ਸੜਕ ਹਾਦਸੇ ''ਚ ਮੁੰਡੇ ਦੀ ਦਰਦਨਾਕ ਮੌਤ! ਪਰਿਵਾਰ ਵੱਲੋਂ ਇਨਸਾਫ਼ ਮਿਲਣ ਤਕ ਸਸਕਾਰ ਨਾ ਕਰਨ ਦਾ ਐਲਾਨ

Monday, Nov 09, 2026 - 08:19 PM (IST)

ਸੜਕ ਹਾਦਸੇ ''ਚ ਮੁੰਡੇ ਦੀ ਦਰਦਨਾਕ ਮੌਤ! ਪਰਿਵਾਰ ਵੱਲੋਂ ਇਨਸਾਫ਼ ਮਿਲਣ ਤਕ ਸਸਕਾਰ ਨਾ ਕਰਨ ਦਾ ਐਲਾਨ

ਮਹਿਲ ਕਲਾਂ (ਹਮੀਦੀ)- ਲੁਧਿਆਣਾ-ਬਠਿੰਡਾ ਮੁੱਖ ਮਾਰਗ ’ਤੇ ਕਸਬਾ ਮਹਿਲ ਕਲਾਂ ਵਿਖੇ ਇੱਕ ਹੋਟਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਨੇ ਮਹਿਲ ਕਲਾਂ ਦੇ ਇੱਕ ਪਰਿਵਾਰ ਦੀਆਂ ਖ਼ੁਸ਼ੀਆਂ ਉਜਾੜ ਦਿੱਤੀਆਂ ਹਨ। ਬੀਤੀ 7 ਨਵੰਬਰ ਦੀ ਸ਼ਾਮ ਨੂੰ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿੱਚ ਆ ਕੇ ਗੰਭੀਰ ਜ਼ਖ਼ਮੀ ਹੋਏ ਮਹਿਲ ਕਲਾਂ ਵਾਸੀ ਮਨਜਿੰਦਰ ਸਿੰਘ (35) ਪੁੱਤਰ ਕੌਰਾ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਪ੍ਰਗਟ ਸਿੰਘ ਪੁੱਤਰ ਕਰਮ ਸਿੰਘ ਅਜੇ ਵੀ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਵਿਚਕਾਰ ਜੂਝ ਰਿਹਾ ਹੈ। ਉੱਧਰ, ਹਾਦਸੇ ਤੋਂ ਬਾਅਦ ਕਾਰ ਸਮੇਤ ਫ਼ਰਾਰ ਹੋਏ ਚਾਲਕ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਮਨਜਿੰਦਰ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।

‎ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲ ਕਲਾਂ ਦੀ ਸੋਢੇ ਪੱਤੀ ਦਾ ਰਹਿਣ ਵਾਲਾ ਮਨਜਿੰਦਰ ਸਿੰਘ ਆਪਣੇ ਸਾਥੀ ਪ੍ਰਗਟ ਸਿੰਘ ਨਾਲ ਮੋਟਰਸਾਈਕਲ ’ਤੇ ਕਿਸੇ ਨਿੱਜੀ ਕੰਮ ਲਈ ਜਾ ਰਿਹਾ ਸੀ। ਜਦੋਂ ਉਹ ਲੁਧਿਆਣਾ-ਬਠਿੰਡਾ ਮੁੱਖ ਮਾਰਗ ’ਤੇ ਇੱਕ ਹੋਟਲ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਲਪੇਟ ਵਿੱਚ ਲੈ ਲਿਆ। ਹਾਦਸਾ ਇਨਾ  ਭਿਆਨਕ ਸੀ ਕਿ ਦੋਵੇਂ ਨੌਜਵਾਨ ਸੜਕ ’ਤੇ ਕਾਫ਼ੀ ਦੂਰ ਜਾ ਡਿੱਗੇ ਅਤੇ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
‎
‎ਰਾਹਗੀਰਾਂ ਦੀ ਮਦਦ ਨਾਲ ਦੋਵਾਂ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਮਨਜਿੰਦਰ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਏਮਸ ਬਠਿੰਡਾ ਵਿਖੇ ਰੈਫ਼ਰ ਕੀਤਾ ਗਿਆ, ਜਿੱਥੇ ਕਈ ਦਿਨ ਇਲਾਜ ਅਧੀਨ ਰਹਿਣ ਤੋਂ ਬਾਅਦ ਉਸ ਨੇ ਦਮ ਤੋੜ ਦਿੱਤਾ। ਦੂਜੇ ਜ਼ਖ਼ਮੀ ਪ੍ਰਗਟ ਸਿੰਘ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
‎
‎ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਮਹਿਲ ਕਲਾਂ ਸਮੇਤ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਇਸ ਦੁੱਖ ਦੀ ਘੜੀ ਵਿੱਚ ਗ੍ਰਾਮ ਪੰਚਾਇਤ ਦੇ ਸਰਪੰਚ ਸਰਬਜੀਤ ਸਿੰਘ ਸ਼ੰਭੂ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਹਰਜੀਤ ਸਿੰਘ ਖਿਆਲੀ, ਪ੍ਰਸਿੱਧ ਰਾਗੀ ਭਾਈ ਜਗਸੀਰ ਸਿੰਘ ਖ਼ਾਲਸਾ ਅਤੇ ਕਿਸਾਨ ਆਗੂ ਮਲਕੀਤ ਸਿੰਘ ਮੀਤਾ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਦੀ ਜਲਦ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
‎
‎ਇਸ ਮਾਮਲੇ ਨੂੰ ਲੈ ਕੇ ਪੀੜਤ ਪਰਿਵਾਰ ਅਤੇ ਨਗਰ ਵਾਸੀਆਂ ਵਿੱਚ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਨਾਰਾਜ਼ਗੀ ਪਾਈ ਜਾ ਰਹੀ ਹੈ। ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਹਾਦਸੇ ਦੇ ਦੋਸ਼ੀ ਕਾਰ ਚਾਲਕ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।
‎
‎ਇਸ ਸਬੰਧੀ ਥਾਣਾ ਮਹਿਲ ਕਲਾਂ ਦੀ ਐੱਸ.ਐੱਚ.ਓ. ਇੰਸਪੈਕਟਰ ਕਮਲਜੀਤ ਕੌਰ ਨੇ ਦੱਸਿਆ ਕਿ ਪੁਲਿਸ ਵੱਲੋਂ ਹਾਦਸੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਘਟਨਾ ਸਥਾਨ ਅਤੇ ਹਾਈਵੇਅ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਹਾਦਸੇ ਵਿੱਚ ਸ਼ਾਮਲ ਕਾਰ ਅਤੇ ਉਸ ਦੇ ਚਾਲਕ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕਾਨੂੰਨੀ ਕਾਰਵਾਈ ਲਈ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਹੋਣੇ ਜ਼ਰੂਰੀ ਹਨ। ਫਿਲਹਾਲ ਪਰਿਵਾਰ ਵੱਲੋਂ ਪੁਲਿਸ ਕੋਲ ਰਸਮੀ ਬਿਆਨ ਦਰਜ ਨਹੀਂ ਕਰਵਾਏ ਗਏ। ਬਿਆਨ ਦਰਜ ਹੋਣ ਉਪਰੰਤ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।


author

Anmol Tagra

Content Editor

Related News