ਮਲੇਰਕੋਟਲਾ ''ਚ ਸ਼ੁੱਕਰਵਾਰ ਤੋਂ ਐਤਵਾਰ ਤੱਕ ਲੱਗੇਗਾ ਲਾਕਡਾਊਨ: ਡਿਪਟੀ ਕਮਿਸ਼ਨਰ

Wednesday, Jul 01, 2020 - 03:55 PM (IST)

ਮਲੇਰਕੋਟਲਾ ''ਚ ਸ਼ੁੱਕਰਵਾਰ ਤੋਂ ਐਤਵਾਰ ਤੱਕ ਲੱਗੇਗਾ ਲਾਕਡਾਊਨ: ਡਿਪਟੀ ਕਮਿਸ਼ਨਰ

ਸੰਗਰੂਰ (ਵਿਜੈ ਕੁਮਾਰ ਸਿੰਗਲਾ): ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਅੱਜ ਮਿਸ਼ਨ ਫ਼ਤਿਹ ਨੂੰ ਜ਼ਮੀਨੀ ਪੱਧਰ 'ਤੇ ਸਫ਼ਲ ਬਣਾਉਣ ਲਈ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਆਪੋ ਆਪਣੀਆਂ ਸਬ-ਡਵੀਜ਼ਨਾਂ 'ਚ ਵਧੇਰੇ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਆਦੇਸ਼ ਦਿੰਦਿਆਂ ਕਿਹਾ ਕਿ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਮਨੋਬਲ ਉੱਚਾ ਚੁੱਕਣ ਲਈ ਰੋਜ਼ਾਨਾ ਦੇ ਪੱਧਰ 'ਤੇ ਮਰੀਜ਼ਾਂ ਨਾਲ ਮੋਬਾਇਲ 'ਤੇ ਗੱਲਬਾਤ ਕੀਤੀ ਜਾਵੇ ਅਤੇ ਸਿਹਤ ਦਾ ਜਾਇਜ਼ਾ ਲਿਆ ਜਾਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਸਮੇਤ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਕੇਅਰ ਸੈਂਟਰ ਘਾਬਦਾਂ ਅਤੇ ਮਲੇਰਕੋਟਲਾ ਆਈਸੋਲੇਸ਼ਨ ਕੇਂਦਰ ਵਿਖੇ ਡਾਕਟਰ ਅਤੇ ਸਟਾਫ਼ ਨਿਯਮਤ ਤੌਰ 'ਤੇ ਦੌਰਾ ਕਰਨਾ ਯਕੀਨੀ ਬਣਾਉਣ ਅਤੇ ਹਰੇਕ ਮਰੀਜ਼ ਦੀ ਸਿਹਤ 'ਤੇ ਤਿੱਖੀ ਨਜ਼ਰ ਰੱਖੀ ਜਾਵੇ।

ਇਹ ਵੀ ਪੜ੍ਹੋ: ਸਕੂਲ ਫ਼ੀਸ ਮਾਮਲਾ: ਹਾਈਕੋਰਟ ਦੇ ਫ਼ੈਸਲੇ 'ਤੇ ਖਹਿਰਾ ਨੇ ਕੈਪਟਨ ਨੂੰ ਲਿਆ ਲੰਮੇ ਹੱਥੀਂ

ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਕਿਹਾ ਕਿ ਜਿਹੜੇ ਮਰੀਜ਼ ਘਰਾਂ 'ਚ ਇਕਾਂਤਵਾਸ ਪ੍ਰਕਿਰਿਆ ਪੂਰੀ ਕਰ ਰਹੇ ਹਨ ਉਨ੍ਹਾਂ ਦੀ ਵੀ ਨਿਗਰਾਨੀ ਕੀਤੀ ਜਾਵੇ ਕਿ ਉਹ ਕਿਸੇ ਵੀ ਹਾਲਤ 'ਚ ਇਕਾਂਤਵਾਸ ਨੂੰ ਭੰਗ ਨਾ ਕਰਨ ਅਤੇ ਚੌਕਸੀ ਟੀਮਾਂ ਲਗਾਤਾਰ ਇਸ ਦੀ ਰਿਪੋਰਟਿੰਗ ਕਰਨ ਨੂੰ ਯਕੀਨੀ ਬਣਾਉਣ। ਰਾਮਵੀਰ ਨੇ ਕਿਹਾ ਕਿ ਸਿਹਤ ਸਬੰਧੀ ਸਲਾਹਾਂ ਦੀ ਉਲੰਘਣਾ ਨੂੰ ਕਿਸੇ ਹਾਲਤ 'ਚ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਯੋਜਨਾਬੱਧ ਢੰਗ ਨਾਲ ਹਰੇਕ ਦਿਸ਼ਾ-ਨਿਰਦੇਸ਼ ਦੀ ਪਾਲਣਾ ਨੂੰ ਅਮਲੀ ਜਾਮਾ ਪਹਿਨਾਇਆ ਜਾਣਾ ਲਾਜ਼ਮੀ ਹੈ।

ਇਹ ਵੀ ਪੜ੍ਹੋ: ਪੁਲਸ ਵਲੋਂ ਕੇ.ਐੱਲ.ਐੱਫ.ਦੇ ਅੱਤਵਾਦੀ ਮਡਿਊਲ ਦਾ ਪਰਦਾਫਾਸ਼, ਜਾਂਚ 'ਚ ਸਾਹਮਣੇ ਆਈਆਂ ਇਹ ਗੱਲਾਂ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਲੇਰਕੋਟਲਾ ਵਿਖੇ ਲਾਕਡਾਊਨ ਦਾ ਵਧੀਆ ਅਸਰ ਦੇਖਣ ਨੂੰ ਮਿਲਿਆ ਹੈ ਅਤੇ ਉਮੀਦ ਹੈ ਕਿ ਛੇਤੀ ਹੀ ਮਲੇਰਕੋਟਲਾ ਵਿਖੇ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ 'ਚ ਸਫ਼ਲਤਾ ਹਾਸਲ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਲੇਰਕੋਟਲਾ ਵਿਖੇ ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਮੁੜ ਲਾਕਡਾਊਨ ਲਗਾਇਆ ਜਾਵੇਗਾ। ਉਨ੍ਹਾਂ ਮਲੇਰਕੋਟਲਾ ਨਿਵਾਸੀਆਂ ਨੂੰ ਅਪੀਲ ਵੀ ਕੀਤੀ ਕਿ ਉਹ ਲਾਕਡਾਊਨ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਇਸ ਨਾਮੁਰਾਦ ਬਿਮਾਰੀ ਤੋਂ ਨਿਜਾਤ ਪਾਈ ਜਾ ਸਕੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਕੋਲੋਂ ਟੈਸਟਾਂ ਦੀ ਸਥਿਤੀ, ਲਏ ਗਏ ਸੈਂਪਲਾਂ ਦੇ ਬਕਾਇਆ ਨਤੀਜਿਆਂ, ਬਾਹਰੋਂ ਆਉਣ ਵਾਲੇ ਲੋਕਾਂ ਨੂੰ ਸੰਸਥਾਗਤ ਇਕਾਂਤਵਾਸ ਭੇਜਣ ਅਤੇ ਪਾਜ਼ੇਟਿਵ ਪਾਏ ਜਾਣ ਦੀ ਸੂਰਤ 'ਚ ਆਈਸੋਲੇਸ਼ਨ ਕੇਂਦਰਾਂ ਵਿਖੇ ਤਬਦੀਲ ਕਰਨ, ਸਿਹਤਯਾਬ ਹੋ ਚੁੱਕੇ ਮਰੀਜਾਂ ਆਦਿ ਸਬੰਧੀ ਜਾਇਜ਼ਾ ਵੀ ਲਿਆ।

ਇਹ ਵੀ ਪੜ੍ਹੋ: ਕੀ 2022 'ਚ 'ਨਸ਼ਾ' ਮੁੜ ਬਣੇਗਾ ਸੱਤਾ 'ਤੇ ਕਾਬਜ਼ ਹੋਣ ਦਾ ਮੁੱਖ ਮੁੱਦਾ ਜਾਂ ਫਿਰ.....?

ਮੀਟਿੰਗ ਦੌਰਾਨ ਐੱਸ.ਡੀ.ਐੱਮ. ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮ ਭਵਾਨੀਗੜ੍ਹ ਅੰਕੁਰ ਮਹਿੰਦਰੂ, ਐਸ.ਡੀ.ਐਮ ਧੂਰੀ ਲਤੀਫ਼ ਅਹਿਮਦ, ਐਸ.ਡੀ.ਐਮ ਦਿੜ੍ਹਬਾ ਮਨਜੀਤ ਸਿੰਘ, ਐਸ.ਡੀ.ਐਮ ਸੁਨਾਮ ਮਨਜੀਤ ਕੌਰ, ਐਸ.ਡੀ.ਐਮ ਮਲੇਰਕੋਟਲਾ ਵਿਕਰਮਜੀਤ ਸਿੰਘ ਪਾਂਥੇ, ਸਹਾਇਕ ਸਿਵਲ ਸਰਜਨ ਡਾ. ਮਹੇਸ਼ ਅਹੂਜਾ, ਜ਼ਿਲ੍ਹਾ ਐਪੀਡੋਮੋਲਿਜਸਟ ਡਾ. ਉਪਾਸਨਾ ਅਤੇ ਡਾ. ਸਨਵੀਰ, ਡੀ.ਐਸ.ਪੀ ਮੋਹਿਤ ਅਗਰਵਾਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।  


author

Shyna

Content Editor

Related News