ਵਿਅਕਤੀ ਨਾਜਾਇਜ਼ ਪਿਸਤੌਲ ਤੇ ਜ਼ਿੰਦਾ ਕਾਰਤੂਸ ਸਣੇ ਕਾਬੂ

05/23/2024 10:59:42 AM

ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ) : ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੇ ਸਬ ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਸੀ. ਆਈ. ਏ. ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਜਦੋਂ ਸਬ-ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੀ ਯਤੀਮਖਾਨਾ ਚੌਂਕ ਫਿਰੋਜ਼ਪੁਰ ਛਾਉਣੀ ਨੇੜੇ ਪੁੱਜੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰੋਸ਼ਨਦੀਪ ਸਿੰਘ ਨਾਂ ਦਾ ਵਿਅਕਤੀ ਹਮੇਸ਼ਾ ਆਪਣੇ ਕੋਲ ਨਾਜਾਇਜ਼ ਪਿਸਤੌਲ ਰੱਖਦਾ ਹੈ।

 ਇਸ ਸਮੇਂ ਵੀ ਉਹ ਚੁੰਗੀ ਨੰਬਰ 7 ਮੋਗਾ ਰੋਡ ’ਤੇ ਖੜ੍ਹਾ ਹੋਇਆ ਹੈ ਤਾਂ ਪੁਲਸ ਪਾਰਟੀ ਨੇ ਤੁਰੰਤ ਉੱਥੇ ਰੇਡ ਕਰਦੇ ਨਾਮਜ਼ਦ ਵਿਅਕਤੀ ਨੂੰ ਕਾਬੂ ਕਰ ਲਿਆ, ਜਿਸ ਦੇ ਕੋਲੋਂ ਇਕ ਨਾਜਾਇਜ਼ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਫੜ੍ਹੇ ਗਏ ਵਿਅਕਤੀ ਖ਼ਿਲਾਫ਼ ਥਾਣਾ ਫਿਰੋਜ਼ਪੁਰ ਛਾਉਣੀ ’ਚ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


Babita

Content Editor

Related News