ਪਾਰਟੀ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਇਕ ਕਰ ਦਿਓ : ਬਾਦਲ

04/18/2018 3:42:41 AM

ਅੰਮ੍ਰਿਤਸਰ,  (ਛੀਨਾ)-  ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਿੰਗ ਕਮੇਟੀ ਮੈਂਬਰ ਜਥੇਦਾਰ ਦਿਲਬਾਗ ਸਿੰਘ ਵਡਾਲੀ ਨੇ ਅੱਜ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰ ਕੇ ਪਾਰਟੀ ਦੀ ਮਜ਼ਬੂਤੀ ਵਾਸਤੇ ਵਿਚਾਰਾਂ ਕੀਤੀਆਂ। ਵਡਾਲੀ ਨੇ ਕਿਹਾ ਕਿ ਹਲਕਾ ਸ਼ਾਹਕੋਟ ਦੀ ਹੋਣ ਵਾਲੀ ਜ਼ਿਮਨੀ ਚੋਣ ਦੌਰਾਨ ਪਾਰਟੀ ਵੱਲੋਂ ਉਨ੍ਹਾਂ ਦੀ ਜਿਥੇ ਵੀ ਡਿਊਟੀ ਲਾਈ ਜਾਵੇਗੀ, ਉਸ ਨੂੰ ਉਹ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਉਮੀਦਵਾਰ ਨਾਇਬ ਸਿੰਘ ਕੋਹਾੜ ਨੂੰ ਰਿਕਾਰਡਤੋੜ ਵੋਟਾਂ ਨਾਲ ਜਿਤਾਉਣ 'ਚ ਕੋਈ ਕਸਰ ਨਹੀਂ ਛੱਡਣਗੇ।
ਇਸ ਮੌਕੇ ਸ. ਵਡਾਲੀ ਨੇ ਕਾਂਗਰਸੀ ਲੀਡਰਾਂ ਵੱਲੋਂ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਬਾਰੇ ਵੀ ਸ. ਬਾਦਲ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਸ. ਬਾਦਲ ਨੇ ਵਡਾਲੀ ਤੇ ਮੌਜੂਦ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਤਕੜੇ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਥਾਪੜਾ ਦਿੰਦਿਆਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਇਕ ਕਰ ਦਿਓ ਤਾਂ ਜੋ ਆਗਾਮੀ ਚੋਣਾਂ 'ਚ ਹੂੰਝਾਫੇਰ ਜਿੱਤ ਹਾਸਲ ਕੀਤੀ ਜਾ ਸਕੇ।
ਇਸ ਸਮੇਂ ਜਸਪਾਲ ਸਿੰਘ ਜੱਸ, ਕੁਲਬੀਰ ਸਿੰਘ ਵੜੈਚ, ਬਾਜ ਸਿੰਘ ਰੰਧਾਵਾ, ਗੁਰਦੇਵ ਸਿੰਘ ਆੜ੍ਹਤੀ, ਸੰਦੀਪ ਸਿੰਘ ਰੰਧਾਵਾ, ਬਾਬਾ ਲਖਵਿੰਦਰ ਸਿੰਘ, ਜਥੇ. ਗੁਰਚਰਨ ਸਿੰਘ ਲੱਧੂ ਤੇ ਹੋਰ ਵੀ ਆਗੂ ਹਾਜ਼ਰ ਸਨ।


Related News