ਫ਼ਤਿਹਗੜ੍ਹ ਸਾਹਿਬ ਵਿਖੇ ਸਜਾਇਆ ਗਿਆ ਵਿਸ਼ਾਲ ਮਹੱਲਾ, ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨੇ ਦਿਖਾਏ ਗਤਕੇ ਦੇ ਜੌਹਰ
Sunday, Dec 28, 2025 - 06:03 PM (IST)
ਫ਼ਤਿਹਗੜ੍ਹ ਸਾਹਿਬ (ਜਗਦੇਵ): ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਜਗਤ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਪੰਥ ਅਕਾਲੀ ਬਾਬਾ ਬਲਵੀਰ ਸਿੰਘ ਦੀ ਅਗਵਾਈ ਵਿਚ ਵਿਸ਼ਾਲ ਮੁਹੱਲਾ ਸਜਾਇਆ ਗਿਆ।
ਇਹ ਵਿਸ਼ਾਲ ਮਹੱਲਾ ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਤੋਂ ਆਰੰਭ ਹੋਇਆ ਅਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਅੱਗਿਓਂ ਲੰਘਦਾ ਹੋਇਆ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਉਪਰੰਤ ਬਾਬਾ ਬਲਵੀਰ ਸਿੰਘ ਅਕਾਲੀ ਬੁੱਢਾ ਦਲ ਮੁਖੀ 96 ਕਰੋੜੀ ਦੀ ਅਗਵਾਈ ਹੇਠ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਮੈਦਾਨ ਵਿਚ ਪਹੁੰਚਿਆ। ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਮੈਦਾਨ ਵਿਚ ਗੁਰੂ ਦੀਆਂ ਲਾਡਲੀਆਂ ਫੌਜਾਂ ਵੱਲੋਂ ਗੱਤਕਾ ਅਤੇ ਘੋੜ ਸਵਾਰੀ ਦੇ ਦਿਲਕਸ਼ ਜੌਹਰ ਦਿਖਾਏ ਗਏ । ਨਿਹੰਗ ਸਿੰਘਾਂ ਵੱਲੋਂ ਤਿੱਨ ਤਿੱਨ, ਚਾਰ-ਚਾਰ ਘੋੜਿਆਂ ਤੇ ਚੜ੍ਹ ਕੇ ਖ਼ਾਲਸਾਈ ਰੰਗ ਦਿਖਾਇਆ।
ਇਸ ਮੌਕੇ ਬੋਲਦਿਆਂ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਹਰ ਸਾਲ ਸ਼ਹੀਦੀ ਜੋੜ ਮੇਲ ਨੂੰ ਸਮਰਪਤ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਇਹ ਵਿਸ਼ਾਲ ਮਹੱਲਾ ਕੱਢਿਆ ਜਾਂਦਾ ਹੈ, ਜਿਸ ਵਿਚ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼ਮੂਲੀਅਤ ਕੀਤੀ ਜਾਂਦੀ ਹੈ।
