ਰਾਸ਼ਟਰੀ ਏਕਤਾ ਤੇ ਅਮਨ-ਸ਼ਾਂਤੀ ਬਰਕਰਾਰ ਰੱਖਣਾ ਸਾਡਾ ਸਾਰਿਆਂ ਦਾ ਫਰਜ਼ : ਕੈਬਨਿਟ ਮੰਤਰੀ
Sunday, Nov 01, 2020 - 11:22 PM (IST)
ਹੁਸ਼ਿਆਰਪੁਰ: ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਰਾਸ਼ਟਰੀ ਏਕਤਾ ਤੇ ਅਮਨ-ਸ਼ਾਂਤੀ ਬਰਕਰਾਰ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਹੈ ਅਤੇ ਸਾਨੂੰ ਆਪਸੀ ਮਤਭੇਦ ਛੱਡ ਕੇ ਆਪਣੇ ਇਸ ਫਰਜ਼ ਨੂੰ ਨਿਭਾਉਣਾ ਚਾਹੀਦਾ ਹੈ। ਉਹ ਅੱਜ ਰਾਸ਼ਟਰੀ ਏਕਤਾ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਾਸ਼ਟਰੀ ਏਕਤਾ ਦਿਵਸ ਦੀ ਸਹੁੰ ਵੀ ਚੁਕਾਈ।
ਕੈਬਨਿਟ ਮੰਤਰੀ ਅਰੋੜਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਏ ਰੱਖਣ ਲਈ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਅਸੀਂ ਸਰਦਾਰ ਵਲੱਭ ਭਾਈ ਪਟੇਲ ਦੀ ਸੋਚ ਨੂੰ ਅਪਨਾਈਏ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਦੇਸ਼ ਵਿੱਚ ਭਾਈਚਾਰਕ ਸਾਂਝ ਨੂੰ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਦਾਰ ਵਲੱਭ ਭਾਈ ਪਟੇਲ ਦਾ ਜਨਮ 31 ਅਕਤੂਬਰ 1857 ਨੂੰ ਨਡਿਆਦ (ਗੁਜਰਾਤ) ਵਿੱਚ ਹੋਇਆ ਸੀ ਅਤੇ ਭਾਰਤ ਦੀ ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਸਰਦਾਰ ਵਲੱਭ ਭਾਈ ਪਟੇਲ ਦੇ ਆਦਰਸ਼ਾਂ ’ਤੇ ਚੱਲਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਦੇਣਾ ਚਾਹੀਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ, ਸਹਾਇਕ ਕਮਿਸ਼ਨਰ (ਜ) ਕਿਰਪਾਲ ਵੀਰ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਰਜਿੰਦਰ ਸਿੰਘ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।