ਪੁਲਸ ਐਨਕਾਊਂਟਰ ''ਚ ਮਾਰੇ ਗਏ ਰਣਜੀਤ ਸਿੰਘ ਦੇ ਘਰ ਪੁੱਜੇ ਮਜੀਠੀਆ, ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
Thursday, Feb 26, 2026 - 09:18 PM (IST)
ਗੁਰਦਾਸਪੁਰ, (ਹਰਮਨ )–ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਗੁਰਦਾਸਪੁਰ ਜ਼ਿਲ੍ਹੇ 'ਚ ਪਹੁੰਚੇ, ਜਿੱਥੇ ਉਨ੍ਹਾਂ ਨੇ ਮੁਕਾਬਲੇ 'ਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੁੱਖ ਪ੍ਰਗਟਾਇਆ। ਮਜੀਠੀਆ ਨੇ ਕਿਹਾ ਕਿ ਸਿੱਖ ਨੌਜਵਾਨ ਦੇ “ਫੇਕ ਐਨਕਾਊਂਟਰ” ਨੇ ਪੰਜਾਬ ਦੇ ਕਾਲੇ ਦੌਰ ਦੀ ਯਾਦ ਤਾਜ਼ਾ ਕਰ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੇ ਇਸ਼ਾਰੇ 'ਤੇ ਪੰਜਾਬ ਦੇ ਨੌਜਵਾਨਾਂ ਦੀ “ਨਸਲਕੁਸ਼ੀ” ਕੀਤੀ ਜਾ ਰਹੀ ਹੈ, ਜਿਸ ਨਾਲ ਸੂਬੇ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
👉ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਆਦੀਆਂ ਤੋਂ ਪੰਜਾਬ ਪੁਲਿਸ ਵੱਲੋਂ FAKE ENCOUNTER 'ਚ ਮਾਰੇ ਸਿੱਖ ਨੌਜਵਾਨ ਰਣਜੀਤ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
— Bikram Singh Majithia (@bsmajithia) February 26, 2026
👉ਦਿੱਲੀ ਦੇ ਇਸ਼ਾਰਿਆਂ 'ਤੇ ਪੰਜਾਬ ਦੇ ਨੌਜਵਾਨਾਂ ਨਾਲ ਧੱਕੇਸ਼ਾਹੀ ਹੋ ਰਹੀ ਹੈ ਅਤੇ ਸੂਬੇ 'ਚ ਡਰ ਵਾਲਾ ਮਾਹੌਲ ਹੈ।
👉ਸਿੱਖ ਨੌਜਵਾਨ ਦੇ FAKE ENCOUNTER… pic.twitter.com/5ifazrsVeJ
ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਅਤੇ ਪੁਲਸ ਮੁਖੀ ਹੋਣ ਦੇ ਨਾਤੇ ਗੌਰਵ ਯਾਦਵ ਇਸ ਮਾਮਲੇ ਦੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ। ਉਨ੍ਹਾਂ ਜ਼ੋਰ ਦਿੱਤਾ ਕਿ ਕਥਿਤ ਝੂਠੇ ਮੁਕਾਬਲੇ ਅਤੇ ਕਤਲ ਕਾਂਡ ਦੀ ਸੀਬੀਆਈ ਜਾਂਚ ਕਰਵਾਈ ਜਾਵੇ ਤਾਂ ਜੋ ਸਾਜ਼ਿਸ਼ ਦੀ ਸੱਚਾਈ ਸਾਹਮਣੇ ਆ ਸਕੇ। ਇਸ ਸਬੰਧੀ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਇਹ ਮਾਮਲਾ ਪਹਿਲੇ ਦਿਨ ਤੋਂ ਹੀ ਸ਼ੱਕੀ ਸੀ ਕਿਉਂਕਿ ਮੁੱਖ ਮੰਤਰੀ ਵੱਲੋਂ ਸ਼ੁਰੂਆਤੀ ਬਿਆਨ ਅਤੇ ਪੁਲਸ ਦੀ ਬਦਲਦੀ ਥਿਊਰੀ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਇੱਕ ਗੈਂਗਸਟਰ ਗਰੁੱਪ ਨੇ ਕਤਲ ਦੀ ਜ਼ਿੰਮੇਵਾਰੀ ਲਈ ਸੀ ਤਾਂ ਉਸ ਪੱਖ ਦੀ ਜਾਂਚ ਕਰਨ ਦੀ ਬਜਾਏ ਪੁਲਸ ਨੇ ਆਪਣੀ ਨਾਕਾਮੀ ਛੁਪਾਉਣ ਲਈ ਬੇਦੋਸ਼ ਨੌਜਵਾਨ ਦਾ ਕਤਲ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਕਤਲ ਹੋਏ ਪੁਲਸ ਕਰਮਚਾਰੀਆਂ ਦੇ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਸਜ਼ਾ ਦਿੱਤੀ ਜਾਵੇ, ਨਾ ਕਿ ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ 'ਚ ਮਾਰਿਆ ਜਾਵੇ। ਉਨ੍ਹਾਂ ਸਾਰੇ ਪੰਜਾਬੀਆਂ ਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਇਨਸਾਫ਼ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਮਜੀਠੀਆ ਆਦੀਆਂ ਪੁਲਸ ਪੋਸਟ 'ਚ ਸ਼ਹੀਦ ਹੋਏ ਏਐਸਆਈ ਗੁਰਨਾਮ ਸਿੰਘ ਦੇ ਘਰ ਵੀ ਅਫ਼ਸੋਸ ਪ੍ਰਗਟ ਕਰਨ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸੀਨੀਅਰ ਆਗੂ ਰਮਨਦੀਪ ਸਿੰਘ ਸੰਧੂ ਅਤੇ ਦੀਨਾਨਗਰ ਹਲਕੇ ਦੇ ਇੰਚਾਰਜ ਕਮਲਜੀਤ ਚਾਵਲਾ ਸਮੇਤ ਹੋਰ ਆਗੂ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
