ਪੰਜਾਬ 'ਚ 30 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ, ਨਵੇਂ ਹੁਕਮ ਹੋ ਗਏ ਜਾਰੀ
Monday, Aug 04, 2025 - 07:09 PM (IST)

ਨਵਾਂਸ਼ਹਿਰ (ਤ੍ਰਿਪਾਠੀ, ਪ੍ਰਭਾਕਰ, ਬ੍ਰਹਮਪੁਰੀ)- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਨਵਾਂਸ਼ਹਿਰ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਹੁਕਮਾਂ ’ਚ ਦੱਸਿਆ ਕਿ ਜ਼ਿਲ੍ਹੇ ਵਿਚ ਕੋਈ ਵੀ ਵਿਅਕਤੀ/ਸੰਸਥਾ ਸਰਕਾਰੀ/ਪੰਚਾਇਤੀ ਜਗ੍ਹਾ ’ਤੇ ਕੋਈ ਗੇਟ ਨਹੀਂ ਉਸਾਰੇਗਾ। ਅਜਿਹੀ ਕਿਸੇ ਵੀ ਉਸਾਰੀ ਤੋਂ ਪਹਿਲਾਂ ਸਬੰਧਤ ਵਿਭਾਗ ਤੋਂ ਪ੍ਰਵਾਨਗੀ ਲੈਣ ਉਪਰੰਤ ਮਨਜ਼ੂਰੀ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਤੋਂ ਲਈ ਜਾਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮਾਂ ’ਚ ਕਿਹਾ ਕਿ ਇਹ ਧਿਆਨ ਵਿਚ ਆਇਆ ਹੈ ਕਿ ਪਿੰਡਾਂ ਵਿਚ ਲੋਕ ਆਪਣੇ ਕਿਸੇ ਨਜ਼ਦੀਕੀ ਰਿਸ਼ਤੇਦਾਰ ਦੀ ਯਾਦ ਵਿਚ ਯਾਦਗਾਰੀ ਗੇਟ ਸਰਕਾਰੀ/ਪੰਚਾਇਤ ਦੀ ਜਗ੍ਹਾ ’ਤੇ ਬਿਨਾਂ ਕਿਸੇ ਦੀ ਮਨਜ਼ੂਰੀ ਲਏ ਅਤੇ ਬਿਨਾਂ ਕਿਸੇ ਸਮਰੱਥ ਵਿਭਾਗ ਤੋਂ ਪਾਸ ਕਰਵਾਏ ਆਪਣੀ ਮਨ-ਮਰਜ਼ੀ ਨਾਲ ਬਣਾ ਲੈਂਦੇ ਹਨ। ਇਸ ਤਰ੍ਹਾਂ ਨਾਲ ਜਿੱਥੇ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਕਰ ਲਿਆ ਜਾਂਦਾ ਹੈ, ਉਥੇ ਇਸ ਤਰਾਂ ਬਣਾਏ ਗਏ ਗੇਟਾਂ ਦੇ ਡਿਗਣ ਦਾ ਖ਼ਤਰਾ ਵੀ ਹਰ ਵੇਲੇ ਬਣਿਆ ਰਹਿੰਦਾ ਹੈ, ਜਿਸ ਨਾਲ ਜਾਨੀ/ਮਾਲੀ ਨੁਕਸਾਨ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ। ਇਸ ਲਈ ਜ਼ਿਲ੍ਹੇ ’ਚ ਇਸ ਤਰ੍ਹਾਂ ਦੇ ਗੇਟ ਉਸਾਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ: ਦਿਨ-ਦਿਹਾੜੇ ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ ! ਨਸ਼ਾ ਛੁਡਾਊ ਕੇਂਦਰ ਨੇੜੇ ਨੌਜਵਾਨ ਦਾ ਕੀਤਾ ਕਤਲ
ਬਿਨਾਂ ਮਨਜ਼ੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਪਾਬੰਦੀ ਦੇ ਹੁਕਮ
ਜ਼ਿਲ੍ਹਾ ਮੈਜਿਸਟ੍ਰੇਟ ਨੇ ਬੋਰਵੈੱਲਾਂ/ਟਿਊਬਵੈੱਲਾਂ ਦੀ ਖੁਦਾਈ/ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਪੁੱਟਣ ’ਤੇ ਰੋਕ ਲਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ਬੋਰਵੈਲਾਂ ’ਚ ਡਿੱਗਣ ਦੇ ਖ਼ਦਸ਼ੇ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ ਲਾਈ ਗਈ ਹੈ
ਬੈਂਕਾਂ ਅਤੇ ਪੈਟਰੋਲ ਪੰਪਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲਾਉਣ ਦੀ ਹਦਾਇਤ
ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਜਾਰੀ ਕਰਦਿਆਂ ਪੈਟਰੋਲ ਪੰਪਾਂ ਅਤੇ ਬੈਂਕਾਂ ਵਿਚ ਡਕੈਤੀਆਂ ਅਤੇ ਲੁੱਟਖੋਹ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਹਰੇਕ ਬੈਂਕ ਅਤੇ ਪੈਟਰੋਲ ਪੰਪ ਵਾਸਤੇ ਸੀ. ਸੀ. ਟੀ. ਵੀ ਕੈਮਰੇ ਜ਼ਰੂਰੀ ਕਰਾਰ ਦਿੱਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਸੀ. ਸੀ. ਟੀ. ਵੀ ਕੈਮਰੇ ਘੱਟੋ-ਘੱਟ 7 ਦਿਨ ਦੀ ਰਿਕਾਰਡਿੰਗ ਸਮਰੱਥਾ ਰੱਖਣ ਵਾਲੇ ਹੋਣੇ ਚਾਹੀਦੇ ਹਨ। ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਐੱਸ. ਐੱਸ. ਪੀ., ਜ਼ਿਲਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਅਤੇ ਲੀਡ ਬੈਂਕ ਮੈਨੇਜਰ ਜ਼ਿੰਮੇਵਾਰ ਹੋਣਗੇ। ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਨੋਟੀਫਾਈਡ ਏਰੀਆ (ਬਲਾਕ ਔੜ ਅਤੇ ਬੰਗਾ) ’ਚ ਮਨਜ਼ੂਰੀ ਤੋਂ ਬਿਨਾਂ ਟਿਊਬਵੈੱਲ/ਸਬਮਰਸੀਬਲ ਪੰਪ ਲਗਾਉਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ Alert ਹੋ ਗਿਆ ਜਾਰੀ! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਡੈਮ, BBMB ਨੇ ਖੋਲ੍ਹੇ 4 ਫਲੱਡ ਗੇਟ
ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ਦੇ ਉੱਪਰ ਪ੍ਰਦਰਸ਼ਨ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਜ਼ਿਲੇ ਵਿਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮ/ਜਨਤਕ ਇਕੱਠਾਂ ਅਤੇ ਵਿਦਿਅਕ ਅਦਾਰਿਆਂ ’ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਵੀ ਇਸ ਪਾਬੰਦੀ/ਮਨਾਹੀ ਦੇ ਘੇਰੇ ’ਚ ਸ਼ਾਮਿਲ ਹਨ। ਇਸ ਤੋਂ ਇਲਾਵਾ ਸੀਨੀਅਰ ਪੁਲਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵੱਖ-ਵੱਖ ਇਲਾਕਿਆਂ ’ਚ ਅਚਨਚੇਤ ਚੈਕਿੰਗ ਕਰਵਾਈ ਜਾਵੇ। ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਐੱਫ਼. ਆਈ. ਆਰ. ਦਰਜ ਕੀਤੀ ਜਾਵੇ ਅਤੇ ਸਖਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨਾਲ ਹੋਈ ਕਰੋੜਾਂ ਦੀ ਠੱਗੀ ਦੇ ਮਾਮਲੇ 'ਚ ਵੱਡੀ ਅਪਡੇਟ, ਹਾਈਕੋਰਟ ਨੇ ਦਿੱਤੇ ਹੁਕਮ
ਰੋਸ ਮੁਜ਼ਾਹਰੇ ਕਰਨ ਅਤੇ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮੀ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ/ਭੜਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਨਤਕ ਥਾਂਵਾਂ ’ਤੇ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ ’ਤੇ ਪਾਬੰਦੀ ਲਾਈ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟ ਕੋਲੋਂ ਅਗਾਊਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਪੁਲਸ/ਆਰਮੀ ਵਰਦੀ ਵਿਚ ਮਿਲਟਰੀ ਅਮਲਾ ਅਤੇ ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਅਤੇ ਵਿਆਹ/ਸੋਗਮਈ ਇਕੱਠਾਂ/ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦੇ ਅੰਦਰ ਪ੍ਰਮਾਤਮਾ ਦੀ ਉਸਤਤ-ਸ਼ਬਦ ਕੀਰਤਨ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਹੈ। ਜਾਰੀ ਕੀਤੇ ਗਏ ਉਕਤ ਸਾਰੇ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ: ਪੰਜਾਬ 'ਚ Alert ਹੋ ਗਿਆ ਜਾਰੀ! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਡੈਮ, BBMB ਨੇ ਖੋਲ੍ਹੇ 4 ਫਲੱਡ ਗੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e