ਸ੍ਰੀ ਗੁਰੂ ਰਵਿਦਾਸ ਮੰਦਿਰ ਦੇ ਨਿਰਮਾਣ ਲਈ ਤਿਵਾੜੀ ਵੱਲੋਂ ਬਦਲਵੀਂ ਜਗ੍ਹਾ ਦੀ ਮੰਗ

08/14/2019 2:54:25 PM

ਜਲੰਧਰ (ਚੋਪੜਾ)— ਕਾਂਗਰਸ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦਿੱਲੀ 'ਚ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਨਿਰਮਾਣ ਲਈ ਬਦਲਵੀਂ ਜ਼ਮੀਨ ਦੀ ਮੰਗ ਕੀਤੀ ਹੈ। ਤਿਵਾੜੀ ਨੇ ਇਕ ਬਿਆਨ ਜਾਰੀ ਕਰਦਿਆਂ ਸ਼ਾਂਤੀ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨਵੇਂ ਮੰਦਿਰ ਦੇ ਨਿਰਮਾਣ ਲਈ ਚੰਗੀ ਅਤੇ ਢੁੱਕਵੀਂ ਜ਼ਮੀਨ ਦੀ ਪਛਾਣ ਕਰੇ, ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਭਾਰਤੀ ਜਨਤਾ ਪਾਰਟੀ ਦੇ ਕੰਟਰੋਲ ਵਾਲੀ ਦਿੱਲੀ ਡਿਵੈੱਲਪਮੈਂਟ ਅਥਾਰਟੀ ਨੇ ਮੰਦਿਰ ਨੂੰ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਕਰਨ ਅਤੇ ਬਦਲਵੀਂ ਜ਼ਮੀਨ ਲੱਭਣ ਲਈ ਸ੍ਰੀ ਗੁਰੂ ਰਵਿਦਾਸ ਜਯੰਤੀ ਸਮਾਰੋਹ ਕਮੇਟੀ ਦੇ ਮੈਂਬਰਾਂ ਨੂੰ ਸਮਾਂ ਨਾ ਦਿੰਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ 'ਚ ਅਸਾਧਾਰਨ ਤੇਜ਼ੀ ਦਿਖਾਈ।
ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਕੇਂਦਰ ਸਰਕਾਰ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਪ੍ਰਤੀ ਪੂਰਾ ਸਨਮਾਨ ਦਿਖਾਉਂਦੇ ਹੋਏ ਲੋਕਾਂ ਦੀਆਂ ਭਾਵਨਾਵਾਂ ਦਾ ਧਿਆਨ ਰੱਖਣਾ ਚਾਹੀਦਾ ਸੀ।

ਮੰਦਿਰ ਨੂੰ ਤੋੜਨ ਸਬੰਧੀ ਕਦਮ ਚੁੱਕਣ ਤੋਂ ਪਹਿਲਾਂ ਜ਼ਮੀਨ ਦੀ ਪਛਾਣ ਕਰ ਲੈਣੀ ਚਾਹੀਦੀ ਹੈ। ਇਸੇ ਕ੍ਰਮ ਵਿਚ ਉਹ ਅਤੇ ਉਨ੍ਹਾਂ ਦੀ ਪਾਰਟੀ ਦੇ ਸਾਥੀ ਭਾਰਤ ਸਰਕਾਰ ਕੋਲ ਮੁੱਦਾ ਉਠਾਉਣਗੇ ਅਤੇ ਨਿਸ਼ਚਿਤ ਕਰਨਗੇ ਕਿ ਇਸ ਲਈ ਬਦਲਵੀਂ ਜ਼ਮੀਨ ਮੁਹੱਈਆ ਕਰਵਾਈ ਜਾਵੇ। ਸੰਸਦ ਮੈਂਬਰ ਤਿਵਾੜੀ ਨੇ ਇਸ ਘਟਨਾ ਨੂੰ ਲੈ ਕੇ ਲੋਕਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁੱਦਿਆਂ ਦੀ ਗੰਭੀਰਤਾ ਬਾਰੇ ਧਿਆਨ ਰੱਖਣਾ ਚਾਹੀਦਾ ਹੈ, ਜੋ ਪ੍ਰਸ਼ਾਸਨਿਕ ਪੱਧਰ 'ਤੇ ਸੁਲਝਾਏ ਜਾ ਸਕਦੇ ਹਨ।


shivani attri

Content Editor

Related News