ਸੂਬੇ ਦੀਆਂ 232 ਮੰਡੀਆਂ 31 ਮਈ ਤੱਕ ਰਹਿਣਗੀਆਂ ਚਾਲੂ : ਕਟਾਰੂਚੱਕ
Sunday, May 15, 2022 - 08:15 PM (IST)
ਚੰਡੀਗੜ੍ਹ (ਬਿਊਰੋ) : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਦੀਆਂ 232 ਮੰਡੀਆਂ 'ਚ ਕਣਕ ਦੀ ਖਰੀਦ ਦਾ ਕੰਮ 31 ਮਈ ਤੱਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਇਹ ਐਲਾਨ ਕੇਂਦਰੀ ਵਣਜ ਮੰਤਰਾਲੇ ਵੱਲੋਂ ਕਣਕ ਦੀ ਬਰਾਮਦ ’ਤੇ ਰੋਕ ਲਾਉਣ ਦੇ ਹਾਲ ਹੀ 'ਚ ਲਏ ਫੈਸਲੇ ਦੇ ਪ੍ਰਭਾਵਾਂ ਨੂੰ ਧਿਆਨ ਨਾਲ ਘੋਖਣ ਤੋਂ ਬਾਅਦ ਕੀਤਾ ਗਿਆ ਹੈ। ਪੱਤਰਕਾਰਾਂ ਨਾਲ ਇਹ ਵੇਰਵੇ ਸਾਂਝੇ ਕਰਦਿਆਂ ਖੁਰਾਕ ਮੰਤਰੀ ਨੇ ਕਿਹਾ ਕਿ ਕਣਕ ਦੀ ਬਰਾਮਦ ’ਤੇ ਰੋਕ ਦੇ ਨਤੀਜੇ ਵਜੋਂ ਘਰੇਲੂ ਮੰਡੀ ਵਿੱਚ ਕਣਕ ਦੀਆਂ ਕੀਮਤਾਂ 'ਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਨਤੀਜੇ ਵਜੋਂ ਕੁਝ ਕਿਸਾਨ ਜਿਨ੍ਹਾਂ ਨੇ ਬਾਅਦ ਵਿੱਚ ਚੰਗੇ ਭਾਅ ਮਿਲਣ ਦੀ ਉਮੀਦ ਵਿੱਚ ਕਣਕ ਦੀ ਫ਼ਸਲ ਭੰਡਾਰ ਕੀਤੀ ਸੀ, ਨੂੰ ਸ਼ਾਇਦ ਹੁਣ ਮੁੜ ਸੋਚ-ਵਿਚਾਰ ਕੇ ਆਪਣੀ ਫ਼ਸਲ ਵੇਚਣੀ ਪਵੇ। ਇਸ ਲਈ ਇਹ ਮਹੱਤਵਪੂਰਨ ਸੀ ਕਿ ਐੱਮ.ਐੱਸ.ਪੀ. ’ਤੇ ਸਰਕਾਰੀ ਖਰੀਦ ਦੀ ਸਹੂਲਤ ਉਨ੍ਹਾਂ ਲਈ ਉਪਲਬਧ ਰਹੇ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਝੱਲਣਾ ਪਵੇ।
ਇਹ ਵੀ ਪੜ੍ਹੋ : ਗਰੀਬੀ ਤੋਂ ਤੰਗ ਕਬੱਡੀ ਖਿਡਾਰੀ ਨੇ ਜ਼ਹਿਰੀਲੀ ਚੀਜ਼ ਨਿਗਲ ਦਿੱਤੀ ਜਾਨ, ਇਲਾਕੇ ਦਾ ਨਾਮਵਰ ਖਿਡਾਰੀ ਸੀ ਸੀਪਾ
ਮੰਡੀਆਂ ਦੇ ਕੰਮਕਾਜ ’ਤੇ ਟਿੱਪਣੀ ਕਰਦਿਆਂ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਸੂਬੇ ’ਚ 2292 ਮੰਡੀਆਂ ਨੂੰ ਚਾਲੂ ਕੀਤਾ ਸੀ ਪਰ ਸੂਬੇ ਦੇ ਕੁਝ ਹਿੱਸਿਆਂ ’ਚ ਕਣਕ ਦੀ ਆਮਦ ’ਚ ਆਈ ਭਾਰੀ ਗਿਰਾਵਟ ਦੇ ਮੱਦੇਨਜ਼ਰ ਹਾਲ ਹੀ ਦੇ ਦਿਨਾਂ ਵਿੱਚ 2060 ਮੰਡੀਆਂ ਨੂੰ ਯੋਜਨਾਬੱਧ ਤੇ ਪੜਾਅਵਾਰ ਤਰੀਕੇ ਨਾਲ ਬੰਦ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਇਸ ਸਮੇਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 232 ਮੰਡੀਆਂ ਚਾਲੂ ਹਨ। ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਖਰੀਦ ਬੰਦ ਕਰਨ ਦੀ ਅਧਿਸੂਚਿਤ ਮਿਤੀ 31 ਮਈ ਸੀ ਪਰ ਹਾਲ ਹੀ ਦੇ ਦਿਨਾਂ 'ਚ ਕਣਕ ਦੀ ਆਮਦ ਦੀ ਮੱਠੀ ਰਫ਼ਤਾਰ ਨੂੰ ਦੇਖਦਿਆਂ 12 ਮਈ ਨੂੰ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੂੰ ਬੇਨਤੀ ਕੀਤੀ ਗਈ ਸੀ ਕਿ ਮੰਡੀਆਂ ਨੂੰ ਸਮੇਂ ਤੋਂ ਪਹਿਲਾਂ 17 ਮਈ ਤੋਂ ਬੰਦ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਹੁਣ ਰਸਮੀ ਤੌਰ ’ਤੇ ਇਹ ਬੇਨਤੀ ਵਾਪਸ ਲੈ ਲਈ ਹੈ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਇਹ 232 ਮੰਡੀਆਂ 31 ਮਈ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਚਾਲੂ ਰਹਿਣਗੀਆਂ।
ਇਹ ਵੀ ਪੜ੍ਹੋ : ਮੋਟਰਸਾਈਕਲ ਬੇਕਾਬੂ ਹੋਣ ਕਾਰਨ ਨੌਜਵਾਨ ਦੀ ਮੌਤ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ