ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬ ਭਰ ਵਿਚ ਸ਼ੁਰੂ ਹੋਏ ਐਕਸ਼ਨ
Tuesday, Sep 10, 2024 - 06:35 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਨੇ ਬਿਜਲੀ ਚੋਰੀ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸਿਰਫ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਐਂਟੀ ਪਾਵਰ ਥੈਫਟ ਥਾਣਿਆਂ ਵਿਚ 296 ਐੱਫ.ਆਈ.ਆਰ ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ 38 ਕਰਮਚਾਰੀਆਂ ਨੂੰ ਭ੍ਰਿਸ਼ਟ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਕਾਰਨ ਬਰਖਾਸਤ ਕੀਤਾ ਗਿਆ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿਚ ਇਹ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਖਜ਼ਾਨੇ ਨੂੰ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਰਾਜ ਭਰ ਵਿਚ ਨਿਯਮਤ ਚੈਕਿੰਗਾਂ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਪਟਿਆਲਾ ਜ਼ੋਨ ਵਿਚ 90, ਅੰਮ੍ਰਿਤਸਰ ਜ਼ੋਨ ਵਿਚ 79, ਬਠਿੰਡਾ ਜ਼ੋਨ ਵਿਚ 71, ਲੁਧਿਆਣਾ ਜ਼ੋਨ ਵਿਚ 29 ਅਤੇ ਜਲੰਧਰ ਜ਼ੋਨ ਵਿਚ 27 ਐੱਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਹੁਸ਼ਿਆਰਪੁਰ 'ਚ ਭਿਆਨਕ ਬਣੇ ਹਾਲਾਤ, ਪੰਜਾਬੀਆਂ ਨੇ ਜਾਨ ਤਲੀ 'ਤੇ ਧਰ ਕੇ ਬਚਾਈ ਹਿਮਾਚਲ ਦੇ ਮੁੰਡਿਆਂ ਦੀ ਜਾਨ
ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਇਹ ਐੱਫ.ਆਈ.ਆਰ. ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਤਹਿਤ ਦਰਜ ਕੀਤੀਆਂ ਗਈਆਂ ਹਨ, ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਦੌਰਾਨ 37 ਆਊਟਸੋਰਸ ਮੀਟਰ ਰੀਡਰਾਂ ਅਤੇ ਇਕ ਸੁਪਰਵਾਈਜ਼ਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਬਰਖਾਸਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਬਿਜਲੀ ਚੋਰੀ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬਿਜਲੀ ਮੰਤਰੀ ਨੇ ਬਿਜਲੀ ਚੋਰੀ ਨਾਲ ਨਜਿੱਠਣ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਵਿਰੁੱਧ ਸਖ਼ਤ ਕਦਮ ਬੇਰੋਕ ਜਾਰੀ ਰਹਿਣਗੇ। ਉਨ੍ਹਾਂ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਉਹ ਆਪਣੀਆਂ ਗਤੀਵਿਧੀਆਂ ਬੰਦ ਕਰਕੇ ਆਪਣੇ ਬਿਜਲੀ ਕੁਨੈਕਸ਼ਨ ਨਿਯਮਤ ਕਰਵਾਉਣ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਬੱਸ ਹਾਦਸਾ, ਇਕ ਦੀ ਮੌਤ, ਜਾਮ ਹੋਇਆ ਇਹ ਨੈਸ਼ਨਲ ਹਾਈਵੇਅ
ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਸੂਬੇ ਦੇ ਖਜ਼ਾਨੇ ਨੂੰ ਵੱਡਾ ਖੋਰਾ ਲਾਉਂਦੀ ਹੈ ਅਤੇ ਇਸ ਨੂੰ ਮੁਕੰਮਲ ਤੌਰ 'ਤੇ ਖ਼ਤਮ ਕਰਨ ਲਈ ਬਿਜਲੀ ਵਿਭਾਗ ਦ੍ਰਿੜ ਸੰਕਲਪ ਹੈ। ਇਥੇ ਜ਼ਿਕਰਯੋਗ ਹੈ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਹਿਲਾਂ ਹੀ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿਚ ਵਿਆਪਕ ਪੱਧਰ 'ਤੇ ਵਿਸ਼ੇਸ਼ ਨਿਰੀਖਣ ਕਰਨ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਇਨ੍ਹਾਂ ਨਿਰੀਖਣਾਂ ਦਾ ਉਦੇਸ਼ ਬਿਜਲੀ ਚੋਰੀ ਨੂੰ ਰੋਕਣਾ ਅਤੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਕਾਰਨ ਹੋਏ ਮਾਲੀਏ ਦੇ ਨੁਕਸਾਨ ਦੀ ਭਰਪਾਈ ਕਰਨਾ ਹੈ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨੇੜੇ ਅੱਧੀ ਰਾਤ ਨੂੰ ਪਿਆ ਭੜਥੂ, ਹਾਲਾਤ ਦੇਖ ਸਹਿਮ ਗਏ ਲੋਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8