ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਉੱਚ ਸਿੱਖਿਆ ’ਚ ਵੱਡੇ ਸੁਧਾਰ ਸ਼ੁਰੂ : ਮੀਤ ਹੇਅਰ
Sunday, Aug 21, 2022 - 07:51 PM (IST)
ਚੰਡੀਗੜ੍ਹ/ਐੱਸ. ਏ. ਐੱਸ. ਨਗਰ (ਬਿਊਰੋ) : ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਸਭ ਤੋਂ ਤਰਜੀਹੀ ਵਿਸ਼ਾ ਹੈ। ਸਕੂਲ, ਉੱਚ, ਮੈਡੀਕਲ ਤੇ ਤਕਨੀਕੀ ਸਿੱਖਿਆ ਚਾਰੋਂ ਖੇਤਰਾਂ ਨੂੰ ਪ੍ਰਮੁੱਖਤਾ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਉੱਚ ਸਿੱਖਿਆ ਖੇਤਰ ’ਚ ਵੱਡੇ ਸੁਧਾਰਾਂ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਜਿਸ ਦਾ ਮਕਸਦ ਸਾਡੇ ਨੌਜਵਾਨਾਂ ਨੂੰ ਹੀ ਦੇਸ਼ ’ਚ ਰੋਜ਼ਗਾਰ ਦੇ ਕਾਬਲ ਬਣਾਉਣਾ ਹੈ। ਮੀਤ ਹੇਅਰ ਅੱਜ ਰਿਆਤ ਬਾਹਰਾ ਯੂਨੀਵਰਸਿਟੀ, ਮੁਹਾਲੀ ਵਿਖੇ ਐਸੋਸੀਏਸ਼ਨ ਆਫ਼ ਅਨਏਡਿਡ ਕਾਲਜ ਟੀਚਰਜ਼ (ਏ. ਯੂ. ਸੀ. ਟੀ.), ਪੰਜਾਬ ਅਤੇ ਚੰਡੀਗੜ੍ਹ ਵੱਲੋਂ ਉੱਚ ਸਿੱਖਿਆ ’ਤੇ ਕਰਵਾਏ ਸੂਬਾ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਸੁਧਾਰਾਂ ਨਾਲ ਨਾਲ ਨਾ ਸਿਰਫ਼ ਅਧਿਆਪਕਾਂ ਦਾ ਸ਼ੋਸ਼ਣ ਖ਼ਤਮ ਹੋਵੇਗਾ, ਸਗੋਂ ਉੱਚ ਸਿੱਖਿਆ ਨੂੰ ਸਸਤੀ, ਹੁਨਰ-ਅਾਧਾਰਿਤ ਅਤੇ ਨੌਕਰੀਆਂ ਪ੍ਰਦਾਨ ਕਰਕੇ ਦੇਸ਼ ’ਚ ਹੀ ਰੋਜ਼ਗਾਰ ਦੇ ਕਾਬਲ ਬਣਾਇਆ ਜਾ ਸਕੇਗਾ ਤਾਂ ਜੋ ਆਪਣੇ ਵਸੀਲਿਆਂ ਵਾਸਤੇ ਵਿਦੇਸ਼ ਨਾ ਜਾਣਾ ਪਵੇ। ਕਿੱਤਾ-ਮੁਖੀ ਉੱਚ ਸਿੱਖਿਆ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਉੱਚ ਸਿੱਖਿਆ ਸੰਸਥਾਵਾਂ ਦੇ ਮਸਲਿਆਂ ਦੀ ਸ਼ਨਾਖਤ ਕਰਨ ਅਤੇ ਹੱਲ ਕਰਨ ਲਈ ਕਮੇਟੀ ਬਣਾਈ ਜਾਵੇਗੀ।
ਇਹ ਵੀ ਪੜ੍ਹੋ : ਟੂਰਨਾਮੈਂਟ ਤੋਂ ਬਾਅਦ ਕਬੱਡੀ ਖਿਡਾਰੀ ’ਤੇ ਅਣਪਛਾਤੇ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ
ਮੀਤ ਹੇਅਰ ਨੇ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਇਸ ਤੋਂ ਪਹਿਲਾਂ ਸਿੱਖਿਆ ਸ਼ਾਸਤਰੀ ਡਾ. ਪਿਆਰਾ ਲਾਲ ਗਰਗ ਨੇ ਕੁੰਜੀਵਤ ਭਾਸ਼ਣ ਦਿੱਤਾ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ, ਉੱਘੇ ਪੱਤਰਕਾਰ ਜਤਿੰਦਰ ਪੰਨੂ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ। ਏ. ਯੂ. ਸੀ. ਟੀ. ਦੇ ਬੁਲਾਰੇ ਪ੍ਰੋ. ਤਰੁਣ ਘਈ ਨੇ ਸਾਰੇ ਮਹਿਮਾਨਾਂ ਤੇ ਬੁਲਾਰਿਆਂ ਦਾ ਧੰਨਵਾਦ ਕੀਤਾ। ਸੈਮੀਨਾਰ ਦਾ ਉਦੇਸ਼ ਪੰਜਾਬ ’ਚ ਉਚੇਰੀ ਸਿੱਖਿਆ ਨਾਲ ਸਬੰਧਤ ਭਖ਼ਦੇ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਨ ਅਤੇ ਇਸ ਦੇ ਵਿਕਾਸ ਲਈ ਇਕ ਰੂਪ-ਰੇਖਾ ਤਿਆਰ ਕਰਨ ਲਈ ਅਕਾਦਮਿਕ, ਬੁੱਧੀਜੀਵੀ ਵਰਗ ਅਤੇ ਸਰਕਾਰ ਨੂੰ ਇਕ ਸਾਂਝੇ ਪਲੇਟਫਾਰਮ ’ਤੇ ਲਿਆਉਣਾ ਸੀ। ਸੈਮੀਨਾਰ ’ਚ ਕਾਲਜਾਂ ਅਤੇ ਯੂ.ਟੀ. ਦੇ ਲਗਭਗ 400 ਗ਼ੈਰ-ਸਹਾਇਤਾ ਪ੍ਰਾਪਤ ਕਾਲਜ ਅਧਿਆਪਕ ਹਾਜ਼ਰ ਹੋਏ।
ਇਹ ਵੀ ਪੜ੍ਹੋ : ਜਲੰਧਰ ਦਿਹਾਤੀ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 3 ਸਮੱਗਲਰ ਗ੍ਰਿਫ਼ਤਾਰ ਤੇ 78 ਲੱਖ ਦੀ ਡਰੱਗ ਮਨੀ ਬਰਾਮਦ