ਮਜੀਠੀਆ ਦਾ ਵਿਦੇਸ਼ ਜਾਣ ਦਾ ਰਾਹ ਬੰਦ, ਗ੍ਰਿਫ਼ਤਾਰੀ ਲਈ ਕੀਤੀ ਛਾਪੇਮਾਰੀ

Thursday, Dec 23, 2021 - 10:53 PM (IST)

ਮਜੀਠੀਆ ਦਾ ਵਿਦੇਸ਼ ਜਾਣ ਦਾ ਰਾਹ ਬੰਦ, ਗ੍ਰਿਫ਼ਤਾਰੀ ਲਈ ਕੀਤੀ ਛਾਪੇਮਾਰੀ

ਚੰਡੀਗੜ੍ਹ (ਰਮਨਜੀਤ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ ਐੱਨ. ਡੀ. ਪੀ.  ਐੱਸ. ਐਕਟ ਦਾ ਮਾਮਲਾ ਦਰਜ ਕਰਨ ਤੋਂ ਬਾਅਦ ਪੰਜਾਬ ਪੁਲਸ ਨੇ ਮਜੀਠੀਆ ਦੇ ਵਿਦੇਸ਼ ਜਾਣ ਦਾ ਰਸਤਾ ਵੀ ਬੰਦ ਕਰ ਦਿੱਤਾ ਹੈ। ਪੰਜਾਬ ਪੁਲਸ ਦੀ ਬੇਨਤੀ ’ਤੇ ਕੇਂਦਰੀ ਮੰਤਰਾਲਾ ਵੱਲੋਂ ਲੁੱਕ ਆਊਟ ਸਰਕੂਲਰ (ਐੱਲ. ਓ. ਸੀ.) ਜਾਰੀ ਕਰ ਦਿੱਤਾ ਗਿਆ ਹੈ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੇ ਜਾਣ ਦੇ ਦਾਅਵੇ ਕਰ ਰਹੀ ਪੰਜਾਬ ਪੁਲਸ ਵੱਲੋਂ ਮਜੀਠੀਆ ਦੇ ਵਿਦੇਸ਼ ਭੱਜਣ ਦੀ ਵੀ ਸ਼ੰਕਾ ਜਤਾਈ ਗਈ ਹੈ। ਇਸ ਸ਼ੰਕਾ ਦੇ ਤਹਿਤ ਪੰਜਾਬ ਪੁਲਸ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਬੇਨਤੀ ਕੀਤੀ ਗਈ ਸੀ, ਜਿਸ ਤੋਂ ਬਾਅਦ ਗ੍ਰਹਿ ਮੰਤਰਾਲੇ ਦੇ ਬਿਊਰੋ ਆਫ ਇਨਵੈਸਟੀਗੇਸ਼ਨ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੇ। ਇਸ ਸਬੰਧੀ ਗ੍ਰਹਿ ਮੰਤਰਾਲਾ ਵੱਲੋਂ ਪੰਜਾਬ ਪੁਲਸ ਦੇ ਏ. ਡੀ. ਜੀ. ਪੀ. ਇੰਟੈਲੀਜੈਂਸ ਨੂੰ ਵੀ ਸੂਚਨਾ ਭੇਜ ਦਿੱਤੀ ਗਈ ਹੈ।

ਉਧਰ, ਪੰਜਾਬ ਪੁਲਸ ਦੀ ਐੱਸ. ਆਈ. ਟੀ. ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਥਾਵਾਂ ’ਤੇ ਟੀਮਾਂ ਨੂੰ ਭੇਜਿਆ ਗਿਆ ਸੀ ਪਰ ਕੁਝ ਹੱਥ ਨਹੀਂ ਲੱਗਾ, ਜਦਕਿ ਅਕਾਲੀ ਦਲ ਦੇ ਨੇਤਾਵਾਂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਬਿਕਰਮ ਸਿੰਘ ਮਜੀਠੀਆ ਆਪਣੇ ਵਿਧਾਨ ਸਭਾ ਹਲਕੇ ’ਚ ਹੀ ਚੋਣਾਂ ਸਬੰਧੀ ਬੈਠਕਾਂ ਕਰ ਰਹੇ ਹਨ।


author

Manoj

Content Editor

Related News