ਪੰਜਾਬ ਦੇ 23ਵੇਂ ਜ਼ਿਲ੍ਹੇ 'ਮਾਲੇਰਕੋਟਲਾ' ਲਈ ਕੈਪਟਨ ਨੇ ਕੀਤੇ ਵੱਡੇ ਐਲਾਨ

Monday, Jun 07, 2021 - 03:54 PM (IST)

ਪੰਜਾਬ ਦੇ 23ਵੇਂ ਜ਼ਿਲ੍ਹੇ 'ਮਾਲੇਰਕੋਟਲਾ' ਲਈ ਕੈਪਟਨ ਨੇ ਕੀਤੇ ਵੱਡੇ ਐਲਾਨ

ਚੰਡੀਗੜ੍ਹ : ਇਤਿਹਾਸਕ ਕਸਬਾ ਮਾਲੇਰਕੋਟਲਾ ਅੱਜ ਮਤਲਬ ਕਿ 7 ਜੂਨ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ 23ਵੇਂ ਜ਼ਿਲ੍ਹੇ ਵੱਜੋਂ ਵਿਸ਼ੇਸ਼ ਇਤਿਹਾਸਕ ਮਹੱਤਤਾ ਰੱਖਣ ਵਾਲੇ ਮਾਲੇਰਕੋਟਲਾ ਦਾ ਉਦਘਾਟਨ ਕਰਦਿਆਂ ਉਨ੍ਹਾਂ ਨੂੰ ਖ਼ੁਸ਼ੀ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੁੱਢਲੇ ਤੌਰ ’ਤੇ ਇਸ ਨਵੇਂ ਬਣੇ ਜ਼ਿਲ੍ਹੇ ਵਿੱਚ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਸਬ-ਤਹਿਸੀਲ ਤੋਂ ਦਰਜਾ ਵਧਾ ਕੇ ਸਬ-ਡਵੀਜ਼ਨ ਬਣਾਏ ਗਏ ਅਮਰਗੜ੍ਹ ਸਬ-ਡਵੀਜ਼ਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਆਰਜ਼ੀ ਦਫ਼ਤਰ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਹੀ 12 ਵਿਭਾਗਾਂ ਦੇ ਦਫ਼ਤਰ ਛੇਤੀ ਹੀ ਚਾਲੂ ਕੀਤੇ ਜਾਣਗੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਸਬ-ਡਵੀਜ਼ਨਲ ਕੰਪਲੈਕਸ ਦੀ ਉਸਾਰੀ ਜੰਗੀ ਪੱਧਰ ’ਤੇ ਕੀਤੀ ਜਾਵੇਗੀ, ਜਿਸ ਲਈ 20 ਕਰੋੜ ਰੁਪਏ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੇ ਨਵਾਂ ਜ਼ਿਲ੍ਹਾ ਬਣਨ ਨਾਲ ਖੇਤਰ ਦਾ ਸਮੁੱਚਾ ਵਿਕਾਸ ਹੋਵੇਗਾ, ਜਿਸ ਨਾਲ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਬੂਹਿਆਂ ’ਤੇ ਸੇਵਾਵਾ ਮੁਹੱਈਆ ਕਰਵਾਈਆਂ ਜਾਣਗੀਆਂ। ਪੰਜਾਬ ਦੇ ਵਧੀਕ ਮੁੱਖ ਸਕੱਤਰ ਮਾਲ ਅਤੇ ਮੁੜ ਵਸੇਬਾ ਰਵਨੀਤ ਕੌਰ ਨੇ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਦੀ ਸ਼ਮੂਲੀਅਤ ਵਾਲੇ ਮਾਲੇਰਕੋਟਲਾ ਜ਼ਿਲ੍ਹੇ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਸ ਵਿੱਚ 192 ਪਿੰਡ, 62 ਪਟਵਾਰ ਸਰਕਲ ਅਤੇ 6 ਕਾਨੂੰਨਗੋ ਸਰਕਲ ਸ਼ਾਮਲ ਕੀਤੇ ਜਾਣਗੇ। ਮਾਲੇਰਕੋਟਲਾ ਦੇ ਜ਼ਿਲ੍ਹਾ ਬਣਨ ਮੌਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਬੰਧੀ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਸਵਿੱਫਟ ਕਾਰ 'ਚ ਸਵਾਰ 2 ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ ਹੀ ਮੌਤ
ਜਾਣੋ ਕੈਪਟਨ ਵੱਲੋਂ ਕੀਤੇ ਗਏ ਐਲਾਨ
ਨੌਜਵਾਨ ਕੁੜੀ-ਮੁੰਡਿਆਂ ਨੂੰ ਡਾਕਟਰੀ ਸਿੱਖਿਆ ਦੇਣ ਲਈ 500 ਕਰੋੜ ਦੀ ਲਾਗਤ ਨਾਲ ਨਵਾਬ ਸ਼ੇਰ ਮੁਹੰਮਦ ਖਾਨ ਨਾਂ ਦਾ ਸਰਕਾਰੀ ਮੈਡੀਕਲ ਕਾਲਜ ਸਥਾਪਿਤ ਕੀਤਾ ਜਾਵੇਗਾ।
ਜ਼ਿਲ੍ਹੇ ਅੰਦਰ 10 ਕਰੋੜ ਦੀ ਲਾਗਤ ਨਾਲ ਨਵਾਂ ਬੱਸ ਅੱਡਾ ਸਥਾਪਿਤ ਕੀਤਾ ਜਾਵੇਗਾ।
12 ਕਰੋੜ ਦੀ ਲਾਗਤ ਨਾਲ ਕੁੜੀਆਂ ਦਾ ਸਰਕਾਰੀ ਕਾਲਜ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : 'ਕਾਂਗਰਸ' ਸਾਹਮਣੇ ਹੁਣ ਕੁਨਬਾ ਸੰਭਾਲਣ ਦੀ ਚੁਣੌਤੀ, ਸੇਂਧਮਾਰੀ ਕਰਕੇ ਬਦਲਾ ਲਵੇਗੀ 'ਆਪ'
ਜ਼ਿਲ੍ਹੇ ਅੰਦਰ ਮਹਿਲਾ ਥਾਣਾ ਵੀ ਸਥਾਪਿਤ ਕੀਤਾ ਜਾਵੇਗਾ। ਇਹ ਮਹਿਲਾ ਥਾਣਾ ਸਿਰਫ ਮੁਲਾਜ਼ਮ ਬੀਬੀਆਂ ਵੱਲੋਂ ਹੀ ਚਲਾਇਆ ਜਾਵੇਗਾ।
20 ਕਰੋੜ ਦੀ ਲਾਗਤ ਨਾਲ ਨਵੇਂ ਜ਼ਿਲ੍ਹਾ ਪ੍ਰਬੰਧੀ ਕੰਪਲੈਕਸ ਅਤੇ ਸਬ ਡਵੀਜ਼ਨ ਕੰਪਲੈਕਸ ਦੀ ਉਸਾਰੀ ਕੀਤੀ ਜਾਵੇਗੀ।
ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ 6 ਕਰੋੜ ਰੁਪਏ ਵਿਕਾਸ ਕਾਰਜਾਂ 'ਤੇ ਖ਼ਰਚੇ ਜਾਣਗੇ।
ਇਤਿਹਾਸਕ ਮੁਬਾਰਕ ਮੰਜ਼ਿਲ ਮਹਿਲ ਦੀ ਸੰਭਾਲ ਅਤੇ ਨਵੀਨੀਕਰਨ ਦਾ ਕਾਰਜ ਆਗਾ ਖਆਨ ਫਾਊਂਡੇਸ਼ਨ ਵੱਲੋਂ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਵੈਕਸੀਨ ਘਪਲੇ 'ਤੇ ਸੁਖਬੀਰ ਦਾ ਸਿਹਤ ਮੰਤਰੀ ਖ਼ਿਲਾਫ਼ ਵੱਡਾ ਐਲਾਨ, ਕੈਪਟਨ 'ਤੇ ਵੀ ਲਾਏ ਰਗੜੇ
ਅਖ਼ੀਰ 'ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਆਂ ਸ਼ੁੱਭ ਕਾਮਨਾਵਾਂ ਮਾਲੇਰਕੋਟਲਾ ਵਾਸੀਆਂ ਨਾਲ ਹਨ। ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ ਦੇ ਮੌਕੇ 'ਤੇ ਮਾਲੇਰਕੋਟਲਾ ਨੂੰ ਨਵਾਂ ਜ਼ਿਲ੍ਹਾ ਬਣਾਉਣ ਦਾ ਐਲਾਨ ਕੀਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News