ਨਵੀਂ ਮਾਲਵਾ ਨਹਿਰ ਮਾਲਵੇ ਵਿਚ ਜਲ ਸੰਕਟ ਕਰੇਗੀ ਦੂਰ, ਕਿਸਾਨੀ ਨੂੰ ਹੋਵੇਗਾ ਫਾਇਦਾ

Thursday, Nov 28, 2024 - 03:22 PM (IST)

ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਹ ਕੰਮ ਕਰਵਾਇਆ ਹੈ, ਜਿਸ ਦੀ ਕਿਸੇ ਨੇ ਕਲਪਨਾ ਤਕ ਨਹੀਂ ਕੀਤੀ ਸੀ। ਇਸ ਦੇ ਚੱਲਦੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਦੀ ਪਹਿਲੀ ਨਹਿਰ ਤਿਆਰ ਕੀਤੀ ਜਾ ਰਹੀ ਹੈ। ਇਸ ਨਵੀਂ ਨਹਿਰ ਦੇ ਸਦਕਾ ਮਾਲਵੇ ਵਿਚ ਜਿੱਥੇ  ਜਲ ਸੰਕਟ ਦੂਰ ਹੋਵੇਗਾ ਉਥੇ ਹੀ ਕਿਸਾਨਾਂ ਨੂੰ ਇਸ ਦਾ ਵੱਡਾ ਫਾਇਦਾ ਮਿਲੇਗਾ। ‘ਮਾਲਵਾ ਨਹਿਰ’ ਦੀ ਲੰਬਾਈ ਲਗਭਗ 149.53 ਕਿਲੋਮੀਟਰ ਹੈ। ਇਸ ਨਹਿਰ ਦੀ ਪ੍ਰਸਤਾਵਿਤ ਪਾਣੀ ਦੀ ਸਮਰੱਥਾ 2000 ਕਿਊਸਿਕ ਹੈ। ਇਹ ਨਹਿਰ ਹਰੀਕੇ ਹੈੱਡਵਰਕਸ ਤੋਂ ਲੈ ਕੇ ਰਾਜਸਥਾਨ ਫੀਡਰ ਨਹਿਰ ਦੇ ਖੱਬੇ ਪਾਸੇ ਦੇ ਨਾਲ-ਨਾਲ ਇਸ ਦੇ ਹੈੱਡਵਰਕ ਤੋਂ ਪਿੰਡ ਵੜਿੰਗ ਖੇੜਾ ਤੱਕ ਬਣਾਉਣ ਦੀ ਤਜਵੀਜ਼ ਹੈ ਅਤੇ ਨਹਿਰ ਦਾ ਕੁਝ ਹਿੱਸਾ ਰਾਜਸਥਾਨ ਸਰਕਾਰ ਦੀ ਸੂਬੇ ਵਿਚ ਸਥਿਤ ਜ਼ਮੀਨ ਵਿਚ ਵੀ ਬਣੇਗਾ ਜੋ ਰਾਜਸਥਾਨ ਫੀਡਰ ਦੇ ਨਿਰਮਾਣ ਲਈ ਐਕੁਆਇਰ ਕੀਤੀ ਗਈ ਸੀ।

ਮੁੱਖ ਮੰਤਰੀ ਭਗਵੰਤ ਮਾਨ ਮੁਤਾਬਕ ਇਸ ਪ੍ਰੋਜੈਕਟ ਉੱਤੇ ਕਰੀਬ 2300 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਹਿੰਦ ਨਹਿਰ ਸਿਸਟਮ ਦੇ ਟੇਲ ਵਾਲੇ ਹਿੱਸੇ (ਜਿੱਥੇ ਨਹਿਰ ਖ਼ਤਮ ਹੋ ਰਹੀ ਹੁੰਦੀ ਹੈ) ਵਿਚ ਪਾਣੀ ਦੀ ਸਪਲਾਈ ਵਿਚ ਸੁਧਾਰ ਕਰਨ ਦੀ ਬਜਾਏ ਸਰਹਿੰਦ ਫੀਡਰ ਤੋਂ ਲਿਫਟ ਪੰਪਾਂ ਰਾਹੀਂ ਪਾਣੀ ਦੀ ਸਪਲਾਈ ਕਰਨ ਦਾ ਫੈਸਲਾ ਲਿਆ। ਉਨ੍ਹਾਂ ਮੁਤਾਬਕ ਇਸ ਦੇ ਨਾਲ ਅਬੋਹਰ ਅਤੇ ਫਾਜ਼ਿਲਕਾ ਦੀ ਨਹਿਰੀ ਸਪਲਾਈ ਲਈ ਪਾਣੀ ਦੀ ਘਾਟ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਲਵਾ ਨਹਿਰ ਨਾਲ ਸਰਹਿੰਦ ਫੀਡਰ ਤੋਂ ਅਬੋਹਰ ਖੇਤਰ ਲਈ ਵਧੇਰੇ ਪਾਣੀ ਮੁਹੱਈਆ ਹੋਵੇਗਾ। ਇਸ ਨਹਿਰ ਦੇ ਬਣਨ ਨਾਲ ਮੁਕਤਸਰ, ਗਿੱਦੜਬਾਹਾ, ਬਠਿੰਡਾ, ਜ਼ੀਰਾ ਦੇ ਖੇਤਰਾਂ ਦੇ ਨਾਲ-ਨਾਲ ਅਬੋਹਰ, ਫਿਰੋਜ਼ਪੁਰ ਅਤੇ ਫਾਜ਼ਿਲਕ ਦੇ ਖੇਤਰਾਂ ਨੂੰ ਉਨ੍ਹਾਂ ਦੇ ਹਿੱਸੇ ਦਾ ਪਾਣੀ ਮਿਲੇਗਾ।


Gurminder Singh

Content Editor

Related News