ਜਲੰਧਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ! ਜਾਣੋ ਕਿਹੜੀਆਂ-ਕਿਹੜੀਆਂ ਚੀਜ਼ਾਂ 'ਤੇ ਰਹੇਗੀ ਰੋਕ

Saturday, Dec 13, 2025 - 04:08 PM (IST)

ਜਲੰਧਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ! ਜਾਣੋ ਕਿਹੜੀਆਂ-ਕਿਹੜੀਆਂ ਚੀਜ਼ਾਂ 'ਤੇ ਰਹੇਗੀ ਰੋਕ

ਜਲੰਧਰ (ਚੋਪੜਾ)–ਪੰਜਾਬ ਵਿਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਨੇ ਪੋਲਿੰਗ ਸਟੇਸ਼ਨਾਂ ਦੇ ਆਲੇ-ਦੁਆਲੇ ਸਖ਼ਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ। ਐਡੀਸ਼ਨਲ ਡਿਸਟ੍ਰਿਕਟ ਮੈਜਿਸਟ੍ਰੇਟ-ਕਮ-ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਭਾਰਤੀ ਚੋਣ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਦਾ ਉਦੇਸ਼ ਚੋਣ ਪ੍ਰਕਿਰਿਆ ਦੌਰਾਨ ਸ਼ਾਂਤੀ, ਸੁਚਾਰੂ ਢੰਗ ਅਤੇ ਕਾਨੂੰਨ ਵਿਵਸਥਾ ਯਕੀਨੀ ਬਣਾਉਣਾ ਹੈ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਐੱਸ. ਓ. ਪੀ. ਦੇ ਅਨੁਸਾਰ ਇਹ ਪਾਬੰਦੀਆਂ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਪ੍ਰਭਾਵੀ ਰਹਿਣਗੀਆਂ।

ਇਹ ਵੀ ਪੜ੍ਹੋ: ਸਰਦੀਆਂ 'ਚ ਜਾਣੋ ਕਿਉਂ ਵਧਦੀਆਂ ਹਨ ਦਿਲ ਦੀਆਂ ਬੀਮਾਰੀਆਂ! ਬਜ਼ੁਰਗਾਂ ਨੂੰ ਵਧੇਰੇ ਚੌਕਸ ਰਹਿਣ ਦੀ ਸਲਾਹ

ਉਮੀਦਵਾਰ ਜਾਂ ਉਸ ਦੇ ਸਮਰਥਕਾਂ ਦੇ ਪ੍ਰਚਾਰ-ਪ੍ਰਸਾਰ ’ਤੇ ਪੂਰੀ ਤਰ੍ਹਾਂ ਰੋਕ
ਏ. ਡੀ. ਐੱਮ. ਅਮਨਿੰਦਰ ਕੌਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕਾਂ ਨੂੰ ਪੋਲਿੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਵਿਚ ਕਿਸੇ ਵੀ ਤਰ੍ਹਾਂ ਦਾ ਪ੍ਰਚਾਰ-ਪ੍ਰਸਾਰ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਭਾਵੇਂ ਉਹ ਜਨਤਕ ਸਥਾਨ ਹੋਵੇ ਜਾਂ ਨਿੱਜੀ, ਕਿਸੇ ਵੀ ਰੂਪ ਵਿਚ ਪ੍ਰਚਾਰ ਸਮੱਗਰੀ ਜਾਂ ਸਰਗਰਮੀ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੋਲਿੰਗ ਸਟੇਸ਼ਨਾਂ ਨੇੜੇ ਕਿਸੇ ਵੀ ਤਰ੍ਹਾਂ ਦਾ ਰੌਲਾ, ਹੰਗਾਮਾ ਜਾਂ ਭੀੜ ਇਕੱਠੀ ਕਰਨ ’ਤੇ ਵੀ ਪੂਰੀ ਤਰ੍ਹਾਂ ਰੋਕ ਰਹੇਗੀ ਤਾਂ ਕਿ ਵੋਟਰਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਮੋਬਾਇਲ ਫੋਨ, ਲਾਊਡ ਸਪੀਕਰ ਸਮੇਤ ਕਈ ਉਪਕਰਨਾਂ ਦੀ ਵਰਤੋਂ ’ਤੇ ਪਾਬੰਦੀ
ਪੋਲਿੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਵਿਚ ਮੋਬਾਇਲ ਫੋਨ, ਕਾਰਡਲੈੱਸ ਫੋਨ, ਵਾਇਰਲੈੱਸ ਸੈੱਟ, ਲਾਊਡਸਪੀਕਰ ਆਦਿ ਦੀ ਵਰਤੋਂ ’ਤੇ ਪਾਬੰਦੀ ਰਹੇਗੀ। ਇਸ ਨਾਲ ਵੋਟਿੰਗ ਪ੍ਰਕਿਰਿਆ ਵਿਚ ਕਿਸੇ ਤਰ੍ਹਾਂ ਦੀ ਰੁਕਾਵਟ ਦੀ ਸੰਭਾਵਨਾ ਖ਼ਤਮ ਹੋ ਜਾਵੇਗੀ। ਹਾਲਾਂਕਿ, ਇਹ ਪਾਬੰਦੀ ਚੋਣ ਡਿਊਟੀ ’ਤੇ ਤਾਇਨਾਤ ਅਧਿਕਾਰੀਆਂ, ਨਿਰੀਖਕਾਂ, ਪੁਲਸ ਅਧਿਕਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਪੋਲਿੰਗ/ਗਿਣਤੀ ਵਿਚ ਲੱਗੇ ਸਰਕਾਰੀ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗੀ। ਉਨ੍ਹਾਂ ਨੂੰ ਆਪਣੇ ਅਧਿਕਾਰਤ ਕੰਮ ਲਈ ਜ਼ਰੂਰੀ ਉਪਕਰਨਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਹੋਵੇਗੀ।

ਇਹ ਵੀ ਪੜ੍ਹੋ: ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਕਤਲ, ਮ੍ਰਿਤਕ ਪੁੱਤ ਨੂੰ ਸਿਹਰਾ ਬੰਨ੍ਹਿਆ ਦੇਖ ਧਾਹਾਂ ਮਾਰ ਰੋਈ ਮਾਂ

ਪੋਸਟਰ ਅਤੇ ਬੈਨਰ ਲਾਉਣ ਦੀ ਇਜਾਜ਼ਤ ਨਹੀਂ
ਪੋਲਿੰਗ ਸਟੇਸ਼ਨਾਂ ਦੇ ਨੇੜੇ ਕਿਸੇ ਵੀ ਚੋਣ ਮੁਹਿੰਮ ਨਾਲ ਸਬੰਧਤ ਪੋਸਟਰ, ਬੈਨਰ, ਫਲੈਕਸ ਜਾਂ ਪ੍ਰਚਾਰ ਸਮੱਗਰੀ ਲਾਉਣ ਦੀ ਸਖ਼ਤ ਮਨਾਹੀ ਹੈ। ਇਹ ਕਦਮ ਇਲਾਕੇ ਵਿਚ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਅਤੇ ਵੋਟਰਾਂ ’ਤੇ ਕਿਸੇ ਵੀ ਪ੍ਰਭਾਵ ਨੂੰ ਰੋਕਣ ਲਈ ਚੁੱਕਿਆ ਗਿਆ ਹੈ।

ਪੋਲਿੰਗ ਬੂਥ/ਟੈਂਟ ਲਾਉਣ ’ਤੇ ਸਖ਼ਤ ਪਾਬੰਦੀ
ਕਿਸੇ ਵੀ ਸਿਆਸੀ ਪਾਰਟੀ ਜਾਂ ਚੋਣ ਲੜ ਰਹੇ ਉਮੀਦਵਾਰ ਨੂੰ ਪੋਲਿੰਗ ਸਟੇਸ਼ਨ ਦੇ 200 ਮੀਟਰ ਘੇਰੇ ਅੰਦਰ ਆਪਣਾ ਬੂਥ ਜਾਂ ਟੈਂਟ ਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਉਮੀਦਵਾਰਾਂ ਅਤੇ ਪਾਰਟੀਆਂ ਨੂੰ ਆਪਣੇ ਬੂਥ ਪੋਲਿੰਗ ਸਟੇਸ਼ਨਾਂ ਤੋਂ ਦੂਰ ਸਥਾਪਤ ਕਰਨੇ ਹੋਣਗੇ, ਜਿਸ ਨਾਲ ਪੋਲਿੰਗ ਕੇਂਦਰ ਦਾ ਵਾਤਾਵਰਣ ਨਿਰਪੱਖ ਅਤੇ ਬੇਅਸਰ ਬਣ ਸਕੇ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ

PunjabKesari

ਨਿੱਜੀ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ
ਪੰਜਾਬ ਰਾਜ ਚੋਣ ਕਮਿਸ਼ਨ, ਜ਼ਿਲਾ ਚੋਣ ਅਧਿਕਾਰੀ ਜਾਂ ਗ੍ਰਾਮ ਪੰਚਾਇਤ ਚੋਣ ਅਧਿਕਾਰੀ ਤੋਂ ਇਲਾਵਾ ਕੋਈ ਵੀ ਵਿਅਕਤੀ ਆਪਣਾ ਨਿੱਜੀ ਵਾਹਨ ਕਿਸੇ ਵੀ ਪੋਲਿੰਗ ਸਟੇਸ਼ਨ ਦੇ 200 ਮੀਟਰ ਘੇਰੇ ਦੇ ਅੰਦਰ ਨਹੀਂ ਲਿਜਾ ਸਕੇਗਾ। ਇਹ ਹੁਕਮ ਪੋਲਿੰਗ ਸਟੇਸ਼ਨਾਂ ’ਤੇ ਸੁਰੱਖਿਆ ਪ੍ਰਬੰਧ ਅਤੇ ਸੁਚਾਰੂ ਪੋਲਿੰਗ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜਾਰੀ ਕੀਤਾ ਗਿਆ ਹੈ। ਏ. ਡੀ. ਐੱਮ. ਅਮਨਿੰਦਰ ਕੌਰ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਲਾ ਪ੍ਰਸ਼ਾਸਨ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀਪੂਰਵਕ ਅਤੇ ਨਿਡਰ ਹੋ ਕੇ ਆਪਣੀ ਵੋਟ ਪਾਉਣ ਤੇ ਲੋਕਤੰਤਰਿਕ ਪ੍ਰਕਿਰਿਆ ਨੂੰ ਸਫਲ ਬਣਾਉਣ।

ਚੋਣਾਂ ਵਾਲੇ ਪਿੰਡਾਂ ’ਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਏ. ਡੀ. ਐੱਮ. ਅਮਨਿੰਦਰ ਕੌਰ ਨੇ ਜਾਰੀ ਕੀਤੇ ਹੁਕਮ, ਵਿਕਰੀ ਅਤੇ ਪਰੋਸਣ ’ਤੇ ਲੱਗੀ ਪੂਰੀ ਪਾਬੰਦੀ

ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਮੁਕੰਮਲ ਕਰਵਾਉਣ ਲਈ ਜਲੰਧਰ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕੇ ਹਨ ਅਤੇ ਵੋਟਾਂ ਪੈਣ ਵਾਲੇ ਪਿੰਡਾਂ ਵਿਚ ਸ਼ਰਾਬ ਦੇ ਠੇਕਿਆਂ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਐਡੀਸ਼ਨਲ ਡਿਸਟ੍ਰਿਕਟ ਮੈਜਿਸਟ੍ਰੇਟ-ਕਮ- ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 (ਸੀ) ਅਧੀਨ ਇਹ ਹੁਕਮ ਪਾਸ ਕੀਤਾ ਹੈ। ਏ. ਡੀ. ਐੱਮ. ਦੇ ਹੁਕਮਾਂ ਅਨੁਸਾਰ ਜਲੰਧਰ ਜ਼ਿਲੇ ਦੀ ਹੱਦ ਵਿਚ ਆਉਣ ਵਾਲੇ ਉਹ ਸਾਰੇ ਪਿੰਡ, ਜਿੱਥੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਹੋ ਰਹੀਆਂ ਹਨ, ਉਥੇ 14 ਦਸੰਬਰ ਨੂੰ ਸ਼ਰਾਬ ਦੇ ਠੇਕੇ ਪੂਰੀ ਤਰ੍ਹਾਂ ਬੰਦ ਰਹਿਣਗੇ। ਇਸ ਤੋਂ ਇਲਾਵਾ ਇਨ੍ਹਾਂ ਪਿੰਡਾਂ ਵਿਚ ਕਿਸੇ ਹੋਟਲ, ਰੈਸਟੋਰੈਂਟ ਜਾਂ ਕਲੱਬ ਵਿਚ ਸ਼ਰਾਬ ਪਰੋਸਣ ਦੀ ਸਖ਼ਤ ਮਨਾਹੀ ਹੋਵੇਗੀ।
ਅਮਨਿੰਦਰ ਕੌਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਚੋਣਾਂ ਵਾਲੇ ਪਿੰਡਾਂ ਵਿਚ ਕੋਈ ਵੀ ਵਿਅਕਤੀ ਸ਼ਰਾਬ ਦਾ ਸਟਾਕ ਨਹੀਂ ਰੱਖ ਸਕੇਗਾ। ਇਹ ਕਦਮ ਚੋਣ ਪ੍ਰਕਿਰਿਆ ਨੂੰ ਕਿਸੇ ਵੀ ਅਣਉਚਿਤ ਪ੍ਰਭਾਵ ਤੋਂ ਬਚਾਉਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਚੁੱਕਿਆ ਗਿਆ ਹੈ। ਪ੍ਰਸ਼ਾਸਨ ਨੇ ਚਿਤਾਵਨੀ ਦਿੱਤੀ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

PunjabKesari

ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਸਪੇਨ ਵਿਚ ਪੰਜਾਬੀ ਨੌਜਵਾਨ ਦੀ ਮੌਤ

ਚੋਣ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ-ਕਮ-ਜ਼ਿਲਾ ਜ਼ਿਲਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਜ਼ਿਲੇ ਵਿਚ 14 ਦਸੰਬਰ ਨੂੰ ਹੋ ਰਹੀਆਂ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਨੂੰ ਨਿਸ਼ਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਉਨ੍ਹਾਂ ਚੋਣ ਅਮਲੇ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਇਹ ਬਹੁਤ ਮਾਣ ਦੀ ਗੱਲ ਹੈ ਕਿ ਉਨ੍ਹਾਂ ਨੂੰ ਨਿਰਪੱਖ ਢੰਗ ਨਾਲ ਚੋਣਾਂ ਕਰਵਾਉਣ ਦਾ ਮੌਕਾ ਮਿਲ ਰਿਹਾ ਹੈ। ਡਾ. ਅਗਰਵਾਲ ਨੇ ਡਿਊਟੀ ’ਤੇ ਤਾਇਨਾਤ ਚੋਣ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਚੋਣ ਡਿਊਟੀ ਪੂਰੀ ਜ਼ਿੰਮੇਵਾਰੀ, ਲਗਨ ਤੇ ਤਤਪਰਤਾ ਨਾਲ ਨਿਭਾਉਣ। ਡਿਪਟੀ ਕਮਿਸ਼ਨਰ ਨੇ ਇਹ ਵੀ ਸਪਸ਼ਟ ਕੀਤਾ ਕਿ ਚੋਣ ਡਿਊਟੀ ਦੌਰਾਨ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਚੋਣ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਰਾਜ ਚੋਣ ਆਯੋਗ ਦੇ ਨਿਰਦੇਸ਼ਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ 'ਚ High Alert! 2500 ਪੁਲਸ ਜਵਾਨ ਕਰ ਦਿੱਤੇ ਗਏ ਤਾਇਨਾਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News