ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਅਣ-ਅਧਿਕਾਰਤ ਕਲੋਨੀ ’ਤੇ ਚਲਾਇਆ ਪੀਲਾ ਪੰਜਾ
Thursday, Feb 13, 2025 - 06:28 PM (IST)
![ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਅਣ-ਅਧਿਕਾਰਤ ਕਲੋਨੀ ’ਤੇ ਚਲਾਇਆ ਪੀਲਾ ਪੰਜਾ](https://static.jagbani.com/multimedia/2025_2image_18_25_185760343untitled1234567890123.j.jpg)
ਗੁਰਦਾਸਪੁਰ (ਹਰਮਨ)- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪਾਪਰਾ ਐਕਟ 1995 ਦੀ ਉਲੰਘਣਾ ਕਰਨ ਵਾਲੀਆਂ ਅਣ-ਅਧਿਕਾਰਤ ਕਲੋਨੀਆਂ 'ਤੇ ਕਾਰਵਾਈ ਜਾਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣ-ਅਧਿਕਾਰਤ ਕਲੋਨੀਆਂ 'ਤੇ ਸ਼ੁਰੂ ਕੀਤੀ ਕਾਰਵਾਈ ਤਹਿਤ ਅੱਜ ਸ੍ਰੀ ਹਰਗੋਬਿੰਦਪੁਰ ਵਿਖੇ ਇਕ ਅਣਅਧਿਕਾਰਤ ਕਲੋਨੀ ਵਿਚ ਕੀਤੀਆਂ ਨਾਜਾਇਜ਼ ਉਸਾਰੀਆਂ ਨੂੰ ਤੋੜਿਆ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ
ਵਧੀਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ 'ਤੇ ਜ਼ਿਲ੍ਹਾ ਗੁਰਦਾਸਪੁਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈੱਕ ਕਰਦੇ ਹੋਏ ਸਬੰਧਿਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਿਤ ਥਾਣਾ ਅਫ਼ਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਨਾਕੇ 'ਤੇ ਰੋਕ ਲਈ IPS ਅਫ਼ਸਰ, ਫ਼ਿਰ ਜੋ ਹੋਇਆ ਜਾਣ ਰਹਿ ਜਾਓਗੇ ਦੰਗ
ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਗੈਰ-ਕਨੂੰਨੀ ਕਲੋਨੀਆਂ ਜੋ ਕਿ ਸਰਕਾਰ ਤੋਂ ਮਨਜ਼ੂਰਸ਼ੁਧਾ ਨਹੀਂ ਹਨ, ਵਿੱਚ ਪਲਾਟ ਨਾ ਖ਼ਰੀਦਿਆ ਜਾਵੇ ਅਤੇ ਕਿਸੇ ਵੀ ਕਲੋਨੀ ਵਿੱਚ ਪਲਾਟ ਖ਼ਰੀਦਣ ਤੋਂ ਪਹਿਲਾਂ ਸਰਕਾਰ ਦੀ ਮਨਜ਼ੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦਾ ਨੁਕਸਾਨ ਨਾ ਹੋ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਜੋ ਵੀ ਅਣ-ਅਧਿਕਾਰਤ ਕਲੋਨੀਆਂ ਅਪਲਾਈਡ ਹਨ, ਉਹ ਕਲੋਨਾਈਜ਼ਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਉਂਦੇ ਹੋਏ ਤੁਰੰਤ ਆਪਣੀਆਂ ਕਲੋਨੀਆਂ ਨੂੰ ਰੈਗੂਲਰ ਕਰਵਾਉਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਕਲੋਨਾਈਜ਼ਰ/ ਪ੍ਰਮੋਟਰ ਵਿਭਾਗ ਦੀ ਬਿਨਾਂ ਪ੍ਰਵਾਨਗੀ ਲਏ ਕੋਈ ਉਸਾਰੀ ਕਰਦਾ ਹੈ ਤਾਂ ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8