ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ''ਚ ਮਾਲ ਪਟਵਾਰੀ ਗ੍ਰਿਫ਼ਤਾਰ ਤੇ ਇਕ ASI ਖ਼ਿਲਾਫ਼ ਕੇਸ ਦਰਜ

Wednesday, Nov 02, 2022 - 10:28 PM (IST)

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ''ਚ ਮਾਲ ਪਟਵਾਰੀ ਗ੍ਰਿਫ਼ਤਾਰ ਤੇ ਇਕ ASI ਖ਼ਿਲਾਫ਼ ਕੇਸ ਦਰਜ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਇੱਕ ਮਾਲ ਪਟਵਾਰੀ ਨੂੰ 3,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਅਤੇ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਵਿਰੁੱਧ 30,000 ਰੁਪਏ ਰਿਸ਼ਵਤ ਲੈਣ ਸਬੰਧੀ ਮੁਕੱਦਮਾ ਦਰਜ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਭਗਵਾਨ ਦਾਸ ਨੂੰ ਸ਼ਿਕਾਇਤਕਰਤਾ ਬਲਵਿੰਦਰ ਸਿੰਘ ਵਾਸੀ ਪਿੰਡ ਬੱਲਰਾਂ, ਜ਼ਿਲਾ ਸੰਗਰੂਰ ਵੱਲੋਂ ਮੁੱਖ ਮੰਤਰੀ ਪੰਜਾਬ ਆਨਲਾਈਨ ਸ਼ਿਕਾਇਤ ਨੰਬਰ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ।  ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੀ ਵਾਹੀਯੋਗ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 3,500 ਰੁਪਏ ਦੀ ਰਿਸ਼ਵਤ ਲੈ ਲਈ।

ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤ ਸਬੰਧੀ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਇਹ ਗੱਲ ਸਾਬਤ ਹੋਇਆ ਕਿ ਦੋਸ਼ੀ ਮਾਲ ਅਧਿਕਾਰੀ ਨੇ ਰਿਸ਼ਵਤ ਦੀ ਇਹ ਰਕਮ ਪ੍ਰਾਪਤ ਕੀਤੀ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸਿਹਤ ਮੰਤਰੀ ਜੌੜਾਮਾਜਰਾ ਨੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਦਿੱਤੇ ਇਹ ਜ਼ਰੂਰੀ ਦਿਸ਼ਾ-ਨਿਰਦੇਸ਼

ਰਿਸ਼ਵਤਖੋਰੀ ਦੇ ਇੱਕ ਹੋਰ ਮਾਮਲੇ ਵਿੱਚ ਥਾਣਾ ਸਦਰ, ਫਿਰੋਜ਼ਪੁਰ ਵਿਖੇ ਤਾਇਨਾਤ ਏ.ਐਸ.ਆਈ ਗੁਰਮੀਤ ਸਿੰਘ ਵਿਰੁੱਧ 30,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਮੋਗਾ ਜ਼ਿਲੇ ਦੇ ਪਿੰਡ ਕੋਰੇ ਵਾਲਾ ਕਲਾਂ ਨਿਵਾਸੀ ਸ਼ਿਕਾਇਤਕਰਤਾ ਜਗਸੀਰ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਪਰੋਕਤ ਪੁਲੀਸ ਅਧਿਕਾਰੀ ਨੇ ਉਸ ਵਿਰੁੱਧ ਪੁਲੀਸ ਕੇਸ ਦਰਜ ਨਾ ਬਦਲੇ 30,000 ਰੁਪਏ ਬਤੌਰ ਰਿਸ਼ਵਤ ਲੈ ਲਏ ਹਨ ਕਿਉਂਕਿ ਉਸ ਖ਼ਿਲਾਫ਼ ਇੱਕ ਔਰਤ ਵੱਲੋਂ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਹ  ਵੀ ਇਲਜ਼ਾਮ ਲਾਇਆ ਕਿ ਏ.ਐਸ.ਆਈ. ਜਗਸੀਰ ਸਿੰਘ ਨੇ ਇਸ ਮਾਮਲੇ ਵਿੱਚ ਤਫਤੀਸ਼ੀ ਅਫਸਰ ਹੁੰਦਿਆਂ ਇਸ ਮਾਮਲੇ ਵਿੱਚ ਆਪਸੀ ਰਾਜੀਨਾਮੇ ਨੂੰ ਅੰਜ਼ਾਮ ਦੇਣ ਲਈ 20,000 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਬਾਰੇ ਉਸ ਨੇ ਏ.ਐਸ.ਆਈ. ਵੱਲੋਂ ਰਿਸ਼ਵਤ ਮੰਗਣ ਸਬੰਧੀ ਕੀਤੀ ਗੱਲਬਾਤ ਸਬੂਤ ਵਜੋਂ ਰਿਕਾਰਡ ਕੀਤੀ ਹੈ। ਉਕਤ ਸ਼ਿਕਾਇਤ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਏ.ਐਸ.ਆਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Mandeep Singh

Content Editor

Related News