ਮੈਰਿਜ ਪੈਲਸਾਂ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਲਾਈਆਂ ਗਈਆਂ ਹੋਰ ਵੀ ਪਾਬੰਦੀਆਂ

Monday, Mar 03, 2025 - 11:49 AM (IST)

ਮੈਰਿਜ ਪੈਲਸਾਂ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਲਾਈਆਂ ਗਈਆਂ ਹੋਰ ਵੀ ਪਾਬੰਦੀਆਂ

ਫਾਜ਼ਿਲਕਾ/ਜਲਾਲਾਬਾਦ (ਨਾਗਪਾਲ, ਬਜਾਜ) : ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਅਪ੍ਰੈਲ ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ’ਚ ਆਇਆ ਹੈ ਕਿ ਜ਼ਿਲ੍ਹੇ ’ਚ ਚੱਲ ਰਹੇ ਮੈਰਿਜ ਪੈਲਸਾਂ ’ਚ ਹੋਣ ਵਾਲੇ ਸਮਾਰੋਹ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇਕ ਫੈਸ਼ਨ ਬਣ ਗਿਆ ਹੈ। ਇਸ ਨਾਲ ਕਈ ਵਾਰ ਅਣਸੁਖਾਵੀਂ ਘਟਨਾ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ’ਚ ਚੱਲ ਰਹੇ ਮੈਰਿਜ ਪੈਲਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ’ਤੇ ਰੋਕ ਲਾਉਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਦਵਾਈ 'ਤੇ ਮੁਕੰਮਲ ਪਾਬੰਦੀ! ਕੈਮਿਸਟਾਂ ਨੂੰ ਜਾਰੀ ਹੋਏ ਸਖ਼ਤ ਹੁਕਮ

ਇਕ ਹੋਰ ਹੁਕਮ ’ਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ 8 ਗੁਣਾ 13 ਅਕਾਰ ਤੋਂ ਘੱਟ ਅਤੇ ਨਿਰਧਾਰਤ ਰੰਗ ਤੋਂ ਬਗੈਰ ਦੇ ਅਣਲੱਗ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਬਣਾਉਣ/ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਇਹ ਲਿਫ਼ਾਫ਼ੇ ਨਾਲੀਆਂ/ਸੀਵਰੇਜ ਜਾਂ ਪਬਲਿਕ ਸਥਾਨਾਂ ’ਤੇ ਸੁੱਟਣ ਦੀ ਵੀ ਪਾਬੰਦੀ ਲਾਈ ਜਾਂਦੀ ਹੈ। ਇਨ੍ਹਾਂ ਦੀ ਵਰਤੋਂ ਨਾਲ ਸਫ਼ਾਈ ’ਚ ਵਿਘਨ ਪੈਂਦਾ ਹੈ ਅਤੇ ਸੀਵਰੇਜ ਆਦਿ ’ਚ ਫਸ ਜਾਣ ਕਾਰਨ ਸੀਵਰੇਜ ਬੰਦ ਹੋ ਜਾਂਦਾ ਹੈ ਅਤੇ ਗੰਦਾ ਪਾਣੀ ਸੜਕਾਂ, ਗਲੀਆਂ ਵਿਚ ਆ ਜਾਂਦਾ ਹੈ। ਜਿਸ ਦੇ ਸਿੱਟੇ ਵਜੋਂ ਵਾਤਾਵਰਣ ਅਤੇ ਸਿਹਤ ਸਬੰਧੀ ਖ਼ਤਰਨਾਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਅਤੇ ਬੀ. ਪੀ. ਓਜ਼ ਦੇ ਨੇੜੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਨੂੰ ਆਉਣ-ਜਾਣ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਸਰਹੱਦੀ ਖੇਤਰ ਦੀ ਸੁਰੱਖਿਆ ਪੁਖ਼ਤਾ ਕਰਨ ਦੇ ਮੰਤਵ ਤਹਿਤ ਆਮ ਲੋਕਾਂ ਲਈ ਜ਼ਿਲ੍ਹਾ ਫਾਜ਼ਿਲਕਾ ’ਚ ਸਰਹੱਦੀ ਖੇਤਰਾਂ ਦੇ ਨਾਲ-ਨਾਲ ਬੀ. ਓ. ਪੀਜ ਦੇ ਨੇੜੇ ਆਉਣ-ਜਾਣ ਲਈ ਪਾਬੰਦੀ ਲਾਉਣ ਦੀ ਲੋੜ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਤੂਫ਼ਾਨ ਨਾਲ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕਰ 'ਤੀ ਵੱਡੀ ਚਿਤਾਵਨੀ

ਇਹ ਹੁਕਮ ਫ਼ੌਜ, ਬੀ. ਐੱਸ. ਐੱਫ., ਪੁਲਸ, ਠੇਕੇਦਾਰ ’ਤੇ ਉਹ ਮਜ਼ਦੂਰ ਜੋ ਕਿ ਮਿਲਟਰੀ ਏਰੀਆ ’ਚ ਮਜ਼ਦੂਰੀ ਦਾ ਕੰਮ ਕਰਦੇ ਹੋਣ ਜਾਂ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿੱਟ ’ਤੇ ਲਾਗੂ ਨਹੀਂ ਹੋਣਗੇ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖ਼ਰੀਦਣ ਅਤੇ ਵਰਤੋਂ ਕਰਨ ’ਤੇ ਪਾਬੰਦੀ ਲਾਈ ਹੈ। ਲੋਕਾਂ ਵੱਲੋਂ ਆਪਣੇ ਪਲਾਟ, ਖੇਤ ਅਤੇ ਹੋਰ ਪਾਸੇ ਜਿਥੇ ਵੇਖਿਆ ਜਾਵੇ ਪਸ਼ੂਆਂ ਤੋਂ ਸੁਰੱਖਿਆ ਲਈ ਕੰਡਿਆਲੀ ਤਾਰ ਦੇ ਨਾਲ-ਨਾਲ ਕੋਬਰਾ ਤਾਰ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ, ਜੋ ਕਿ ਬਹੁਤ ਤੇਜ਼ਧਾਰ ਹੁੰਦੀ ਹੈ, ਜਿਸ ਨਾਲ ਕੁਦਰਤੀ ਜੀਵਾਂ ਅਤੇ ਇਨਸਾਨਾਂ ਨੂੰ ਜਾਨ ਦਾ ਖ਼ਤਰਾ ਹੁੰਦਾ ਹੈ। ਹੁਕਮਾਂ ’ਚ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਾਉਣ, ਤਾਂ ਜੋ ਕਿਸੇ ਵੀ ਜੱਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News