ਪੰਜਾਬ ਲਈ 50,000 ਕਰੋੜ ਦੇ ਵਿਸ਼ੇਸ਼ ਪੈਕੇਜ ਦੀ ਮੰਗ ! MP ਕੰਗ ਨੇ ਲੋਕ ਸਭਾ 'ਚ ਚੁੱਕਿਆ ਮੁੱਦਾ
Wednesday, Dec 03, 2025 - 04:30 PM (IST)
ਨਵੀਂ ਦਿੱਲੀ- ਬੁੱਧਵਾਰ ਨੂੰ ਲੋਕ ਸਭਾ ਵਿੱਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਸੂਬੇ ਦੇ ਕਿਸਾਨਾਂ ਦੀ ਦੁਰਦਸ਼ਾ ਦਾ ਮੁੱਦਾ ਉਠਾਇਆ, ਜਿਨ੍ਹਾਂ ਨੂੰ ਅਗਸਤ-ਸਤੰਬਰ ਦੌਰਾਨ ਪਏ ਭਾਰੀ ਮੀਂਹ ਕਾਰਨ ਵੱਡੇ ਪੱਧਰ 'ਤੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੌਰਾਨ ਸੰਸਦ ਮੈਂਬਰਾਂ ਵੱਲੋਂ ਕੇਂਦਰ ਸਰਕਾਰ ਤੋਂ ਕਿਸਾਨਾਂ ਲਈ ਇੱਕ ਵਿਸ਼ੇਸ਼ ਸਹਾਇਤਾ ਪੈਕੇਜ ਦੀ ਮੰਗ ਕੀਤੀ ਗਈ।
ਜ਼ੀਰੋ ਆਵਰ ਦੌਰਾਨ ਇਹ ਮੁੱਦਾ ਉਠਾਉਂਦਿਆਂ, ਆਮ ਆਦਮੀ ਪਾਰਟੀ (AAP) ਦੇ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਗਸਤ-ਸਤੰਬਰ ਵਿੱਚ ਜਦੋਂ ਸੂਬੇ ਨੂੰ ਭਾਰੀ ਬਾਰਿਸ਼ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬ ਦੇ 6 ਜ਼ਿਲ੍ਹਿਆਂ ਦੇ 2,500 ਪਿੰਡਾਂ ਵਿੱਚ ਕਿਸਾਨਾਂ ਨੂੰ ਕਾਫ਼ੀ ਨੁਕਸਾਨ ਹੋਇਆ। ਕੰਗ ਨੇ ਕਿਹਾ ਕਿ ਕੁਦਰਤੀ ਆਫ਼ਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਈ ਕੇਂਦਰੀ ਮੰਤਰੀਆਂ ਨੇ ਪੰਜਾਬ ਦਾ ਦੌਰਾ ਕੀਤਾ ਸੀ, ਪਰ ਸੂਬੇ ਨੂੰ ਕੇਂਦਰ ਵੱਲੋਂ ਕੀਤੇ ਗਏ ਵਾਅਦੇ ਅਨੁਸਾਰ ਪੈਕੇਜ ਦਾ ਇੱਕ ਪੈਸਾ ਵੀ ਨਹੀਂ ਮਿਲਿਆ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਕਿਸਾਨਾਂ ਦੀ ਮਦਦ ਲਈ 50,000 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਐਲਾਨ ਕੀਤਾ ਜਾਵੇ।
ਇਸ ਤੋਂ ਇਲਾਵਾ ਅਕਾਲੀ ਦਲ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਕਿਸਾਨਾਂ ਦੀਆਂ ਦਾ ਮੁੱਦਾ ਉਠਾਉਂਦੇ ਹੋਏ ਕੇਂਦਰ ਸਰਕਾਰ ਨੂੰ ਯਤਨ ਕਰਨ ਦੀ ਅਪੀਲ ਕੀਤੀ, ਜਿਨ੍ਹਾਂ ਨੇ 3 ਮਹੀਨੇ ਪਹਿਲਾਂ ਆਏ ਵਿਨਾਸ਼ਕਾਰੀ ਹੜ੍ਹਾਂ ਕਾਰਨ ਭਾਰੀ ਫ਼ਸਲੀ ਨੁਕਸਾਨ ਝੱਲਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਭਾਰੀ ਮੀਂਹ ਕਾਰਨ ਰਾਵੀ ਅਤੇ ਬਿਆਸ ਦਰਿਆਵਾਂ ਵੱਲੋਂ ਲਿਆਂਦੀ ਗਈ ਗਾਰ ਹੇਠ 5 ਲੱਖ ਹੈਕਟੇਅਰ ਖੇਤੀਯੋਗ ਜ਼ਮੀਨ ਦੱਬੀ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ। ਅੱਗੇ ਉਨ੍ਹਾਂ ਕਿਸਾਨਾਂ ਦੀ ਭਲਾਈ ਲਈ ਕੇਂਦਰ ਅੱਗੇ ਅਪੀਲ ਕੀਤੀ ਕਿ ਮੁਆਵਜ਼ਾ ਰਾਸ਼ੀ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇ, ਤਾਂ ਜੋ ਕਿਸਾਨਾਂ ਨੂੰ ਇਸ ਦਾ ਸਿੱਧਾ ਲਾਭ ਮਿਲ ਸਕੇ।
