ਫ਼ਿਰੋਜ਼ਪੁਰ ਸਰਹੱਦ ਨੇੜੇ ਮਿਲੇ ਟਿਫ਼ਿਨ ਬੰਬ ’ਚ ਡੀ. ਜੀ. ਪੀ. ਪੰਜਾਬ ਨੇ ਕੀਤੇ ਵੱਡੇ ਖੁਲਾਸੇ

Thursday, Nov 04, 2021 - 10:21 PM (IST)

ਫ਼ਿਰੋਜ਼ਪੁਰ ਸਰਹੱਦ ਨੇੜੇ ਮਿਲੇ ਟਿਫ਼ਿਨ ਬੰਬ ’ਚ ਡੀ. ਜੀ. ਪੀ. ਪੰਜਾਬ ਨੇ ਕੀਤੇ ਵੱਡੇ ਖੁਲਾਸੇ

ਚੰਡੀਗੜ੍ਹ (ਬਿਊਰੋ) : ਸਰਹੱਦੀ ਸੂਬੇ ਪੰਜਾਬ ’ਚ ਇੱਕ ਹੋਰ ਸੰਭਾਵਿਤ ਅੱਤਵਾਦੀ ਹਮਲੇ ਨੂੰ ਨਾਕਾਮ ਕਰਦੇ ਹੋਏ ਪੰਜਾਬ ਪੁਲਸ ਨੇ ਦੀਵਾਲੀ ਦੀ ਪੂਰਵ ਸੰਧਿਆ ਨੂੰ ਜ਼ਿਲ੍ਹਾ ਫਿਰੋਜ਼ਪੁਰ ’ਚ ਭਾਰਤ-ਪਾਕਿ ਸਰਹੱਦ ਨੇੜੇ ਸਥਿਤ ਪਿੰਡ ਅਲੀ ਕੇ ਵਿਖੇ ਖੇਤਾਂ ਵਿੱਚ ਛੁਪਾ ਕੇ ਰੱਖਿਆ ਇੱਕ ਹੋਰ ਟਿਫ਼ਨ ਬੰਬ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਲੁਧਿਆਣਾ ਦਿਹਾਤੀ ਪੁਲਸ ਨੇ ਸੋਮਵਾਰ ਨੂੰ ਦੋ ਵਿਅਕਤੀਆਂ ਨੂੰ ਜਲਾਲਾਬਾਦ ਬੰਬ ਧਮਾਕੇ ਮਾਮਲੇ ’ਚ ਦੋਸ਼ੀ ਰਣਜੀਤ ਸਿੰਘ ਉਰਫ਼ ਗੋਰਾ ਨੂੰ ਪਨਾਹ ਦੇਣ ਅਤੇ ਮਦਦ ਕਰਨ ਦੇ ਦੋਸ਼ ਅਧੀਨ  ਗ੍ਰਿਫਤਾਰ ਕੀਤਾ ਸੀ। ਜਲਾਲਾਬਾਦ ਬੰਬ ਧਮਾਕਾ ਕੇਸ ਦੀ ਜਾਂਚ ਐੱਨ. ਆਈ. ਏ. ਵਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਜਸਵੰਤ ਸਿੰਘ ਉਰਫ਼ ਸ਼ਿੰਦਾ ਬਾਬਾ ਵਾਸੀ ਪਿੰਡ ਝੁੱਗੇ ਨਿਹੰਗਾ ਵਾਲਾ, ਫਿਰੋਜ਼ਪੁਰ ਅਤੇ ਬਲਵੰਤ ਸਿੰਘ ਵਾਸੀ ਪਿੰਡ ਵਲੀਪੁਰ ਖੁਰਦ, ਲੁਧਿਆਣਾ ਵਜੋਂ ਹੋਈ ਹੈ। ਇਸ ਤੋਂ ਇਲਾਵਾ ਰਣਜੀਤ ਸਿੰਘ ਉਰਫ ਗੋਰਾ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿੰਡ ਝੁੱਗੇ ਨਿਹੰਗਾ ਵਾਲੇ ਦੇ ਬਲਵਿੰਦਰ ਸਿੰਘ ਉਰਫ ਬਿੰਦੂ ਦੀ 15 ਸਤੰਬਰ 2021 ਨੂੰ ਰਾਤ 8 ਵਜੇ ਦੇ ਕਰੀਬ ਜਲਾਲਾਬਾਦ ਸ਼ਹਿਰ ਵਿੱਚ ਇੱਕ ਮੋਟਰਸਾਈਕਲ ਧਮਾਕੇ ਵਿੱਚ ਮੌਤ ਹੋ ਗਈ ਸੀ। ਉਹ ਅਪਰਾਧਿਕ ਪਿਛੋਕੜ ਨਾਲ ਸਬੰਧਤ ਸੀ। ਜਲਾਲਾਬਾਦ ਬੰਬ ਧਮਾਕਾ ਮਾਮਲੇ ਵਿੱਚ ਪਹਿਲਾਂ ਹੀ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਕੋਲੋਂ 1 ਟਿਫ਼ਨ ਬੰਬ, 2 ਪੈੱਨ ਡਰਾਈਵਜ਼ ਅਤੇ 1 ਲੱਖ 15 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ : ਉੱਪ ਮੁੱਖ ਮੰਤਰੀ ਸੋਨੀ ਨੇ ‘ਬਸੇਰਾ’ ਯੋਜਨਾ ਤਹਿਤ ਜ਼ਮੀਨਾਂ ਦੇ ਮਾਲਕਾਨਾ ਹੱਕ ਅਤੇ ਦਸਤਾਵੇਜ਼ ਸੌਂਪੇ

ਡੀ. ਜੀ. ਪੀ. ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਦੋ ਦੋਸ਼ੀਆਂ ਕੋਲ ਇੱਕ ਟਿਫ਼ਨ ਬੰਬ ਸੀ, ਜੋ ਉਨ੍ਹਾਂ ਨੇ ਖੇਤਾਂ ਵਿੱਚ ਛੁਪਾ ਕੇ ਰੱਖਿਆ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦੇ ਖੁਲਾਸੇ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਅਤੇ ਲੁਧਿਆਣਾ ਅਤੇ ਸੀ. ਆਈ. ਏ. ਜਗਰਾਉਂ ਦੀਆਂ ਟੀਮਾਂ ਵੱਲੋਂ ਬੁੱਧਵਾਰ ਨੂੰ ਫਿਰੋਜ਼ਪੁਰ ਦੇ ਪਿੰਡ ਅਲੀ ਕੇ ਵਿਖੇ ਇੱਕ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ ਗਿਆ ਅਤੇ ਟਿਫਿਨ ਬੰਬ ਬਰਾਮਦ ਕੀਤਾ ਗਿਆ। ਏ. ਡੀ. ਜੀ. ਪੀ. (ਅੰਦਰੂਨੀ ਸੁਰੱਖਿਆ) ਆਰ. ਐੱਨ ਢੋਕੇ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਆਸ ਹੈ। ਇਸ ਤੋਂ ਪਹਿਲਾਂ ਵੀ ਪਿਛਲੇ ਕੁਝ ਮਹੀਨਿਆਂ ਦੌਰਾਨ ਅੰਮ੍ਰਿਤਸਰ ਦਿਹਾਤੀ, ਕਪੂਰਥਲਾ, ਫਾਜ਼ਿਲਕਾ ਅਤੇ ਤਰਨਤਾਰਨ ਤੋਂ ਟਿਫਿਨ ਬੰਬ ਬਰਾਮਦ ਕੀਤੇ ਜਾ ਚੁੱਕੇ ਹਨ।  ਦੱਸਣਯੋਗ ਹੈ ਕਿ 1 ਨਵੰਬਰ, 2021 ਨੂੰ ਲੁਧਿਆਣਾ (ਦਿਹਾਤੀ) ਦੇ ਥਾਣਾ ਸਿੱਧਵਾਂ ਬੇਟ ਵਿਖੇ ਆਈ. ਪੀ. ਸੀ. ਦੀ ਧਾਰਾ 212 ਅਤੇ 216 ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ. ਏ. ਪੀ. ਏ.) ਐਕਟ ਦੀਆਂ ਧਾਰਾਵਾਂ 18 ਅਤੇ 19 ਅਧੀਨ ਐੱਫ. ਆਈ. ਆਰ. ਨੰਬਰ 181 ਦਰਜ ਕੀਤੀ ਗਈ ਸੀ।

ਇਹ ਵੀ ਪੜ੍ਹੋ : ਰੇਤ ਮਾਈਨਿੰਗ ’ਚ ਸ਼ਾਮਲ ਕਾਂਗਰਸੀਆਂ ਦੇ ਨਾਂ ਉਜਾਗਰ ਕਰਨ ਕੈਪਟਨ : ਸ਼੍ਰੋਮਣੀ ਅਕਾਲੀ ਦਲ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

Anuradha

Content Editor

Related News