ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਜ਼ਖਮੀ ਵਿਅਕਤੀ ਦੀ ਮੌਤ
Tuesday, Jan 07, 2025 - 04:04 PM (IST)
ਗੁਰੂਹਰਸਹਾਏ (ਕਾਲੜਾ) : ਗੁਰੂਹਰਸਹਾਏ ਦੇ ਅਧੀਨ ਆਉਂਦੇ ਪਿੰਡ ਬਹਾਦਰ ਕੇ ਵਿਖੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਜ਼ਖਮੀ ਹੋਏ ਮੋਟਰਸਾਈਕਲ ਸਵਾਰ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧ ਵਿਚ ਥਾਣਾ ਗੁਰੂਹਰਸਹਾਏ ਪੁਲਸ ਨੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸੰਦੀਪ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਬਸਤੀ ਵੱਲੂ ਸਿੰਘ (ਦਾਖਲੀ ਬਹਾਦਰ ਕੇ) ਨੇ ਦੱਸਿਆ ਕਿ ਉਸ ਦਾ ਪਿਤਾ ਪੂਰਨ ਸਿੰਘ (52 ਸਾਲ) ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਬਹਾਦਰ ਕੇ ਤੋਂ ਆਪਣੇ ਘਰ ਜਾ ਰਿਹਾ ਸੀ।
ਇਸ ਦੌਰਾਨ ਦੋਸ਼ੀ ਸੋਨੂੰ ਪੁੱਤਰ ਸੋਹਣ ਲਾਲ ਵਾਸੀ ਪਿੰਡ ਬਹਾਦਰ ਕੇ ਨੇ ਸਾਹਮਣੇ ਤੋਂ ਕਾਰ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਲਿਆ ਕੇ ਉਸ ਦੇ ਪਿਤਾ ਦੇ ਮੋਟਰਸਾਈਕਲ ਵਿਚ ਮਾਰੀ। ਇਸ ਹਾਦਸੇ ਵਿਚ ਉਸ ਦੇ ਪਿਤਾ ਦੇ ਸੱਟਾਂ ਲੱਗ ਗਈਆਂ। ਉਨ੍ਹਾਂ ਦੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਲਿਜਾਂਦੇ ਸਮੇਂ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਤਰਲੋਕ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।