''ਆਪ'' ਦੀ ਸਰਕਾਰ ਆਉਣ ''ਤੇ ਪੱਤਰਕਾਰਾਂ ਨਾਲ ਮਿਲ ਕੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ : ਸਿਸੋਦੀਆ
Friday, Dec 03, 2021 - 04:44 PM (IST)
ਫਤਿਹਗੜ੍ਹ ਸਾਹਿਬ (ਵਿਪਨ) : ਆਮ ਆਦਮੀ ਪਾਰਟੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਇੱਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਸ਼ਾਲੀ ਮੰਨਦੇ ਹਨ ਕਿ ਉਨ੍ਹਾਂ ਨੂੰ ਪੂਜਨੀਕ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਜੀ ਦੀ ਸ਼ਹਾਦਤ ਵਾਲੀ ਧਰਤੀ 'ਤੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਫੇਰੀ ਦੌਰਾਨ ਉਨ੍ਹਾਂ ਕਈ ਸਕੂਲਾਂ ਵਿੱਚ ਜਾਣ ਦੀ ਕੋਸ਼ਿਸ਼ ਕੀਤੀ ਪਰ ਸਰਕਾਰ ਨੇ ਸਕੂਲਾਂ ਨੂੰ ਤਾਲੇ ਲਗਾ ਦਿੱਤੇ ਤਾਂ ਜੋ ਸਿੱਖਿਆ ਬਾਰੇ ਵੱਡੇ ਦਾਅਵੇ ਕਰਨ ਵਾਲੀ ਸਰਕਾਰ ਦੀ ਪੋਲ ਨਾ ਖੁੱਲ੍ਹ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਹਤ ਸਹੂਲਤਾਂ ਅਤੇ ਸਿੱਖਿਆ ਦਾ ਬਹੁਤ ਬੁਰਾ ਹਾਲ ਹੈ ਅਤੇ ਕਾਗਰਸ ਸਰਕਾਰ ਨੇ ਵਪਾਰੀ ਵਰਗ ਅਤੇ ਆਮ ਲੋਕਾਂ ਲਈ ਕੁੱਝ ਨਹੀਂ ਕੀਤਾ, ਜਿਸ ਕਾਰਨ ਹਰ ਵਰਗ ਵਿੱਚ ਰੋਸ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਵਿਚਾਰਿਆ ਜਾਵੇਗਾ। ਸਿਸੋਦੀਆ ਨੇ ਕਿਹਾ ਕਿ ਸੂਬਾ ਸਰਕਾਰ ਦੀ ਲਾਪਰਵਾਹੀ ਕਾਰਨ ਅੱਜ ਪੰਜਾਬ ਦਾ ਵਪਾਰ ਘਾਟੇ ਵੱਲ ਅਤੇ ਛੋਟਾ ਵਪਾਰੀ ਖ਼ਤਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਪੱਤਰਕਾਰਾਂ ਨਾਲ ਮਿਲ ਕੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ ਅਤੇ ਪੰਜਾਬ ਦੀ ਉੱਨਤੀ ਅਤੇ ਤਰੱਕੀ ਲਈ ਉਪਰਾਲੇ ਕੀਤੇ ਜਾਣਗੇ।