ਮਾਝਾ ਕਿਸਾਨ ਸੰਘਰਸ਼ ਕਮੇਟੀ ਨੇ ਗੰਨਾ ਮਿੱਲ ਅੱਗੇ ਅਣਮਿੱਥੇ ਸਮੇਂ ਲਈ ਦਿੱਤਾ ਧਰਨਾ

02/17/2018 1:57:05 AM

ਗੁਰਦਾਸਪੁਰ/ਸ੍ਰੀ ਹਰਗੋਬਿੰਦਪੁਰ/ਘੁਮਾਣ, (ਵਿਨੋਦ/ਰਮੇਸ਼)- ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਸੰਬੰਧੀ ਚੱਢਾ ਸ਼ੂਗਰ ਮਿੱਲ ਅੱਗੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਦੀ ਅਗਵਾਈ ਹੇਠ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ, ਬਾਬਾ ਕੰਵਲਜੀਤ ਸਿੰਘ, ਜਤਿੰਦਰ ਸਿੰਘ, ਸ਼ਰਨਜੀਤ ਸਿੰਘ ਆਦਿ ਨੇ ਕਿਹਾ ਕਿ ਸ਼ੂਗਰ ਮਿੱਲ ਵੱਲੋਂ ਹਲਕੇ ਦੇ ਕਿਸਾਨਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਨੂੰ ਮਾਝਾ ਕਿਸਾਨ ਸੰਘਰਸ਼ ਕਮੇਟੀ ਬਰਦਾਸ਼ਤ ਨਹੀਂ ਕਰੇਗੀ।
ਉਨ੍ਹਾਂ ਕਿਹਾ ਕਿ ਮਿੱਲ ਦੇ ਪ੍ਰਬੰਧਕਾਂ ਵੱਲੋਂ ਹਲਕੇ ਦੇ ਲੋਕਾਂ ਨੂੰ ਛੱਡ ਕੇ ਬਾਹਰਲੇ ਕਿਸਾਨਾਂ ਨੂੰ ਗੰਨੇ ਦੀਆਂ ਪਰਚੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਹਲਕੇ ਦੇ ਕਿਸਾਨਾਂ ਦਾ ਗੰਨਾ ਖੇਤਾਂ 'ਚ ਹੀ ਸੁੱਕ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 2 ਹਫਤਿਆਂ 'ਚ ਗੰਨੇ ਦੀ ਅਦਾਇਗੀ ਉਨ੍ਹਾਂ ਦੇ ਖਾਤਿਆਂ 'ਚ ਨਾ ਕੀਤੀ ਗਈ ਤੇ ਬਾਹਰਲੇ ਕਿਸਾਨਾਂ ਨੂੰ ਗੰਨੇ ਦੀਆਂ ਪਰਚੀਆਂ ਦੇਣੀਆਂ ਬੰਦ ਨਾ ਕੀਤੀਆਂ ਗਈਆਂ ਤਾਂ ਇਹ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਇਸ ਮੌਕੇ ਬਲਕਾਰ ਸਿੰਘ, ਦਲੀਪ ਸਿੰਘ, ਜਸਪਾਲ ਸਿੰਘ, ਹਰਵਿੰਦਰ ਸਿੰਘ, ਬਲਜੀਤ ਸਿੰਘ, ਅਵਤਾਰ ਸਿੰਘ, ਅਮਰਜੀਤ ਸਿੰਘ, ਸੁਰਿੰਦਰ ਸਿੰਘ, ਸੁਖਦੇਵ ਸਿੰਘ ਤੇ ਹੋਰ ਕਿਸਾਨ ਮੌਜੂਦ ਸਨ।
ਕੀ ਕਹਿੰਦੇ ਹਨ ਮਿੱਲ ਦੇ ਜਨਰਲ ਮੈਨੇਜਰ : ਇਸ ਸੰਬੰਧੀ ਜਦੋਂ ਮਿੱਲ ਦੇ ਜਨਰਲ ਮੈਨੇਜਰ ਓਮ ਵੀਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਕਿਸਾਨ ਨਾਜਾਇਜ਼ ਧਰਨਾ ਦੇ ਰਹੇ ਹਨ ਕਿਉਂਕਿ ਇਸ ਵਾਰ ਪਿਛਲੇ ਸਾਲ ਨਾਲੋਂ ਵੱਧ ਗੰਨਾ ਮਿੱਲ 'ਚ ਆਇਆ ਹੈ, ਜਿਸ ਦੀ ਅਦਾਇਗੀ ਕਿਸਾਨਾਂ ਨੂੰ ਨਾਲੋ-ਨਾਲ ਕੀਤੀ ਜਾ ਰਹੀ ਹੈ।


Related News