ਪੰਜਾਬ ’ਚ ਨਸ਼ਾ ਸਮੱਗਲਰਾਂ ਨੂੰ ਲੈ ਕੇ ਵੱਡੀ ਕਾਰਵਾਈ, IG ਗਿੱਲ ਨੇ ਕੀਤੇ ਅਹਿਮ ਖ਼ੁਲਾਸੇ
Monday, Aug 01, 2022 - 07:35 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ’ਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਨੂੰ ਲਗਭਗ ਇੱਕ ਮਹੀਨਾ ਪੂਰਾ ਹੋਣ ਦੇ ਨਾਲ ਪੰਜਾਬ ਪੁਲਸ ਨੇ 5 ਜੁਲਾਈ, 2022 ਤੋਂ ਹੁਣ ਤੱਕ 260 ਵੱਡੀਆਂ ਮੱਛੀਆਂ ਸਮੇਤ 2205 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ ਦੌਰਾਨ ਪੁਲਸ ਵੱਲੋਂ ਕੁੱਲ 1730 ਐੱਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ’ਚੋਂ 145 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ। ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅੱਜ ਇਥੇ ਇੰਸਪੈਕਟਰ ਜਨਰਲ ਆਫ਼ ਪੁਲਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਨੇ ਪਿਛਲੇ ਮਹੀਨੇ ਗ੍ਰਿਫਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 48.95 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਸ ਨੇ ਪਿਛਲੇ ਮਹੀਨੇ 99 ਭਗੌੜਿਆਂ ਅਤੇ ਐੱਨ.ਡੀ.ਪੀ.ਐੱਸ. ਕੇਸਾਂ ’ਚ ਲੋੜੀਂਦੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ‘ਮਾਨ ਸਰਕਾਰ’ ਨੇ ਹੁਣ ਤਕ ਦੇ ਕਾਰਜਕਾਲ ਦੌਰਾਨ ਸਹੇੜੇ ਇਹ ਵੱਡੇ ਵਿਵਾਦ
ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਬਾਰੇ ਮਹੀਨਾਵਾਰ ਅਪਡੇਟਸ ਦਿੰਦਿਆਂ ਆਈ.ਜੀ.ਪੀ. ਨੇ ਕਿਹਾ ਕਿ ਪੁਲਸ ਨੇ 30 ਕਿਲੋਗ੍ਰਾਮ ਹੈਰੋਇਨ, 75 ਕਿਲੋਗ੍ਰਾਮ ਅਫੀਮ, 69 ਕਿਲੋਗ੍ਰਾਮ ਗਾਂਜਾ ਅਤੇ 185 ਕੁਇੰਟਲ ਭੁੱਕੀ ਬਰਾਮਦ ਕੀਤੀ ਹੈ ਅਤੇ ਇਸ ਤੋਂ ਇਲਾਵਾ ਸੂਬੇ ਭਰ ’ਚ ਫਾਰਮਾ ਓਪੀਓਡਜ਼ ਦੀਆਂ 12.56 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ’ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਇਲਾਕਿਆਂ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਹਫ਼ਤੇ ਪੁਲਸ ਨੇ 329 ਐੱਫ.ਆਈ.ਆਰਜ਼ ਦਰਜ ਕਰਦਿਆਂ 453 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ 8.4 ਕਿਲੋ ਹੈਰੋਇਨ, 10 ਕਿਲੋ ਅਫੀਮ, 2 ਕਿਲੋ ਗਾਂਜਾ ਅਤੇ 21 ਕੁਇੰਟਲ ਭੁੱਕੀ ਬਰਾਮਦ ਕਰਨ ਤੋਂ ਇਲਾਵਾ 10.46 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਾਰੇ ਪੁਲਸ ਜ਼ਿਲ੍ਹਿਆਂ ਦੀ ਹਫਤਾਵਾਰੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਅਤੇ ਡਰੱਗ ਮਨੀ ਦੀ ਬਰਾਮਦਗੀ, ਕੇਸ ਦਰਜ ਕਰਨ, ਨਸ਼ਿਆਂ ਦੇ ਸਮੱਗਲਰਾਂ ਅਤੇ ਭਗੌੜੇ ਅਪਰਾਧੀਆਂ ਦੀਆਂ ਗ੍ਰਿਫ਼ਤਾਰੀਆਂ ਦੇ ਆਧਾਰ 'ਤੇ ਤਿੰਨ ਚੋਟੀ ਦੇ ਜ਼ਿਲ੍ਹਿਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨੋਂ ਸਿਖਰਲੇ ਜ਼ਿਲ੍ਹਿਆਂ ਨੂੰ ਮੁੱਖ ਮੰਤਰੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਵੱਲੋਂ ਵਰਦੀ ’ਚ ਕਿਸੇ ਵੀ ਕਾਲੀ ਭੇਡ ਨੂੰ ਬਰਦਾਸ਼ਤ ਨਾ ਕਰਨ ਲਈ ਪਹਿਲਾਂ ਹੀ ਸਪੱਸ਼ਟ ਨਿਰਦੇਸ਼ ਦਿੱਤੇ ਜਾਣ ਦੇ ਨਾਲ, ਆਈ.ਜੀ.ਪੀ. ਨੇ ਕਿਹਾ ਕਿ ਗਲਤ ਕਾਰਵਾਈਆਂ ’ਚ ਸ਼ਾਮਲ ਪਾਏ ਜਾਣ ਉਪਰੰਤ ਇਕ ਡੀ.ਐੱਸ.ਪੀ. ਸਮੇਤ ਛੇ ਅਜਿਹੇ ਪੁਲਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਡੀ.ਜੀ.ਪੀ. ਵੱਲੋਂ ਸਾਰੇ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਸਾਰੇ ਨਾਮੀ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ’ਚ ਨਸ਼ਾ ਸਮੱਗਲਿੰਗ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਸਮੱਗਲਰਾਂ ’ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਸਮੱਗਲਿੰਗ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਨ੍ਹਾਂ ਪੁਲਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਸਮੱਗਲਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਤੋਂ ਨਾਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।