''ਆਪ'' ਦੇ ਸਾਰੇ ਆਗੂ ਦੁੱਧ-ਧੋਤੇ ਨਹੀਂ'', MP ਮਾਲਵਿੰਦਰ ਕੰਗ ਦੇ ਆਪਣੀ ਹੀ ਸਰਕਾਰ ਖ਼ਿਲਾਫ਼ ਤਿੱਖੇ ਸੁਰ
Wednesday, Feb 25, 2026 - 10:49 AM (IST)
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ : ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਦੇ ਆਪਣੀ ਹੀ ਸਰਕਾਰ ਖ਼ਿਲਾਫ਼ ਵਿਰੋਧੀ ਸੁਰ ਦੇਖਣ ਨੂੰ ਮਿਲੇ ਹਨ, ਜਿਸ ਨੇ ਪੰਜਾਬ ਦੀ ਸਿਆਸਤ 'ਚ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਨੇ ਸੂਬੇ 'ਚ ਨਾਜਾਇਜ਼ ਮਾਈਨਿੰਗ ਹੋਣ ਦੀ ਗੱਲ ਕਬੂਲੀ ਹੈ। ਕੰਗ ਨੇ ਕਿਹਾ ਕਿ ਇਸ ਨਾਲ ਜਿੱਥੇ ਸਰਕਾਰ ਨੂੰ ਵੱਡਾ ਮਾਲੀਆ ਨੁਕਸਾਨ ਹੋ ਰਿਹਾ ਹੈ, ਉੱਥੇ ਹੀ ਲੋਕਾਂ ਨੂੰ ਵੀ ਮਹਿੰਗੀ ਰੇਤ-ਬੱਜਰੀ ਮਿਲ ਰਹੀ ਹੈ।
ਇਹ ਵੀ ਪੜ੍ਹੋ : ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਵੱਡੀ ਖ਼ਬਰ, ਨਹੀਂ ਮਿਲੇਗੀ ਕੋਈ ਵੀ ਰਾਹਤ, ਪਾਵਰਕਾਮ ਨੇ...
ਕੰਗ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਦੇ ਸੂਬੇ 'ਚੋਂ ਖ਼ਤਮ ਨਾ ਹੋਣ ਦਾ ਵੱਡਾ ਕਾਰਨ ਇਹ ਹੈ ਕਿ ਕਈ ਨੇਤਾ, ਅਫ਼ਸਰ ਅਤੇ ਕਰਮਚਾਰੀ ਮਾਈਨਿੰਗ ਮਾਫ਼ੀਆ ਨਾਲ ਮਿਲੇ ਰਹਿੰਦੇ ਹਨ। ਆਮ ਆਦਮੀ ਪਾਰਟੀ ਦੇ ਸਾਰੇ ਆਗੂ ਦੁੱਧ ਧੋਤੇ ਨਹੀਂ ਹਨ। ਉਨ੍ਹਾਂ ਕਿਹਾ ਸੀ ਕਿ ਇਸ ਮਾਮਲੇ ਵਿਚ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਲੋਕਾਂ ਦੀ ਸੂਚੀ ਵੀ ਸੌਂਪੀ ਹੈ, ਜੋ ਨਾਜਾਇਜ਼ ਮਾਈਨਿੰਗ ਵਿਚ ਸ਼ਾਮਲ ਹਨ। ਕੰਗ ਨੇ ਕਿਹਾ ਕਿ 30-40 ਫੁੱਟ ਤੱਕ ਮਾਈਨਿੰਗ ਸਰਕਾਰੀ ਮਿਲੀ-ਭੁਗਤ ਤੋਂ ਬਿਨਾਂ ਸੰਭਵ ਨਹੀਂ ਹੈ ਅਤੇ ਹੁਣ ਇਸ ਨਾਜਾਇਜ਼ ਮਾਈਨਿੰਗ ਕਾਰਨ ਪੁਲਾਂ ਅਤੇ ਬੁਨਿਆਦੀ ਢਾਂਚੇ ਨੂੰ ਵੀ ਖ਼ਤਰਾ ਪੈਦਾ ਹੋ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ’ਚ ਜਨਗਣਨਾ 2027 ਦਾ ਸ਼ਡਿਊਲ ਜਾਰੀ, ਸਵੈ-ਗਣਨਾ ਤੇ ਮਕਾਨਾਂ ਦੀ ਸੂਚੀ ਲਈ ਤਾਰੀਖਾਂ ਦਾ ਐਲਾਨ
ਗੈਂਗਸਟਰਵਾਦ 'ਤੇ ਵੀ ਚੁੱਕੇ ਸਵਾਲ
ਮਾਲਵਿੰਦਰ ਕੰਗ ਨੇ ਕਿਹਾ ਕਿ ਪੰਜਾਬ 'ਚ ਗੈਂਗਸਟਰ ਰਾਜ ਲਗਾਤਾਰ ਵੱਧ ਰਿਹਾ ਹੈ। ਇਸ ਦਾ ਵੱਡਾ ਕਾਰਨ ਹੈ ਕਿ ਪੰਜਾਬ ਪੁਲਸ ਨੂੰ ਜਿਸ ਤਰੀਕੇ ਨਾਲ ਕੰਮ ਕਰਨਾ ਚਾਹੀਦਾ ਹੈ, ਉਸ ਤਰੀਕੇ ਨਾਲ ਨਹੀਂ ਹੋ ਰਿਹਾ ਹੈ। ਇਸ ਨਾਲ ਲੋਕਾਂ 'ਚ ਗਲਤ ਸੁਨੇਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਸਰਕਾਰ ਨੂੰ ਕਈ ਵਾਰ ਕਿਹਾ ਹੈ ਕਿ ਗੈਂਗਸਟਰਾਂ ਪ੍ਰਤੀ ਆਪਣੀ ਰਣਨੀਤੀ ਬਦਲਣੀ ਪਵੇਗੀ। ਬੇਸ਼ੱਕ ਸਰਕਾਰ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਬਣਾ ਰੱਖੀ ਹੈ ਪਰ ਖ਼ਾਸ ਰਣਨੀਤੀ ਦੇ ਤਹਿਤ ਜਦੋਂ ਇਹ ਕੰਮ ਕਰੇਗੀ ਤਾਂ ਸਫ਼ਲਤਾ ਮਿਲ ਸਕੇਗੀ। ਇਸੇ ਤਰ੍ਹਾਂ ਪੰਜਾਬ 'ਚ ਲਾਅ ਐਂਡ ਆਰਡਰ ਕਾਇਮ ਹੋ ਸਕਦਾ ਹੈ।
ਕਿਸਾਨਾਂ 'ਤੇ ਕੀ ਬੋਲੇ
ਮਾਲਵਿੰਦਰ ਕੰਗ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ। ਇਸ ਲਈ ਕਿਸਾਨ ਆਪਣੀ ਰੋਜ਼ੀ-ਰੋਟੀ ਨੂੰ ਬਚਾਉਣ ਲਈ ਰੋਜ਼ਾਨਾ ਧਰਨੇ-ਪ੍ਰਦਰਸ਼ਨ ਕਰ ਰਹੇ ਹਨ। ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਸੂਬੇ 'ਚ ਐਗਰੋ ਬੇਸਡ ਇੰਡਸਟਰੀ ਲਗਾਵੇ ਤਾਂ ਜੋ ਇੰਡਸਟਰੀ ਸਿੱਧਾ ਕਿਸਾਨਾਂ ਨਾਲ ਜੁੜੀ ਰਹੇ। ਕਿਸਾਨਾਂ ਨੂੰ ਆਪਣੇ ਉਤਪਾਦ ਵੇਚਣ ਲਈ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
