9 ਫਰਵਰੀ ਨੂੰ ਹੋਵੇਗਾ ਵੱਡਾ ਇਕੱਠ; ਮਹਿਲ ਕਲਾਂ ਹਸਪਤਾਲ ‘ਚ ਡਾਕਟਰਾਂ ਦੀ ਘਾਟ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ
Sunday, Feb 08, 2026 - 06:35 PM (IST)
ਮਹਿਲ ਕਲਾਂ (ਹਮੀਦੀ): ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿਚ ਸਿਹਤ ਸਹੂਲਤਾਂ ਦੀ ਤਰਸਯੋਗ ਹਾਲਤ ਇਕ ਵਾਰ ਫਿਰ ਚਰਚਾ ਦਾ ਕੇਂਦਰ ਬਣ ਗਈ ਹੈ। ਮਹਿਲ ਕਲਾਂ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਡਾਕਟਰਾਂ, ਦਵਾਈਆਂ ਅਤੇ ਬੁਨਿਆਦੀ ਢਾਂਚੇ ਦੀ ਘਾਟ ਤੋਂ ਤੰਗ ਆਏ ਇਲਾਕਾ ਵਾਸੀਆਂ ਨੇ ਹੁਣ ਵੱਡਾ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। 9 ਫਰਵਰੀ ਨੂੰ ਹਸਪਤਾਲ ਵਿਚ ਵੱਡਾ ਇਕੱਠ ਕਰਕੇ ਆਰ-ਪਾਰ ਦੀ ਲੜਾਈ ਦੀ ਸ਼ੁਰੂਆਤ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਜ਼ਦੂਰ ਆਗੂ ਹਰਜੀਤ ਸਿੰਘ ਖਿਆਲੀ ਨੇ ਦੱਸਿਆ ਕਿ ਕਮਿਊਨਿਟੀ ਹੈਲਥ ਸੈਂਟਰ ਵਿੱਚ ਲੰਮੇ ਸਮੇਂ ਤੋਂ ਸਪੈਸ਼ਲਿਸਟ ਡਾਕਟਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਅਤੇ ਹੋਰ ਸਿਹਤ ਅਮਲੇ ਦੀ ਵੀ ਭਾਰੀ ਘਾਟ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਆਉਣ ਵਾਲੇ ਜ਼ਿਆਦਾਤਰ ਮਰੀਜ਼ਾਂ ਨੂੰ ਕੁਝ ਮਿੰਟਾਂ ਵਿੱਚ ਹੀ ਬਰਨਾਲਾ, ਲੁਧਿਆਣਾ ਜਾਂ ਹੋਰ ਵੱਡੇ ਹਸਪਤਾਲਾਂ ਵੱਲ ਰੈਫਰ ਕਰ ਦਿੱਤਾ ਜਾਂਦਾ ਹੈ, ਜਿਸ ਕਾਰਨ ਕਰੋੜਾਂ ਰੁਪਏ ਦੀ ਇਮਾਰਤ ਹੋਣ ਦੇ ਬਾਵਜੂਦ ਇਹ ਸਿਰਫ਼ “ਰੈਫਰਲ ਸੈਂਟਰ” ਬਣ ਕੇ ਰਹਿ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਲੋਕਾਂ ਵੱਲੋਂ ਧਰਨੇ ਲਗਾਉਣ ‘ਤੇ ਕੁਝ ਦਿਨਾਂ ਲਈ ਡੈਪੂਟੇਸ਼ਨ ‘ਤੇ ਡਾਕਟਰ ਭੇਜ ਦਿੱਤੇ ਜਾਂਦੇ ਹਨ ਪਰ ਕੁਝ ਸਮੇਂ ਬਾਅਦ ਉਹ ਮੁੜ ਵਾਪਸ ਚਲੇ ਜਾਂਦੇ ਹਨ ਅਤੇ ਸਮੱਸਿਆ ਜਿਉਂ ਦੀ ਤਿਉਂ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਦੇ ਇਲਾਜ ਲਈ ਵੀ ਪ੍ਰਾਈਵੇਟ ਹਸਪਤਾਲਾਂ ਵਿਚ ਮਹਿੰਗਾ ਖਰਚ ਕਰਨਾ ਪੈਂਦਾ ਹੈ, ਜਿਸ ਨਾਲ ਆਮ ਵਰਗ ਭਾਰੀ ਆਰਥਿਕ ਬੋਝ ਹੇਠਾਂ ਆ ਰਿਹਾ ਹੈ।
ਹਰਜੀਤ ਸਿੰਘ ਖਿਆਲੀ ਨੇ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਮਹਿਲ ਕਲਾਂ ਹਸਪਤਾਲ ਦੀ ਹਕੀਕਤ ਇਸਦੇ ਉਲਟ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 9 ਫਰਵਰੀ ਨੂੰ ਵੱਡੀ ਗਿਣਤੀ ਵਿੱਚ ਹਸਪਤਾਲ ਪਹੁੰਚ ਕੇ ਖਾਲੀ ਪਈਆਂ ਸਪੈਸ਼ਲਿਸਟ ਡਾਕਟਰਾਂ ਦੀਆਂ ਅਸਾਮੀਆਂ ਭਰਨ ਲਈ ਸੰਘਰਸ਼ ਵਿੱਚ ਸ਼ਾਮਲ ਹੋਣ ਤਾਂ ਜੋ ਸਰਕਾਰ ਅਤੇ ਪ੍ਰਸ਼ਾਸਨ ਨੂੰ ਜਗਾਇਆ ਜਾ ਸਕੇ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਜਦ ਤੱਕ ਹਸਪਤਾਲ ਵਿੱਚ ਪੂਰਾ ਮੈਡੀਕਲ ਸਟਾਫ਼ ਅਤੇ ਦਵਾਈਆਂ ਦੀ ਉਪਲਬਧਤਾ ਯਕੀਨੀ ਨਹੀਂ ਬਣਾਈ ਜਾਂਦੀ, ਸੰਘਰਸ਼ ਜਾਰੀ ਰਹੇਗਾ।
