‘ਬਿੱਲ ਲਿਆਓ ਇਨਾਮ ਪਾਓ’ ਸਕੀਮ ਅਧੀਨ ਵੱਡੀ ਕਾਰਵਾਈ, 533 ਗਲਤ ਬਿੱਲਾਂ ਲਈ 3 ਕਰੋੜ ਤੋਂ ਵੱਧ ਦਾ ਜੁਰਮਾਨਾ

Friday, Feb 09, 2024 - 06:56 PM (IST)

‘ਬਿੱਲ ਲਿਆਓ ਇਨਾਮ ਪਾਓ’ ਸਕੀਮ ਅਧੀਨ ਵੱਡੀ ਕਾਰਵਾਈ, 533 ਗਲਤ ਬਿੱਲਾਂ ਲਈ 3 ਕਰੋੜ ਤੋਂ ਵੱਧ ਦਾ ਜੁਰਮਾਨਾ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਅਧੀਨ 8 ਫਰਵਰੀ ਤੱਕ ਪ੍ਰਾਪਤ 533 ਗਲਤ ਬਿੱਲਾਂ ਲਈ ਕੁੱਲ 3,11,16,366 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਸ ’ਚੋਂ 2,12,18,191 ਰੁਪਏ ਵਸੂਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਦਸੰਬਰ 2023 ਦੇ ਅੰਤ ਤੱਕ ‘‘ਮੇਰਾ ਬਿੱਲ ਐਪ’’ ’ਤੇ ਆਪਣੇ ਖ਼ਰੀਦ ਬਿੱਲਾਂ ਨੂੰ ਅਪਲੋਡ ਕਰਕੇ ਕੁੱਲ 918 ਜੇਤੂਆਂ ਨੇ 43,73,555 ਰੁਪਏ ਦੇ ਇਨਾਮ ਜਿੱਤੇ ਹਨ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਅਧੀਨ 8 ਫਰਵਰੀ ਤੱਕ ਪ੍ਰਾਪਤ ਕੁੱਲ 59,616 ਬਿੱਲਾਂ ’ਚੋਂ 52,988 ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 6628 ਬਿੱਲਾਂ ਦੀ ਪੁਸ਼ਟੀ ਹੋਣੀ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਸਬੰਧਿਤ ਵਿਕਰੇਤਾਵਾਂ ਨੂੰ 1361 ਨੋਟਿਸ ਵੀ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਟੈਕਸੇਸ਼ਨ ਜਿਲ੍ਹਾ ਫਿਰੋਜ਼ਪੁਰ ਤੋਂ ਸੱਭ ਤੋਂ ਵੱਧ ਗਲਤ ਬਿੱਲ 189 ਪ੍ਰਾਪਤ ਹੋਏ ਜਿਸ ਲਈ 34,99,250 ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਟੈਕਸੇਸ਼ਨ ਜਿਲ੍ਹਾ ਫ਼ਰੀਦਕੋਟ ਤੋਂ ਪ੍ਰਾਪਤ 86 ਗਲਤ ਬਿੱਲਾਂ ਲਈ 16,95,294 ਰੁਪਏ, ਪਟਿਆਲਾ ਤੋਂ ਪ੍ਰਾਪਤ 75 ਗਲਤ ਬਿੱਲਾਂ ਲਈ 19,47,192 ਰੁਪਏ, ਜਲੰਧਰ ਤੋਂ ਪ੍ਰਾਪਤ 61 ਗਲਤ ਬਿੱਲਾਂ ਲਈ 33,62,324 ਰੁਪਏ, ਰੋਪੜ ਤੋਂ ਪ੍ਰਾਪਤ 51 ਗਲਤ ਬਿੱਲਾਂ ਲਈ 50,43,524 ਰੁਪਏ, ਅੰਮ੍ਰਿਤਸਰ ਤੋਂ ਪ੍ਰਾਪਤ 38 ਗਲਤ ਬਿੱਲਾਂ ਲਈ 59,72,910 ਰੁਪਏ, ਅਤੇ ਲੁਧਿਆਣਾ ਤੋਂ ਪ੍ਰਾਪਤ 33 ਗਲਤ ਬਿੱਲਾਂ ਲਈ 95,95,872 ਰੁਪਏ ਦਾ ਜੁਰਮਾਨਾ ਲਗਾਇਆ ਗਿਆ।

ਇਹ ਵੀ ਪੜ੍ਹੋ : ਗੁਰਦੁਆਰਾ ਐਕਟ ਖ਼ਿਲਾਫ਼ ਪ੍ਰਦਰਸ਼ਨ ’ਚ ਸ਼ਾਮਲ ਹੋਣ ਮਹਾਰਾਸ਼ਟਰ ਪਹੁੰਚੇ ਐਡਵੋਕੇਟ ਧਾਮੀ, ਸਰਕਾਰ ਨੂੰ ਕੀਤੀ ਅਪੀਲ

ਉਨ੍ਹਾਂ ਕਿਹਾ ਕਿ ਆਨਲਾਈਨ ਡਰਾਅ ਰਾਹੀਂ ਹੁਣ ਤੱਕ ਕੁੱਲ 1164 ਜੇਤੂਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਜਿਸ ’ਚ ਜਨਵਰੀ 2024 ਦੇ 246 ਜੇਤੂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਠਿਤ ਕਮੇਟੀ ਦੁਆਰਾ ਹਰ ਮਹੀਨੇ ਆਨਲਾਈਨ ਡਰਾਅ ਕੱਢਿਆ ਜਾਂਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤੰਬਰ 2023 ’ਚ 227 ਜੇਤੂਆਂ ਨੇ 11,75,005 ਰੁਪਏ ਦੇ ਇਨਾਮ ਜਿੱਤੇ, ਅਕਤੂਬਰ 2023 ’ਚ 216 ਜੇਤੂਆਂ ਨੇ 10,25,540 ਰੁਪਏ ਦੇ ਇਨਾਮ ਜਿੱਤੇ, ਨਵੰਬਰ 2023 ’ਚ 235 ਜੇਤੂਆਂ ਨੇ 10,78,930 ਰੁਪਏ ਦੇ ਇਨਾਮ ਜਿੱਤੇ ਅਤੇ ਦਸੰਬਰ 2023 ’ਚ 240 ਜੇਤੂਆਂ ਨੇ 10,94,080 ਰੁਪਏ ਦੇ ਇਨਾਮ ਜਿੱਤੇ। ਉਨ੍ਹਾਂ ਕਿਹਾ ਕਿ ਜਨਵਰੀ 2024 ਲਈ ਡਰਾਅ 7 ਫਰਵਰੀ ਨੂੰ ਕੱਢਿਆ ਗਿਆ ਸੀ ਅਤੇ ਜੇਤੂਆਂ ਵੱਲੋਂ ਆਪਣੇ ਬੈਂਕ ਖਾਤੇ ਦੇ ਵੇਰਵੇ ਮੁਹੱਈਆ ਕਰਵਾਉਣ ਤੋਂ ਬਾਅਦ ਇਨਾਮੀ ਰਾਸ਼ੀ ਦੇ ਦਿੱਤੀ ਜਾਵੇਗੀ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 21 ਅਗਸਤ, 2023 ਨੂੰ ‘ਮੇਰਾ ਬਿੱਲ ਐਪ’ ਲਾਂਚ ਕਰਨ ਤੋਂ ਬਾਅਦ ਇਸ ਸਕੀਮ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਖ਼ਪਤਕਾਰਾਂ ਨੂੰ ਉਨ੍ਹਾਂ ਦੀਆਂ ਖਰੀਦਾਂ ਲਈ ਬਿੱਲ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨਾ ਅਤੇ ਇਸ ਤਰ੍ਹਾਂ ਵਿਕਰੇਤਾਵਾਂ ਨੂੰ ਉਨ੍ਹਾਂ ਦੀ ਵਿਕਰੀ ਲਈ ਬਿੱਲ ਜਾਰੀ ਕਰਨ ਲਈ ਪਾਬੰਦ ਕਰਨਾ ਹੈ।

ਇਹ ਵੀ ਪੜ੍ਹੋ : ਅੱਤਵਾਦੀ ਹਮਲੇ ’ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਦੀ ਡਾ. ਓਬਰਾਏ ਨੇ ਫੜ੍ਹੀ ਬਾਂਹ, ਲਗਾਈ ਪੈਨਸ਼ਨ

ਵਿੱਤ ਮੰਤਰੀ ਨੇ ਕਿਹਾ ਕਿ ਪੈਟਰੋਲੀਅਮ ਪਦਾਰਥਾਂ (ਕੱਚੇ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਫਿਊਲ ਅਤੇ ਕੁਦਰਤੀ ਗੈਸ), ਸ਼ਰਾਬ ਦੇ ਵਿਕਰੀ ਬਿੱਲ ਅਤੇ ਪੰਜਾਬ ਤੋਂ ਬਾਹਰ ਖਰੀਦੀਆਂ ਜਾਣ ਵਾਲੀਆਂ ਖਰੀਦਾਂ ਨਾਲ ਸਬੰਧਤ ਬਿੱਲਾਂ ਦੇ ਨਾਲ-ਨਾਲ ਬੀ2ਬੀ (ਵਪਾਰ ਤੋਂ ਕਾਰੋਬਾਰ) ਲੈਣ-ਦੇਣ ਦੇ ਬਿੱਲ ਇਸ ਸਕੀਮ ’ਚ ਸ਼ਾਮਿਲ ਨਹੀਂ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਬੀਤੇ ਇੱਕ ਮਹੀਨੇ ’ਚ ਕੀਤੀਆਂ ਖਰੀਦਾਂ ਦੇ ਬਿੱਲਾਂ ਨੂੰ ਹੀ ਡਰਾਅ ’ਚ ਵਿਚਾਰਿਆ ਜਾਂਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੱਲੋਂ ਖਰੀਦੀਆਂ ਜਾ ਰਹੀਆਂ ਸਾਰੀਆਂ ਵਸਤਾਂ ਅਤੇ ਸੇਵਾਵਾਂ ਦੇ ਖਰੀਦ ਬਿੱਲ ਪ੍ਰਾਪਤ ਕਰਨ ਅਤੇ ਇਸ ਸਕੀਮ ’ਚ ਹਰ ਮਹੀਨੇ ਹਿੱਸਾ ਲੈ ਕੇ 10,000 ਰੁਪਏ ਤੱਕ ਦੇ ਇਨਾਮ ਜਿੱਤਣ। ਉਨ੍ਹਾਂ ਕਿਹਾ ਕਿ ਇਹ ਸਕੀਮ ਜ਼ਮੀਨੀ ਪੱਧਰ 'ਤੇ ਟੈਕਸ ਦੀ ਪਾਲਣਾ ਦਾ ਸੰਦੇਸ਼ ਦੇਣ ਅਤੇ ਟੈਕਸ ਚੋਰੀ ਦੀ ਪ੍ਰਥਾ ਨੂੰ ਜੜ੍ਹਾਂ ਤੋਂ ਖ਼ਤਮ ਕਰਨ ’ਚ ਮਦਦਗਾਰ ਸਾਬਿਤ ਹੋ ਰਹੀ ਹੈ।

ਇਹ ਵੀ ਪੜ੍ਹੋ : ਮੰਤਰੀ ਅਮਨ ਅਰੋੜਾ ਦਾ ਐਲਾਨ, ਖ਼ੇਤੀ ਰਹਿੰਦ-ਖੂੰਹਦ ਆਧਾਰਤ 7 ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


author

Anuradha

Content Editor

Related News