ਮਹਿਲ ਕਲਾਂ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ''ਚ ਪੁਲਸ ਦੀ ਵੱਡੀ ਕਾਰਵਾਈ, 3 ਮੁਲਜ਼ਮ ਗ੍ਰਿਫ਼ਤਾਰ

Friday, Jan 23, 2026 - 06:48 PM (IST)

ਮਹਿਲ ਕਲਾਂ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ''ਚ ਪੁਲਸ ਦੀ ਵੱਡੀ ਕਾਰਵਾਈ, 3 ਮੁਲਜ਼ਮ ਗ੍ਰਿਫ਼ਤਾਰ

ਮਹਿਲ ਕਲਾਂ (ਹਮੀਦੀ)- ਮਹਿਲ ਕਲਾਂ ਅਧੀਨ ਪੈਂਦੇ ਪਿੰਡ ਠੀਕਰੀਵਾਲਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਪੁਲਸ ਨੇ ਵੱਡੀ ਕਾਰਵਾਈ ਕਰਦੇ ਮੁੱਖ ਸਾਜ਼ਿਸ਼ਕਾਰ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਘਟਨਾ ਗੁਰਦੁਆਰਾ ਕਮੇਟੀ ਨਾਲ ਨਿੱਜੀ ਰੰਜਿਸ਼ ਦੇ ਚੱਲਦਿਆਂ ਰਚੀ ਗਈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਬਰਨਾਲਾ ਸਤਵੀਰ ਸਿੰਘ ਬੈਂਸ ਅਤੇ ਥਾਣਾ ਸਦਰ ਬਰਨਾਲਾ ਦੇ ਐੱਸ. ਐੱਚ. ਓ. ਜਗਜੀਤ ਸਿੰਘ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ ਅਤੇ ਤਕਨੀਕੀ ਸਬੂਤਾਂ ਦੇ ਆਧਾਰ ’ਤੇ ਪਿੰਡ ਠੀਕਰੀਵਾਲਾ ਵਾਸੀ ਜਗਵੀਰ ਸਿੰਘ ਅਤੇ ਉਸ ਦੇ ਰਿਸ਼ਤੇਦਾਰ ਰਣਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਦੱਸਿਆ ਕਿ ਜਗਵੀਰ ਸਿੰਘ ਬੋਲਣ ਅਤੇ ਸੁਣਨ ਤੋਂ ਅਸਮਰਥ ਹੈ, ਜਿਸ ਕਾਰਨ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਸ ਦਾ ਚਾਚਾ ਕੁਲਦੀਪ ਸਿੰਘ ਹੀ ਉਸ ਨੂੰ ਸਮਝਣ ਅਤੇ ਸਮਝਾਉਣ ਵਾਲਾ ਵਿਅਕਤੀ ਹੈ।

ਇਹ ਵੀ ਪੜ੍ਹੋ: ਅਗਲੇ 24 ਘੰਟੇ ਅਹਿਮ! ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫੋਨ, 27 ਜਨਵਰੀ ਤੱਕ Alert ਜਾਰੀ 

PunjabKesari

ਤਫ਼ਤੀਸ਼ ਅੱਗੇ ਵਧਾਉਣ ’ਤੇ ਪੁਲਸ ਨੇ ਕੁਲਦੀਪ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ, ਜੋ ਪਿੰਡ ਦੀ ਕੋਆਪਰੇਟਿਵ ਸੁਸਾਇਟੀ ਦਾ ਮੈਂਬਰ ਹੈ। ਡੀ. ਐੱਸ. ਪੀ. ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਗੁਰਦੁਆਰਾ ਕਮੇਟੀ ਵੱਲੋਂ ਕਮੇਟੀ ਮੈਂਬਰਾਂ ਦਾ ਸਨਮਾਨ ਕੀਤਾ ਗਿਆ ਸੀ ਪਰ ਕੁਲਦੀਪ ਸਿੰਘ ਦਾ ਸਨਮਾਨ ਨਾ ਹੋਣ ਕਾਰਨ ਉਸ ਵਿੱਚ ਨਾਰਾਜ਼ਗੀ ਪੈਦਾ ਹੋ ਗਈ। ਇਸ ਤੋਂ ਇਲਾਵਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨਾਲ ਵੀ ਉਸ ਦੀ ਤਕਰਾਰਬਾਜ਼ੀ ਹੋਈ ਸੀ। ਪੁਲਸ ਮੁਤਾਬਕ ਇਨ੍ਹਾਂ ਨਿੱਜੀ ਰੰਜਿਸ਼ਾਂ ਦੇ ਚੱਲਦਿਆਂ ਕੁਲਦੀਪ ਸਿੰਘ ਨੇ ਗੁਰਦੁਆਰਾ ਕਮੇਟੀ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਬੇਅਦਬੀ ਦੀ ਸਾਜ਼ਿਸ਼ ਰਚੀ ਅਤੇ ਬਰਸੀ ਸਮਾਗਮ ਦੇ ਦਿਨ ਆਪਣੇ ਭਤੀਜੇ ਅਤੇ ਇਕ ਹੋਰ ਰਿਸ਼ਤੇਦਾਰ ਰਾਹੀਂ ਗੁਟਕਾ ਸਾਹਿਬ ਦੇ ਪਾਵਨ ਅੰਗ ਵੱਖ-ਵੱਖ ਥਾਵਾਂ ’ਤੇ ਖਿੰਡਵਾਏ। ਡੀ. ਐੱਸ. ਪੀ. ਬੈਂਸ ਨੇ ਕਿਹਾ ਕਿ ਮੁੱਖ ਮੁਲਜ਼ਮ ਦਾ ਮਨਸੂਬਾ ਬਰਸੀ ਸਮਾਗਮ ਮੌਕੇ ਪਿੰਡ ਅਤੇ ਗੁਰਦੁਆਰਾ ਕਮੇਟੀ ਨੂੰ ਪੰਜਾਬ ਪੱਧਰ ’ਤੇ ਬਦਨਾਮ ਕਰਨ ਦਾ ਸੀ ਪਰ ਪਿੰਡ ਵਾਸੀਆਂ ਦੀ ਸਿਆਣਪ ਅਤੇ ਪੁਲਸ ਦੀ ਤੁਰੰਤ ਕਾਰਵਾਈ ਸਦਕਾ ਕੋਈ ਵੱਡਾ ਵਿਵਾਦ ਪੈਦਾ ਹੋਣ ਤੋਂ ਬਚਾਅ ਹੋ ਗਿਆ। ਉਨ੍ਹਾਂ ਦੱਸਿਆ ਕਿ ਤਿੰਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅੱਗੇ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 25 ਤੇ 26 ਜਨਵਰੀ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News