ਬਨੂੜ ''ਚ ਵਾਪਰਿਆ ਭਿਆਨਕ ਹਾਦਸਾ, 2 ਸਕੇ ਭਰਾਵਾਂ ''ਚੋਂ ਇਕ ਦੀ ਮੌਤ

Saturday, Jul 17, 2021 - 05:16 PM (IST)

ਬਨੂੜ ''ਚ ਵਾਪਰਿਆ ਭਿਆਨਕ ਹਾਦਸਾ, 2 ਸਕੇ ਭਰਾਵਾਂ ''ਚੋਂ ਇਕ ਦੀ ਮੌਤ

ਬਨੂੜ (ਗੁਰਪਾਲ) : ਬਨੂੜ ਤੋਂ ਤੇਪਲਾ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ 'ਤੇ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ. ਐੱਸ. ਆਈ. ਜਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਬਨੂੜ ਵਿਚ ਸਥਿਤ ਕਰਤਾਰ ਗੈਸ ਏਜੰਸੀ ਵਿਚ ਕੰਮ ਕਰਨ ਵਾਲਾ ਗੁਰਚਰਨ ਸਿੰਘ ਪੁੱਤਰ ਕੇਹਰ ਸਿੰਘ (45) ਵਾਸੀ ਪਿੰਡ ਚੰਗੇਰਾ, ਪਟਿਆਲਾ ਆਪਣੇ ਸਕੇ ਭਰਾ ਸੁਖਵਿੰਦਰ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ।

ਇਸ ਦੌਰਾਨ ਜਦੋਂ ਉਹ ਬਨੂੜ ਤੋਂ ਤੇਪਲਾ ਨੂੰ ਜਾਂਦੇ ਹੋਏ ਬਾਬਾ ਬੰਦਾ ਸਿੰਘ ਬਹਾਦਰ ਮਾਰਗ ’ਤੇ ਸ਼ਹਿਰ ਦੀ ਹਦੂਦ ਵਿਚ ਸਥਿਤ ਸਿਵਲ ਹਸਪਤਾਲ ਬਨੂੜ ਦੇ ਸਾਹਮਣੇ ਪਹੁੰਚੇ ਤਾਂ ਪਿੱਛੋਂ ਆ ਰਹੇ ਕਿਸੇ ਅਣਪਛਾਤੇ ਤੇਜ਼ ਰਫਤਾਰ ਵਾਹਨ ਨੇ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰੀ। ਇਸ ਭਿਆਨਕ ਟੱਕਰ ਨਾਲ ਮੋਟਰਸਾਈਕਲ ’ਤੇ ਪਿੱਛੇ ਬੈਠਾ ਗੁਰਚਰਨ ਸਿੰਘ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਿਆ ਤੇ ਉਸ ਦੀ ਤੁਰੰਤ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਮੋਟਰਸਾਈਕਲ ਚਾਲਕ ਸੁਖਵਿੰਦਰ ਸਿੰਘ ਦਾ ਬਚਾਅ ਹੋ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਚੋਂ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
 


author

Babita

Content Editor

Related News