ਖੁਦਕੁਸ਼ੀ ਕਰ ਗਏ ਕਿਸਾਨ ਦੇ ਘਰ ਪਹੁੰਚੇ ਬਿਕਰਮ ਸਿੰਘ ਮਜੀਠੀਆ

01/15/2018 8:08:21 AM

ਫਰੀਦਕੋਟ  (ਹਾਲੀ) - ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੇ ਮਾਮਲੇ 'ਚ ਚੋਣ ਮਨੋਰਥ ਪੱਤਰ 'ਚ ਕੀਤੇ ਵਾਅਦਿਆਂ ਤੋਂ ਭੱਜਣ ਦਾ ਮਾਮਲਾ ਵਿਧਾਨ ਸਭਾ ਦੇ ਸੈਸ਼ਨ 'ਚ ਉਠਾਇਆ ਜਾਵੇਗਾ। ਇਹ ਪ੍ਰਗਟਾਵਾ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜ਼ਿਲੇ ਦੇ ਪਿੰਡ ਚਾਹਲ 'ਚ ਹਾਲ ਹੀ ਵਿਚ ਖੁਦਕੁਸ਼ੀ ਕਰ ਗਏ ਕਿਸਾਨ ਗੁਰਦੇਵ ਸਿੰਘ ਦੇ ਘਰ ਗੱਲਬਾਤ ਕਰਦਿਆਂ ਕੀਤਾ।
ਉਹ ਸ੍ਰੀ ਮੁਕਤਸਰ ਸਾਹਿਬ ਦੀ ਕਾਨਫਰੰਸ ਤੋਂ ਪਰਤਦੇ ਹੋਏ ਇੱਥੇ ਰੁਕੇ। ਇਸ ਸਮੇਂ ਉਨ੍ਹਾਂ ਮਨਤਾਰ ਸਿੰਘ ਬਰਾੜ ਜ਼ਿਲਾ ਪ੍ਰਧਾਨ, ਪਰਮਬੰਸ ਸਿੰਘ ਬੰਟੀ ਰੋਮਾਣਾ ਸਪੋਕਸਮੈਨ ਅਕਾਲੀ ਦਲ, ਨਵਦੀਪ ਸਿੰਘ ਬੱਬੂ ਬਰਾੜ, ਸ਼ੇਰ ਸਿੰਘ ਮੰਡਵਾਲਾ, ਗੁਰਚੇਤ ਸਿੰਘ ਢਿੱਲੋਂ, ਗੁਰਕੰਵਲ ਸਿੰਘ, ਬੀਕਾ ਰੋਮਾਣਾ, ਸਰਪੰਚ ਗੁਰਬਖਸ਼ ਸਿੰਘ, ਕੁਲਦੀਪ ਸਿੰਘ ਸਮੇਤ ਕਈ ਹੋਰ ਅਕਾਲੀ ਆਗੂ ਵੀ ਮੌਜੂਦ ਸਨ।
ਸ. ਮਜੀਠੀਆ ਨੇ ਕਿਹਾ ਕਿ ਕਾਂਗਰਸ ਕਿਸਾਨਾਂ ਨਾਲ ਇਹ ਵਾਅਦਾ ਕਰ ਕੇ ਸਰਕਾਰ ਬਣਾ ਸਕੀ ਹੈ ਕਿ ਕਿਸਾਨਾਂ ਦਾ ਹਰ ਤਰ੍ਹਾਂ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ ਪਰ ਹੁਣ ਜਿੱਤਣ ਤੋਂ ਬਾਅਦ ਆਪਣੇ ਵਾਅਦੇ ਤੋਂ ਮੁਕਰ ਗਈ ਹੈ। ਹੁਣ ਸਿਰਫ ਸਹਿਕਾਰੀ ਬੈਂਕਾਂ ਦਾ ਕਰਜ਼ਾ ਮੁਆਫ ਕੀਤੇ ਜਾਣ ਦੀ ਗੱਲ ਕੀਤੀ ਜਾ ਰਹੀ ਹੈ, ਜਦਕਿ ਕਿਸਾਨਾਂ ਸਿਰ ਅਸਲ ਕਰਜ਼ਾ ਪ੍ਰਾਈਵੇਟ ਅਤੇ ਦੂਜੀਆਂ ਕੌਮੀਕ੍ਰਿਤ ਬੈਂਕਾਂ ਸਮੇਤ ਆੜ੍ਹਤੀਆਂ ਦਾ ਹੈ, ਜੋ ਕਿ ਵਾਅਦੇ ਮੁਤਾਬਕ ਸਾਰਾ ਹੀ ਮੁਆਫ ਹੋਣਾ ਚਾਹੀਦਾ ਹੈ। ਇਸੇ ਨਾਲ ਹੀ ਪੰਜਾਬ 'ਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਰੁਕ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਸੂਬੇ 'ਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਦੀਆਂ ਖੁਦਕੁਸ਼ੀਆਂ 'ਚ ਵਾਧਾ ਹੋਇਆ ਹੈ ਅਤੇ ਹਰ ਰੋਜ਼ ਕਿਸਾਨ ਕਰਜ਼ਾ ਮੁਆਫੀ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਲੱਗੇ ਹਨ। ਆਉਂਦੇ ਵਿਧਾਨ ਸਭਾ ਦੇ ਸੈਸ਼ਨ 'ਚ ਅਕਾਲੀ ਦਲ ਇਸ ਮੁੱਦੇ 'ਤੇ ਕਾਂਗਰਸ ਨੂੰ ਘੇਰੇਗਾ ਅਤੇ ਜਦੋਂ ਤੱਕ ਕਿਸਾਨਾਂ ਦੇ ਸਾਰੇ ਕਰਜ਼ਿਆਂ 'ਤੇ ਲੀਕ ਨਹੀਂ ਫੇਰੀ ਜਾਂਦੀ, ਉਦੋਂ ਤੱਕ ਅਕਾਲੀ ਦਲ ਚੁੱਪ ਕਰ ਕੇ ਨਹੀਂ ਬੈਠੇਗਾ।
ਇਸ ਸਮੇਂ ਮਨਤਾਰ ਸਿੰਘ ਬਰਾੜ ਜ਼ਿਲਾ ਪ੍ਰਧਾਨ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਮਜੀਠੀਆ ਨੂੰ ਦੱਸਿਆ ਕਿ ਜ਼ਿਲੇ 'ਚ ਖੁਦਕੁਸ਼ੀ ਕਰ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਅਤੇ ਕਾਂਗਰਸ ਤੋਂ ਪੀੜਤ ਦੂਸਰੇ ਵਰਗਾਂ ਨਾਲ ਅਕਾਲੀ ਦਲ ਪੂਰੀ ਤਰ੍ਹਾਂ ਖੜ੍ਹਾ ਹੈ ਅਤੇ ਲੋਕਾਂ ਸਮੇਤ ਮੁਲਾਜ਼ਮਾਂ ਦੇ ਮੁੱਦਿਆਂ 'ਤੇ ਉਨ੍ਹਾਂ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ।
ਇਸ ਦੌਰਾਨ ਖੁਦਕੁਸ਼ੀ ਕਰਨ ਵਾਲੇ ਕਿਸਾਨ ਦੇ ਪੁੱਤਰ ਨੇ ਦੱਸਿਆ ਕਿ ਕਰਜ਼ਾ ਮੁਆਫੀ ਵਾਲੀ ਸੂਚੀ ਵਿਚ ਉਸ ਦੇ ਪਿਤਾ ਦਾ ਨਾਂ ਨਹੀਂ ਸੀ ਆਇਆ, ਜਿਸ ਕਾਰਨ ਉਨ੍ਹਾਂ ਨੂੰ ਚਿੰਤਾ ਸਤਾ ਰਹੀ ਸੀ ਕਿ ਉਸ ਦੇ ਹੁਣ ਵਾਰੰਟ ਕੱਢੇ ਜਾਣਗੇ ਅਤੇ ਇਸ ਡਰੋਂ ਉਨ੍ਹਾਂ ਖੁਦਕੁਸ਼ੀ ਕਰ ਲਈ।