ਮਲੂਕਾ ਦਾ ਮੋਦੀ ਸਰਕਾਰ 'ਤੇ ਨਿਸ਼ਾਨਾ, ਕਿਸਾਨਾਂ ਦੀ ਆਈ ਯਾਦ!

05/23/2018 8:12:37 AM

ਬਠਿੰਡਾ— ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਵੀ ਹੁਣ ਕਿਸਾਨਾਂ ਦੀ ਮੁਸ਼ਕਿਲ ਨੂੰ ਦੇਖਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਘੇਰਿਆ ਹੈ।ਹਾਲਾਂਕਿ ਸਾਬਕਾ ਅਕਾਲੀ ਮੰਤਰੀ ਵੱਲੋਂ ਭਾਈਵਾਲ ਰਾਜਨੀਤਕ ਪਾਰਟੀ ਦੀ ਕੇਂਦਰ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹੇ ਕਰਨਾ ਸੌਖਾ ਨਹੀਂ ਹੈ ਕਿਉਂਕਿ ਬਾਦਲ ਪਰਿਵਾਰ ਹਮੇਸ਼ਾ ਮੋਦੀ ਸਰਕਾਰ ਖਿਲਾਫ ਬੋਲਣ ਤੋਂ ਬਚਦਾ ਰਿਹਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਮਲੂਕਾ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਰੋਜ਼ਾਨਾ ਵਧ ਰਹੀਆਂ ਕੀਮਤਾਂ ਦੇ ਮੁੱਦੇ 'ਤੇ ਮੋਦੀ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਨਾਰਾਜ਼ਗੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਨਾਲ ਆਮ ਲੋਕਾਂ 'ਤੇ ਮਾਲੀ ਬੋਝ ਵਧਣ ਲੱਗਾ ਹੈ ਅਤੇ ਡੀਜ਼ਲ ਦੀ ਕੀਮਤ ਵਿੱਚ ਆਈ ਤੇਜ਼ੀ ਕਰਕੇ ਵੱਡਾ ਅਸਰ ਕਿਸਾਨੀ 'ਤੇ ਹੋਵੇਗਾ, ਜੋ ਪਹਿਲਾਂ ਹੀ ਆਰਥਿਕ ਤੌਰ 'ਤੇ ਟੁੱਟੀ ਹੋਈ ਹੈ।ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਮੁਲਕ ਵਿੱਚ ਖੇਤੀ ਮਸ਼ੀਨਰੀ 'ਤੇ ਸੌ ਫੀਸਦੀ ਡੀਜ਼ਲ ਦੀ ਵਰਤੋਂ ਹੁੰਦੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਯੂ. ਪੀ. ਏ. ਦੀ ਸਰਕਾਰ ਦੌਰਾਨ ਸਾਲ 2014 ਤੋਂ ਪਹਿਲਾਂ ਵੀ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਰਹੀਆਂ ਹਨ ਅਤੇ ਹੁਣ ਭਾਜਪਾ ਕਾਰਜਕਾਲ ਦੌਰਾਨ ਵੀ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਕਮੀ ਨਹੀਂ ਆਈ ਹੈ।ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕਿਸਾਨ ਪੱਖੀ ਨੀਤੀਆਂ ਦੀ ਉਮੀਦ ਸੀ। ਪੰਜਾਬ ਦੇ ਕਿਸਾਨ ਪਹਿਲਾਂ ਹੀ ਮੰਦੀ ਦੇ ਦੌਰ ਵਿੱਚੋਂ ਲੰਘ ਰਹੇ ਹਨ ਅਤੇ ਕਰਜ਼ੇ ਦੀ ਮਾਰ ਸਹਿਣ ਕਰ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਸਸਤੀ ਕੀਮਤ 'ਤੇ ਡੀਜ਼ਲ ਦੇਣ ਲਈ ਜਲਦ ਇਕ ਨੀਤੀ ਬਣਾਈ ਜਾਣੀ ਚਾਹੀਦੀ ਹੈ।ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਡੀਜ਼ਲ 'ਤੇ ਸਬਸਿਡੀ ਦੇਣ ਦੀ ਯੋਜਨਾ ਅਮਲ ਵਿੱਚ ਲਿਆਉਣੀ ਚਾਹੀਦੀ ਹੈ, ਤਾਂ ਕਿ ਕਿਸਾਨਾਂ 'ਤੇ ਬੋਝ ਨਾ ਪਵੇ।
ਉਨ੍ਹਾਂ ਨੇ ਕਿਹਾ ਕਿ ਜੇਕਰ ਇਸ ਸਮੱਸਿਆ ਨੂੰ ਜਲਦ ਹੀ ਹੱਲ ਨਾ ਕੀਤਾ ਗਿਆ ਤਾਂ ਕਿਸਾਨ ਆਰਥਿਕ ਤੌਰ 'ਤੇ ਹੋਰ ਕਮਜ਼ੋਰ ਹੋ ਜਾਵੇਗਾ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਅਤੇ ਸੂਬਾ ਸਰਕਾਰ ਨੇ ਡੀਜ਼ਲ ਦੀਆਂ ਕੀਮਤਾਂ 'ਤੇ ਸਬਸਿਡੀ ਦੇਣ ਲਈ ਜਲਦ ਕੋਈ ਫੈਸਲਾ ਨਾ ਕੀਤਾ ਤਾਂ ਕਿਸਾਨਾਂ ਵੱਲੋਂ ਵੱਡੇ ਪੱਧਰ 'ਤੇ ਸੰਘਰਸ਼ ਸ਼ੁਰੂ ਕੀਤਾ ਜਾ ਸਕਦਾ ਹੈ।ਸ਼੍ਰੋਮਣੀ ਅਕਾਲੀ ਦਲ ਦਾ ਕਿਸਾਨ ਵਿੰਗ ਹਰ ਕਿਸਾਨ ਸੰਘਰਸ਼ ਵਿਚ ਡਟ ਕੇ ਸਾਥ ਦੇਣ ਲਈ ਵਚਨਬੱਧ ਹੈ।


Related News