STF ਦੀ ਵੱਡੀ ਕਾਰਵਾਈ, ਕਰੋੜਾਂ ਰੁਪਏ ਦੀ ਹੈਰੋਇਨ ਸਣੇ ਨੌਜਵਾਨ ਕਾਬੂ

01/28/2023 1:57:52 AM

ਲੁਧਿਆਣਾ (ਅਨਿਲ)-ਐੱਸ. ਟੀ. ਐੱਫ. ਦੀ ਲੁਧਿਆਣਾ ਪੁਲਸ ਨੇ ਨਸ਼ਾ ਸਮੱਗਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਨਸ਼ਾ ਸਮੱਗਲਰ ਨੂੰ ਸਾਢੇ 4 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਐੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਇਕ ਨੌਜਵਾਨ ਮੋਟਰਸਾਈਕਲ ’ਤੇ ਹੈਰੋਇਨ ਦੀ ਖੇਪ ਲੈ ਕੇ ਜਨਕਪੁਰੀ ਤੋਂ ਵਿਜੇ ਨਗਰ ਵੱਲ ਗਾਹਕਾਂ ਨੂੰ ਸਪਲਾਈ ਕਰਨ ਆ ਰਿਹਾ ਹੈ, ਜਿਸ ’ਤੇ ਐੱਸ. ਟੀ. ਐੱਫ. ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਸਪੈਸ਼ਲ ਨਾਕਾਬੰਦੀ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ : ਖ਼ੂਨੀ ਚਾਈਨਾ ਡੋਰ ਦਾ ਕਹਿਰ ਜਾਰੀ, 13 ਸਾਲਾ ਬੱਚੇ ਨੇ ਹਸਪਤਾਲ ’ਚ ਤੋੜਿਆ ਦਮ

ਇਸੇ ਦੌਰਾਨ ਸਾਹਮਣਿਓਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਆਉਂਦਾ ਦਿਖਾਈ ਦਿੱਤਾ। ਜਦੋਂ ਪੁਲਸ ਟੀਮ ਨੇ ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਨੌਜਵਾਨ ਨੇ ਇਕਦਮ ਆਪਣਾ ਮੋਟਰਸਾਈਕਲ ਰੋਕ ਕੇ ਪਿੱਛੇ ਮੋੜ ਲਿਆ ਅਤੇ ਭੱਜਣ ਦਾ ਯਤਨ ਕੀਤਾ ਪਰ ਪੁਲਸ ਦੀ ਮੁਸਤੈਦੀ ਕਾਰਨ ਤੁਰੰਤ ਉਸ ਨੂੰ ਕਾਬੂ ਕਰ ਲਿਆ। ਜਦੋਂ ਉਸ ਕੋਲੋਂ ਬਰਾਮਦ ਪਿੱਠੂ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ’ਚੋਂ 880 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ : ਖ਼ੁਸ਼ੀਆਂ ਆਉਣ ਤੋਂ ਪਹਿਲਾਂ ਹੀ ਘਰ ’ਚ ਪਏ ਵੈਣ, ਢਾਈ ਸਾਲਾ ਬੱਚੀ ਦੀ ਇੰਝ ਗਈ ਜਾਨ

ਪੁਲਸ ਨੇ ਤੁਰੰਤ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੀ ਪਛਾਣ ਮੁਹੰਮਦ ਨਸੀਮ (20) ਪੁੱਤਰ ਮੁਹੰਮਦ ਸਿਰਜੂਦੀਨ ਵਾਸੀ ਕਿਰਾਏਦਾਰ ਮੁਹੱਲਾ ਜਨਕਪੁਰੀ ਦੇ ਰੂਪ ’ਚ ਕੀਤੀ ਗਈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕਰੀਬ ਸਾਢੇ 4 ਕਰੋੜ ਦੀ ਕੀਮਤ ਦੱਸੀ ਜਾ ਰਹੀ ਹੈ। ਪੁਲਸ ਨੇ ਮੁਲਜ਼ਮ ਨੌਜਵਾਨ ਖ਼ਿਲਾਫ਼ ਮੋਹਾਲੀ ਦੇ ਐੱਸ. ਟੀ. ਐੱਫ. ਥਾਣੇ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਮੁਲਜ਼ਮ ਦਾ 2 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।


Manoj

Content Editor

Related News