ਆਮਦਨ ਨਾਲੋਂ ਵੱਧ ਜਾਇਦਾਦ ਦੇ ਮਾਮਲੇ ''ਚ ਮਜੀਠੀਆ ਅਦਾਲਤ ’ਚ ਪੇਸ਼, ਅਗਲੀ ਸੁਣਵਾਈ 7 ਮਾਰਚ ਨੂੰ
Sunday, Feb 08, 2026 - 09:46 AM (IST)
ਮੋਹਾਲੀ(ਜੱਸੀ) : ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਮੋਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ’ਚ ਪੇਸ਼ ਹੋਏ। ਇਸ ਦੌਰਾਨ ਬਿਕਰਮ ਮਜੀਠੀਆ ਨੇ ਅਦਾਲਤ ਨੂੰ ਦੱਸਿਆ ਕਿ ਜੇਲ੍ਹ ’ਚ ਰਹਿਣ ਦੌਰਾਨ ਉਨ੍ਹਾਂ ਦੀ ਨਿੱਜਤਾ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਆਸ-ਪਾਸ ਹਰ ਜਗਾ ’ਤੇ ਕੈਮਰੇ ਲਗਾਏ ਗਏ ਸਨ, ਇੱਥੋਂ ਤੱਕ ਕਿ ਉਨ੍ਹਾਂ ਦੇ ਬਾਥਰੂਮ ਤੱਕ ਕੈਮਰੇ ਲਗਾਉਣ ਦੀ ਕੋਸ਼ਿਸ਼ ਹੋਈ, ਜਿਸ ਨੂੰ ਹਾਈਕੋਰਟ ਦੇ ਦਖ਼ਲ ਤੋਂ ਬਾਅਦ ਰੋਕਿਆ ਗਿਆ।
ਇਸ ਦੌਰਾਨ ਅਦਾਲਤ ਵੱਲੋਂ ਇਨ੍ਹਾਂ ਦੋਸ਼ਾਂ ਦੇ ਸਬੰਧ ’ਚ ਏ. ਡੀ. ਜੀ.ਪੀ. ਜੇਲ੍ਹਾਂ ਤੋਂ ਹਲਫ਼ਨਾਮਾ ਮੰਗਿਆ ਗਿਆ ਸੀ, ਜਿਸ ਸਬੰਧੀ ਏ. ਡੀ. ਜੀ. ਪੀ. ਜੇਲ੍ਹਾਂ ਅਰੁਣਪਾਲ ਸਿੰਘ ਦਾ ਹਲਫਨਾਮਾ ਅਦਾਲਤ ਨੂੰ ਦਿੱਤਾ ਗਿਆ, ਜਿਸ ’ਚ ਕਿਹਾ ਗਿਆ ਕਿ ਉਕਤ ਕੈਮਰੇ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਲਗਾਏ ਗਏ ਸਨ। ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 7 ਮਾਰਚ ਦੀ ਤਾਰੀਖ਼ ਨੂੰ ਤੈਅ ਕੀਤੀ ਗਈ ਹੈ।
