ਮਹਾਤਮਾ ਗਾਂਧੀ ਜੀ ਦੇ ਸ਼ਾਂਤੀ ਤੇ ਅਹਿੰਸਾ ਦੇ ਸਿਧਾਂਤ ’ਤੇ ਚੱਲਣਾ ਸਮੇਂ ਦੀ ਮੁੱਖ ਲੋੜ : ਅਪਨੀਤ ਰਿਆਤ

10/03/2020 1:12:50 AM

ਹੁਸ਼ਿਆਰਪੁਰ- ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 151ਵੇਂ ਜਨਮ ਦਿਵਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਰਾਸ਼ਟਰ ਪਿਤਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਮਹਾਤਮਾ ਗਾਂਧੀ ਜੀ ਦਾ ਅਹਿਮ ਯੋਗਦਾਨ ਰਿਹਾ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਵਲੋਂ ਦਿੱਤੇ ਸ਼ਾਂਤੀ ਅਤੇ ਅਹਿੰਸਾ ਦੇ ਸੰਦੇਸ਼ ਨੂੰ ਅਪਨਾ ਕੇ ਜ਼ਿੰਦਗੀ ਵਿੱਚ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ। ਇਸ ਮੌਕੇ ਸਾਬਕਾ ਪ੍ਰਧਾਨ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਵੀ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਅੱਜ ਦੇ ਇਸ ਦਿਹਾੜੇ ਮੌਕੇ ਮੌਜੂਦਾ ਕੋਵਿਡ ਸੰਕਟ ਦੇ ਮੱਦੇਨਜ਼ਰ ਸਾਨੂੰ ਸਾਰਿਆਂ ਨੂੰ ਅਹਿਦ ਲੈਣਾ ਚਾਹੀਦਾ ਹੈ ਕਿ ਸਰਕਾਰ ਵਲੋਂ ਜਾਰੀ ਸਿਹਤ ਸਲਾਹਕਾਰੀਆਂ ਦੀ ਮੁਕੰਮਲ ਤੌਰ ’ਤੇ ਪਾਲਣਾ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਦੀ ਸਿਹਤ ਅਤੇ ਵਾਤਾਵਰਣ ਦੇ ਮੱਦੇਨਜ਼ਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਦੌਰ ਦੇ ਸੰਦਰਭ ’ਚ ਇਹ ਗੱਲਾਂ ਅਪਨਾਉਣਾ ਹੀ ਦੇਸ਼ ਦੀਆਂ ਮਹਾਨ ਸ਼ਖਸੀਅਤਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।


Bharat Thapa

Content Editor

Related News