ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਏ ਗਏ ਵੱਡੇ ਫ਼ੈਸਲੇ, ਮੰਤਰੀ ਹਰਪਾਲ ਚੀਮਾ ਖ਼ੁਦ ਹੋਏ Live (ਵੀਡੀਓ)

02/22/2024 7:03:53 PM

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹੋਈ, ਜਿਸ ਦੌਰਾਨ ਕਈ ਵੱਡੇ ਫ਼ੈਸਲੇ ਲਏ ਗਏ। ਮੀਟਿੰਗ ਮਗਰੋਂ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਬਨਿਟ ਮੀਟਿੰਗ ਦੌਰਾਨ ਬਹੁਤ ਸਾਰੇ ਪੰਜਾਬ ਪੱਖੀ ਫ਼ੈਸਲੇ ਲਏ ਗਏ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਦੀ ਮੌਤ ਹੋ ਗਈ ਸੀ। ਉਸ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਮਾਲੀ ਮਦਦ ਦੇਣ ਦਾ ਐਲਾਨ ਮੀਟਿੰਗ ਦੌਰਾਨ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਪੰਜਾਬ ਹੋਮਗਾਰਡਜ਼ ਦੇ ਇਸ ਵਲੰਟੀਅਰਾਂ ਦੀ ਕੁਰਬਾਨੀ ਨੂੰ ਵੀ ਪੁਲਸ ਅਫ਼ਸਰਾਂ, ਅਰਧ-ਸੈਨਿਕ ਬਲ ਅਤੇ ਫ਼ੌਜ ਵਿੱਚ ਸੇਵਾ ਨਿਭਾਅ ਰਹੇ ਪੰਜਾਬ ਦੇ ਵਾਸੀ ਸੈਨਿਕਾਂ ਦੇ ਬਰਾਬਰ ਦਰਜਾ ਦਿੱਤਾ ਹੈ। ਇਸ ਉਪਰਾਲੇ ਨਾਲ ਪੰਜਾਬ ਹੋਮਗਾਰਡਜ਼ ਵਲੰਟੀਅਰਾਂ ਦਾ ਮਨੋਬਲ ਹੋਰ ਵਧੇਗਾ।

ਇਹ ਵੀ ਪੜ੍ਹੋ : PM ਮੋਦੀ 25 ਤਾਰੀਖ਼ ਨੂੰ ਕਰਨਗੇ PGI ਦੇ ਸੰਗਰੂਰ ਸੈਟੇਲਾਈਟ ਸੈਂਟਰ ਦਾ ਉਦਘਾਟਨ

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਉਦੋਯਗ ਨੂੰ ਪ੍ਰਫੁੱਲਿਤ ਕਰਨ ਲਈ ਐੱਮ. ਐੱਸ. ਐੱਮ. ਈ. ਵਿੰਗ ਦੀ ਸਥਾਪਨਾ ਕੀਤੀ ਗਈ ਹੈ, ਜਿੱਥੇ ਹਰ ਤਰ੍ਹਾਂ ਦੀ ਸਮੱਸਿਆ ਦਾ ਹੱਲ ਹੋਵੇਗਾ। ਹਰਪਾਲ ਚੀਮਾ ਨੇ ਕਿਹਾ ਕਿ ਸਭ ਤੋਂ ਛੋਟੇ ਉਦਯੋਗ ਪੰਜਾਬ 'ਚ ਲੱਗ ਰਹੇ ਹਨ, ਇਸ ਦੇ ਕਾਰਨ ਹੀ ਇਹ ਫ਼ੈਸਲਾ ਲਿਆ ਗਿਆ ਹੈ। ਇਹ ਪਹਿਲ ਕਦਮੀ ਐੱਮ. ਐੱਸ. ਐੱਮ. ਈ. ਉਦਯੋਗਾਂ ਨੂੰ ਦਰਪੇਸ਼ ਵਿਭਿੰਨ ਚੁਣੌਤੀਆਂ ਨੂੰ ਹੱਲ ਕਰਨ ਅਤੇ ਪੰਜਾਬ ਨੂੰ ਇੱਕ ਬਹੁਤ ਹੀ ਜੀਵੰਤ ਅਤੇ ਗਤੀਸ਼ੀਲ ਉਦਯੋਗਿਕ ਕੇਂਦਰ ਵਿੱਚ ਬਦਲਣ ਲਈ ਸਰਕਾਰ ਦੀ ਵਚਨਬੱਧਤਾ ਵਲੋਂ ਕੀਤੀ ਗਈ ਹੈ। ਸਰਕਾਰ ਦੀ ਇਸ ਪਹਿਲ ਕਦਮੀ ਨਾਲ ਸੂਬੇ ਵਿੱਚ ਲਗਭਗ 8 ਲੱਖ ਮੌਜੂਦਾ ਅਤੇ ਨਵੇਂ ਐਮ.ਐਸ.ਐਮ.ਈ. ਉਦਯੋਗ ਨੂੰ ਵੱਡਾ ਲਾਭ ਮਿਲੇਗਾ।

ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਦੌਰਾਨ 21 ਸਾਲਾ ਨੌਜਵਾਨ ਦੀ ਮੌਤ 'ਤੇ ਭੜਕੇ ਰਾਜਾ ਵੜਿੰਗ, ਆਖੀਆਂ ਵੱਡੀਆਂ ਗੱਲਾਂ (ਵੀਡੀਓ)
ਮੀਟਿੰਗ ਦੌਰਾਨ ਪੰਜਾਬ 'ਚ ਅਧਿਆਪਕਾਂ ਦੀ ਤਬਾਦਲਾ ਨੀਤੀ 'ਚ ਵੀ ਸੋਧ ਕੀਤੀ ਗਈ ਹੈ, ਜਿਸ ਨਾਲ ਅਧਿਆਪਕਾਂ ਨੂੰ ਵੱਡੀ ਰਾਹਤ ਮਿਲੇਗੀ।  ਇਸ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਜਿਹੜੇ ਮੁਲਾਜ਼ਮ ਕੈਂਸਰ ਮਰੀਜ਼ (ਖ਼ੁਦ, ਜੀਵਨ ਸਾਥੀ ਜਾਂ ਬੱਚੇ), ਡਾਇਲਸਿਸ (ਖ਼ੁਦ, ਜੀਵਨ ਸਾਥੀ ਜਾਂ ਬੱਚੇ), ਲਿਵਰ ਜਾਂ ਗੁਰਦਾ ਟਰਾਂਸਪਲਾਂਟ/40 ਫ਼ੀਸਦੀ ਤੋਂ ਵੱਧ ਦਿਵਿਆਂਗ, ਹੈਪੇਟਾਈਟਸ-ਬੀ, ਹੈਪੇਟਾਈਟਸ-ਸੀ, ਸਿੱਕਲ ਸੈੱਲ, ਅਨੀਮੀਆ, ਥੈਲੇਸੀਮੀਆ (ਖ਼ੁਦ ਜਾਂ ਬੱਚੇ), ਤਲਾਕਸ਼ੁਦਾ, ਜਿਨ੍ਹਾਂ ਮੁਲਾਜ਼ਮਾਂ ਦੇ ਵਿਸ਼ੇਸ਼ ਬੱਚੇ ਜਾਂ ਬੌਧਿਕ ਤੌਰ 'ਤੇ ਵਿਸ਼ੇਸ਼ ਬੱਚੇ ਹਨ, ਜੰਗੀ ਵਿਧਵਾ/ਸ਼ਹੀਦ ਦੀ ਵਿਧਵਾ/ਜੀਵਨ ਸਾਥੀ ਦੀ ਮੌਤ ਹੋ ਜਾਣ ਦੀ ਸੂਰਤ ਵਿੱਚ ਸੇਵਾ ਨਿਭਾਅ ਰਹੇ ਮੁਲਾਜ਼ਮ ਦਾ ਕਿਸੇ ਹੋਰ ਸਟੇਸ਼ਨ 'ਤੇ ਤੁਰੰਤ ਜਾਣਾ ਲੋੜੀਂਦਾ ਹੋਵੇ ਅਤੇ ਬੱਚਿਆਂ ਦੀ ਉਮਰ 18 ਸਾਲ ਤੋਂ ਘੱਟ ਹੋਵੇ।

ਉਹ ਅਧਿਆਪਕ ਜਿਸ ਦਾ ਜੀਵਨ ਸਾਥੀ ਹਥਿਆਰਬੰਦ ਸੈਨਾਵਾਂ ਵਿੱਚ ਸੇਵਾ ਨਿਭਾਅ ਰਿਹਾ ਹੈ ਅਤੇ ਉਸ ਦੀ ਤਾਇਨਾਤੀ ਔਖੀਆਂ ਹਾਲਤਾਂ ਵਾਲੀ ਥਾਂ 'ਤੇ ਹੋਵੇ, ਇਨ੍ਹਾਂ ਸਾਰਿਆਂ ਕੇਸਾਂ ਵਿੱਚ ਬਦਲੀਆਂ ਲਈ ਬੇਨਤੀਆਂ ਮਹੀਨੇ ਦੇ ਆਧਾਰ ਉਤੇ ਪੋਰਟਲ ਉਤੇ ਜਮ੍ਹਾਂ ਹੋਣਗੀਆਂ ਅਤੇ ਕੋਈ ਵੀ ਆਫਲਾਈਨ ਬੇਨਤੀ ਪ੍ਰਵਾਨ ਨਹੀਂ ਕੀਤੀ ਜਾਵੇਗੀ। ਅਜਿਹੇ ਮਾਮਲਿਆਂ ਵਿੱਚ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਜੰਗੀ ਵਿਧਵਾਵਾਂ ਦੀ ਜੰਗੀ ਜਗੀਰ ਦੀ ਰਾਸ਼ੀ ਨੂੰ 10 ਹਜ਼ਾਰ ਤੋਂ ਵਧਾ 20 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਪੰਜਾਬ 'ਚ ਪ੍ਰੋਫੈਸਰਾਂ ਦੀ ਭਰਤੀ ਲਈ ਉਮਰ 'ਚ ਛੋਟ ਦਿੱਤੀ ਗਈ ਹੈ। ਕੱਚੇ ਅਧਿਆਪਕ, ਗੈਸਟ ਫੈਕਲਟੀ ਦੀ ਭਰਤੀ ਲਈ ਉਮਰ 37 ਸਾਲ ਤੋਂ ਵਧਾ ਕੇ 45 ਸਾਲ ਕੀਤੀ ਗਈ ਹੈ। ਇਸ ਤੋਂ ਇਲਾਵਾ ਨਵੀਆਂ ਅਸਾਮੀਆਂ ਦੀ ਵੀ ਸਿਰਜਣਾ ਕੀਤੀ ਗਈ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


Babita

Content Editor

Related News