸ ਲਈ ਵਧਦੇ ਜੁਰਮਾਂ ਨੂੰ ਰੋਕਣ ਲਈ ਜ਼ਿਲ੍ਹੇ ਦੇ ਸਮੂਹ ਮਕਾਨ ਮਾਲਕਾਂ ਨੁੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ ’ਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜ਼ਦੀਕੀ ਥਾਣੇ ਵਿਚ ਦਰਜ ਕਰਾਉਣ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਵੀ ਯਕੀਨੀ ਬਨਾਉਣ। ਅਜਿਹਾ ਨਾ ਕਰਨ ਦੀ ਸੂਰਤ ’ਚ ਮਕਾਨ ਮਾਲਕ ਵਿਰੁੱਧ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

ਸ਼ਹਿਰ ਦੇ ਮੇਨ ਬਾਜ਼ਾਰ ’ਚ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ
ਸ਼ਹਿਰ ਦੇ ਮੇਨ ਬਾਜ਼ਾਰ (ਲਾਈਟਾਂ ਵਾਲਾ ਚੌਂਕ ਤੋਂ ਦੇਵ ਹੋਟਲ, ਚੌਂਕ ਤੱਕ) ਭਾਰੀ ਵਾਹਨਾਂ ਦੀ ਐਂਟਰੀ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਚਾਲੂ ਰੱਖਣ ਨਾਲ ਜਿੱਥੇ ਆਮ ਪਬਲਿਕ ਨੂੰ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਵਾਹਨ ਇਕ ਦੂਸਰੇ ਤੋਂ ਅੱਗੇ ਕੱਢਣ ਦੀ ਮਨਸ਼ਾ ਕਰ ਕੇ ਤਕਰਾਰਬਾਜ਼ੀ ਦੀ ਸਥਿਤੀ ਵੀ ਬਣਨ ਦਾ ਖਦਸ਼ਾ ਰਹਿੰਦਾ ਹੈ। ਇਸ ਲਈ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਇਹ ਵਾਹਨ ਇਸ ਸਮੇਂ ਜੀ. ਟੀ. ਰੋਡ ਰਾਹੀ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ/ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਦੇ ਸਾਹਮਣੇ ਗਲੀ ਨੰ. 9 ਰਾਹੀਂ ਦੇਵ ਹੋਟਲ ਚੌਂਕ ਜਾਇਆ ਕਰਨਗੇ।

ਇਹ ਵੀ ਪੜ੍ਹੋ : ਕੈਪਟਨ ਨੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦਾ ਮੁਲਾਂਕਣ ਕਰਨਾ ਕੀਤਾ ਸ਼ੁਰੂ

ਮੋਗਾ ਸ਼ਹਿਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ’ਚ ਕੱਚੀਆਂ ਖੂਹੀਆਂ ਪੁੱਟਣ ’ਤੇ ਪਾਬੰਦੀ
ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਕੱਚੀਆਂ ਖੂਹੀਆਂ ਪੁੱਟਣ ਕਰ ਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਣ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਕਰਨ ਲਈ ਮੋਗਾ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਮੋਗਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ/ਪੁਟਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਪਿੰਡਾਂ ਅਤੇ ਸ਼ਹਿਰਾਂ ’ਚ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼
ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡਾਂ ਵਿਚ ਚੋਰੀਆਂ ਅਤੇ ਹੋਰ ਭੰਨਤੋੜ ਦੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ, ਜਿਨ੍ਹਾਂ ਨਾਲ ਲੋਕਾਂ ਦੇ ਜਾਨ ਮਾਲ ਨੂੰ ਨੁਕਸਾਨ ਪਹੁੰਚਣ ’ਤੇ ਠੇਸ ਲੱਗਣ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਤੋਂ ਇਲਾਵਾ ਕੁਝ ਸ਼ਰਾਰਤੀ ਅਨਸਰਾਂ ਵੱਲੋ ਪਾਵਰ ਗਰਿੱਡ, ਸਟੋਰ, ਸਬ-ਸਟੇਸ਼ਨ, ਹਾਈ ਪਾਵਰ ਟਰਾਂਸਮਿਸ਼ਨ ਲਾਈਨਾਂ ਅਤੇ ਬਿਜਲੀ ਬੋਰਡ ਦੀ ਜਾਂ ਹੋਰ ਸਰਕਾਰੀ ਪ੍ਰਾਪਰਟੀ ਨੂੰ ਵੀ ਵੱਡੇ ਪੱਧਰ ਤੇ ਨੁਕਸਾਨ ਪਹੁੰਚਾਉਣ ਦਾ ਖਦਸ਼ਾ ਹੈ। ਇਸ ਲਈ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਠੀਕਰੀ ਪਹਿਰਾ ਲਗਾਉਣ ਦਾ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਠੀਕਰੀ ਪਹਿਰਾ ਲਗਵਾਉਣ ਲਈ ਪਿੰਡਾਂ ਵਿਚ ਪਿੰਡ ਦਾ ਸਰਪੰਚ ਅਤੇ ਸ਼ਹਿਰੀ ਇਲਾਕੇ ਵਿਚ ਆਪਣੇ-ਆਪਣੇ ਵਾਰਡ ਦੇ ਮਿਊਂਸੀਪਲ ਕੌਂਸਲਰ ਨੂੰ ਜ਼ਿੰਮੇਵਾਰੀ ਦੇਣ ਲਈ ਕਿਹਾ ਗਿਆ ਹੈ।

ਰਾਤ 10 ਤੋਂ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਕੇ ਚਲਾਉਣ ’ਤੇ ਪਾਬੰਦੀ
ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਇਕ ਪਟੀਸ਼ਨ ਵਿਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਰਾਤ ਦੇ 10 ਤੋਂ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਕਿਆਂ ਨੂੰ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਸਿਰਫ਼ ਰੰਗ ਪੈਦਾ ਕਰਨ ਵਾਲੇ ਪਟਾਕਿਆਂ ’ਤੇ ਲਾਗੂ ਨਹੀਂ ਹੋਵੇਗੀ। ਜ਼ਿਲ੍ਹੇ ਵਿਚ ਕਿਸੇ ਵੀ ਥਾਂ ’ਤੇ ਚਲਾਏ ਜਾ ਰਹੇ ਲਾਊਡ ਸਪੀਕਰ, ਪਬਲਿਕ ਐਡਰੈਸ ਸਿਸਟਮ ਆਦਿ ਦੀ ਆਵਾਜ਼ ਸੀਮਾ 10 ਡੀ. ਬੀ.(ਏ) ਅਤੇ 75 (ਏ) (ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰ ਅਨੁਸਾਰ) ਤੋਂ ਵੱਧ ਨਹੀਂ ਹੋਵੇਗੀ। ਰਾਤ ਦੇ 10 ਤੋਂ ਸਵੇਰੇ 6 ਵਜੇ ਤੱਕ ਢੋਲ, ਡਰੱਮ ਅਤੇ ਹੋਰ ਕਿਸੇ ਤਰ੍ਹਾਂ ਦੀ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਨੂੰ ਵਜਾਉਣ ’ਤੇ (ਜਨ ਹਿੱਤ ਐਮਰਜੈਂਸੀ ਦੇ ਹਾਲਾਤ ਨੂੰ ਛੱਡ ਕੇ) ਪਾਬੰਦੀ ਹੋਵੇਗੀ। ਰਾਤ ਦੇ 10 ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਇਲਾਕਿਆਂ ਵਿਚ ਕਿਸੇ ਤਰ੍ਹਾਂ ਦੇ ਹਾਰਨ ਨੂੰ ਵਜਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਪਰੈਸ਼ਰ ਹਾਰਨ/ਹੂਟਰ ਅਤੇ ਹੋਰ ਅਜਿਹੇ ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ (ਨਿਰਧਾਰਿਤ ਸੀਮਾਂ ਤੋਂ ਵੱਧ) ਨੂੰ ਵਜਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ।

ਇਹ ਵੀ ਪੜ੍ਹੋ : ਬੰਦ ਕਾਰ ’ਚੋਂ ਮਿਲੀ ਨੌਜਵਾਨ ਦੀ ਲਾਸ਼, ਨਸ਼ਾ ਛੱਡਣ ਲਈ ਖਾ ਰਿਹਾ ਸੀ ਦਵਾਈ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News