ਨਸ਼ਾ ਛੁਡਾਊ ਕੇਂਦਰ ਤੋਂ ਇਲਾਜ ਕਰਵਾ ਕੇ ਪਰਤੇ ਨੌਜਵਾਨ ਦੀ ਮੌਤ, ਬਾਂਹ ''ਚ ਲੱਗੀ ਰਹਿ ਗਈ ਸਰਿੰਜ

Saturday, Sep 26, 2026 - 12:26 PM (IST)

ਨਸ਼ਾ ਛੁਡਾਊ ਕੇਂਦਰ ਤੋਂ ਇਲਾਜ ਕਰਵਾ ਕੇ ਪਰਤੇ ਨੌਜਵਾਨ ਦੀ ਮੌਤ, ਬਾਂਹ ''ਚ ਲੱਗੀ ਰਹਿ ਗਈ ਸਰਿੰਜ

‎ਮਹਿਲ ਕਲਾਂ (ਹਮੀਦੀ)— ਇਲਾਕੇ ਵਿਚ ਨਸ਼ਿਆਂ ਨਾਲ ਸਬੰਧਤ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਨੇੜਲੇ ਪਿੰਡ ਸਹਿਜੜਾ ਤੋਂ ਸਾਹਮਣੇ ਆਇਆ ਹੈ, ਜਿੱਥੇ 27 ਸਾਲਾ ਨੌਜਵਾਨ ਬਲਜਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਦੀ ਡਰੇਨ ਨੇੜਿਓਂ ਮਿਲੀ। ਮੌਕੇ ’ਤੇ ਨੌਜਵਾਨ ਦੀ ਬਾਂਹ ਵਿਚ ਸਰਿੰਜ ਲੱਗੀ ਹੋਈ ਮਿਲਣ ਦੀ ਗੱਲ ਸਾਹਮਣੇ ਆਈ ਹੈ। ਪਰਿਵਾਰਕ ਸੂਤਰਾਂ ਅਨੁਸਾਰ ਬਲਜਿੰਦਰ ਸਿੰਘ ਪਿਛਲੇ ਕਰੀਬ ਸੱਤ ਮਹੀਨਿਆਂ ਤੋਂ ਨਸ਼ੇ ਦੀ ਲਤ ਨਾਲ ਜੂਝ ਰਿਹਾ ਸੀ। ਉਸ ਨੂੰ ਨਸ਼ੇ ਤੋਂ ਮੁਕਤ ਕਰਵਾਉਣ ਲਈ ਪਰਿਵਾਰ ਵੱਲੋਂ ਕਰੀਬ ਦੋ ਮਹੀਨੇ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਕਰਵਾ ਕੇ ਇਲਾਜ ਕਰਵਾਇਆ ਗਿਆ ਸੀ। ਬੀਤੀ ਰਾਤ ਹੀ ਪਰਿਵਾਰ ਉਸ ਨੂੰ ਇਲਾਜ ਤੋਂ ਬਾਅਦ ਘਰ ਵਾਪਸ ਲੈ ਕੇ ਆਇਆ ਸੀ ਅਤੇ ਪਰਿਵਾਰ ਨੂੰ ਉਮੀਦ ਸੀ ਕਿ ਉਹ ਨਸ਼ਾ ਛੱਡ ਕੇ ਮੁੜ ਆਮ ਜੀਵਨ ਵੱਲ ਪਰਤੇਗਾ।

‎ਪਰਿਵਾਰਕ ਮੈਂਬਰਾਂ ਮੁਤਾਬਕ ਅੱਜ ਸਵੇਰੇ ਕਰੀਬ ਸਾਢੇ 6 ਵਜੇ ਬਲਜਿੰਦਰ ਸਿੰਘ ਬਿਨਾਂ ਕਿਸੇ ਨੂੰ ਕੁਝ ਦੱਸੇ ਘਰੋਂ ਚਲਾ ਗਿਆ। ਕਰੀਬ ਦੋ ਘੰਟਿਆਂ ਬਾਅਦ ਉਸ ਦੀ ਮ੍ਰਿਤਕ ਦੇਹ ਪਿੰਡ ਦੀ ਡਰੇਨ ਨੇੜਿਓਂ ਮਿਲੀ। ਮੌਕੇ ’ਤੇ ਉਸ ਦੀ ਬਾਂਹ ਵਿਚ ਸਰਿੰਜ ਲੱਗੀ ਹੋਈ ਸੀ।ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਵਿਚ ਮਾਤਮ ਛਾ ਗਿਆ, ਜਦਕਿ ਪਿੰਡ ਵਾਸੀਆਂ ਵਿਚ ਵੀ ਸੋਗ ਦੀ ਲਹਿਰ ਦੌੜ ਗਈ। ਇਲਾਜ ਕਰਵਾ ਕੇ ਘਰ ਪਰਤਣ ਤੋਂ ਕੁਝ ਹੀ ਘੰਟਿਆਂ ਬਾਅਦ ਨੌਜਵਾਨ ਦੀ ਮੌਤ ਹੋ ਜਾਣ ਦੀ ਘਟਨਾ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

PunjabKesari

ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਮਹਿਲ ਕਲਾਂ ਦੇ ਏ.ਐੱਸ.ਆਈ. ਮਨਜਿੰਦਰ ਸਿੰਘ, ਪਰਗਟ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਦੀ ਰਿਪੋਰਟ ਅਤੇ ਪੁਲਸ ਜਾਂਚ ਤੋਂ ਬਾਅਦ ਹੀ ਹੋ ਸਕੇਗੀ।


author

Anmol Tagra

Content Editor

Related News